
ਅਕਾਲੀ ਦਲ ਵੱਲੋਂ ਮੋਰਿੰਡਾ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ
ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘ ਦੀ ਕੁੱਟਮਾਰ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਪੰਥ ਦੋਖੀ ਨੂੰ ਸਖ਼ਤ ਸਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਹੈ।
ਅੱਜ ਇੱਥੇ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਇਹੀ ਕਾਰਨ ਹੈ ਕਿ ਦਿਨ-ਦਿਹਾੜੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕਰਕੇ ਉਸਦੀ ਦਸਤਾਰ ਲਾਹ ਦਿੱਤੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਗਲਾਤਾਰ ਖਰਾਬ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਰੋਕਣ ਲਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਨਿੱਘਰਦੀ ਜਾ ਰਹੀ ਸਥਿਤੀ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਜਿਹੇ ਮੌਕੇ ਆਪਸੀ ਭਾਈਚਾਰਕ ਸਾਂਝ ਮਜਬੂਤ ਬਣਾਉਣ ਅਤੇ ਸ਼ਾਂਤ ਰਹਿਣ ਦੀ ਅਪੀਲ ਕੀਤੀ।