ਕੇਜਰੀਵਾਲ ਨੂੰ ਮੂੰਹ ਬੋਲੀ ਭੈਣ ਨਾਲ ਕੀਤਾ ਵਾਅਦਾ ਚੇਤੇ ਕਰਵਾਉਣ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰੇਗਾ ਅਕਾਲੀ ਦਲ

ਪਹਿਲਾਂ ਪੰਜਾਬੀਆਂ ਨੂੰ ਮੂਰਖ ਬਣਾਇਆ ਤੇ ਹੁਣ ਗੁਜਰਾਤ ਤੇ ਹਿਮਾਚਲ ਵਿੱਚ ਲੋਕਾਂ ਨੂੰ ਗੁਮਰਾਹ ਕਰਨ ਦੇ ਰਹੇ ਨੇ ਆਪ ਲੀਡਰਸ਼ਿਪ

ਬਿਕਰਮ ਮਜੀਠੀਆ ਨੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਪੀਟੀਆਈ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਦੁਖੜਾ ਸੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਦੋ ਅੌਰਤਾਂ ਸਿੱਪੀ ਸ਼ਰਮਾ ਅਤੇ ਵੀਰਪਾਲ ਕੌਰ ਮੁਹਾਲੀ ਏਅਰਪੋਰਟ ਸੜਕ ’ਤੇ ਸਥਿਤ ਪਿੰਡ ਸੋਹਾਣਾ ਦੀ ਪਾਣੀ ਦੀ ਟੈਂਕੀ ਉੱਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੀਆਂ ਹੋਈਆਂ ਹਨ ਜਦੋਂਕਿ ਬਾਕੀ ਸਾਥੀ ਟੈਂਕੀ ਦੇ ਥੱਲੇ ਲੜੀਵਾਰ ਧਰਨੇ ’ਤੇ ਬੈਠੇ ਹਨ। ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕਰਦਿਆਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲੋਕਾਂ ਨੂੰ ਗੁਮਰਾਹ ਕਰਨ ਅਤੇ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਸਾਲ ਪਹਿਲਾਂ ਆਪਣੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨਾਲ ਵਾਅਦਾ ਚੇਤੇ ਕਰਵਾਉਣ ਲਈ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਪੈਦਲ ਰੋਸ ਮਾਰਚ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ’ਤੇ 646 ਪੀਟੀਆਈ ਅਧਿਆਪਕਾਂ ਨੂੰ ਨੌਕਰੀ ਦੇਣ ਲਈ ਦਬਾਅ ਪਾਇਆ ਜਾਵੇਗਾ। ਮਜੀਠੀਆ ਨੇ ਕਿਹਾ ਕਿ ਜਿਹੜਾ ਆਗੂ ਆਪਣੀ ਮੂੰਹ ਬੋਲੀ ਭੈਣ ਨੂੰ ਇਨਸਾਫ਼ ਦੇ ਸਕਦਾ, ਉਸ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਭੈਣ ਅਤੇ ਭਰਾ ਦੇ ਪਵਿੱਤਰ ਰਿਸ਼ਤੇ ਦਾ ਮਖ਼ੌਲ ਉਡਾਇਆ ਹੈ। ਸਾਲ ਪਹਿਲਾਂ ਚੋਣਾਂ ਤੋਂ ਐਨ ਪਹਿਲਾਂ ਕੇਜਰੀਵਾਲ ਇਸ ਥਾਂ ’ਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਧਰਨੇ ’ਤੇ ਆਏ ਸਨ ਅਤੇ ਸਿੱਪੀ ਸ਼ਰਮਾ ਨੂੰ ਭਰਾ ਵਜੋਂ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ। ਹੈਰਾਨੀ ਦੀ ਗੱਲ ਹੈ ਕਿ ਸਿੱਪੀ ਸ਼ਰਮਾ ਨੂੰ ਇਨਸਾਫ਼ ਲਈ ਦੁਬਾਰਾ ਪਾਣੀ ਦੀ ਟੈਂਕੀ ’ਤੇ ਚੜ੍ਹਨਾ ਪਿਆ ਹੈ।
ਇਸ ਮੌਕੇ ਸਿੱਪੀ ਸ਼ਰਮਾ ਨੇ ਮਜੀਠੀਆ ਨੂੰ ਦੱਸਿਆ ਕਿ ਕੁਝ ਪੀਟੀਆਈ ਅਧਿਆਪਕ ਤਾਂ ਮੁੱਖ ਮੰਤਰੀ ਦੇ ਪਿੰਡ ਸਤੋਜ ਤੋਂ ਹਨ ਜੋ ਨਿਆਂ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਸਰਕਾਰ ਨੇ ਪੂਣੀ ਵੀ ਨਹੀਂ ਕੱਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਆਪ ਲੀਡਰਸ਼ਿਪ ਨੇ ਪਹਿਲਾਂ ਪੰਜਾਬੀਆਂ ਨੂੰ ਮੂਰਖ ਬਣਾਇਆ ਅਤੇ ਹੁਣ ਗੁਜਰਾਤ ਤੇ ਹਿਮਾਚਲ ਵਿੱਚ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਜਦੋਂਕਿ ਸਚਾਈ ਕੋਹਾਂ ਦੂਰ ਹੈ। ਹਾਲਾਤ ਇਹ ਹਨ ਕਿ ਜੋ ਕੋਈ ਮੁੱਖ ਮੰਤਰੀ ਤੱਕ ਨਿਆਂ ਲਈ ਪਹੁੰਚ ਕਰਦਾ ਹੈ, ਉਸ ਨੂੰ ਡਾਂਗਾਂ ਨਾਲ ਕੁੱਟਿਆ ਜਾਂਦਾ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸੀਨੀਅਰ ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂਸੰਗਤੀਆਂ ਅਤੇ ਹੋਰ ਆਗੂ ਮੌਜੂਦ ਸਨ।
ਉਧਰ, ਇਸੇ ਦੌਰਾਨ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਅੱਜ ਕੁੱਝ ਸਮੇਂ ਲਈ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਗੁਰਲਾਭ ਸਿੰਘ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …