ਚੁੱਪੀ-ਤੋੜੀ: ਦੇਸ਼ ਅੰਦਰ ਵਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ ਅਕਾਲੀ ਦਲ ਕਰੇਗਾ ਰੋਸ ਪ੍ਰਦਰਸ਼ਨ

7 ਜੁਲਾਈ ਨੂੰ ਸੜਕਾਂ ’ਤੇ ਉੱਤਰੇਗਾ ਅਕਾਲੀ ਦਲ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਕੇਂਦਰ ਵਿੱਚ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੀ ਚੁੱਪੀ ਤੋੜਦਿਆਂ ਐਲਾਨ ਕੀਤਾ ਹੈ ਕਿ ਦੇਸ਼ ਅੰਦਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਗੱਲ ਦਾ ਖੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ ਅਕਾਲੀ ਦਲ ਸੜਕਾਂ ’ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰੇਗਾ ਅਤੇ ਇਸ ਦੌਰਾਨ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਜ਼ਰੂਰੀ ਫਾਸਲਾ ਬਣਾ ਕੇ ਰੱਖਣ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।
ਅੱਜ ਆਪਣੇ ਨਿਵਾਸ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਦਿਹਾਤੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 7 ਜੁਲਾਈ ਨੂੰ ਅਕਾਲੀ ਦਲ ਵੱਲੋਂ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਨੂੰ ਨੱਥ ਪਾਉਣ ਲਈ ਜਿੱਥੇ ਕੇਂਦਰ ਸਰਕਾਰ ਨੂੰ ਕਸਟਮ ਡਿਊਟੀ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਉੱਥੇ ਹੀ ਪੰਜਾਬ ਸਰਕਾਰ ਨੂੰ ਤੇਲ ’ਤੇ ਲਗਾਇਆ ਜਾਣ ਵਾਲਾ ਵੈਟ ਘਟਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਤੇਲ ਉੱਤੇ ਲਗਾਏ ਜਾਣ ਵਾਲੇ ਵੈਟ ਨੂੰ ਘੱਟ ਕਰਨ ਲਈ ਅਕਾਲੀ ਦਲ ਵੱਲੋਂ ਦਬਾਅ ਪਾਇਆ ਜਾਵੇਗਾ। ਕਿਉਂਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਪਹਿਲਾਂ ਹੀ ਦੇਸ਼ ਦੀ ਅਰਥ ਵਿਵਸਥਾ ਡਾਵਾਂਡੋਲ ਹੋਈ ਪਈ ਹੈ ਅਤੇ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ। ਅਜਿਹੇ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਲੋੜ ਹੈ।
ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕਮਲਜੀਤ ਸਿੰਘ ਰੂਬੀ, ਸਤਵੀਰ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…