
ਲੋਕਾਂ ਦੇ ਮਸਲੇ ਹੱਲ ਕਰਨ ਲਈ ਸਰਕਾਰ ’ਤੇ ਦਬਾਅ ਬਣਾਏਗਾ ਅਕਾਲੀ ਦਲ: ਸੀਨੀਅਰ ਆਗੂ
ਮੁਹਾਲੀ ਹਲਕੇ ਸਮੇਤ ਸਮੁੱਚੇ ਜ਼ਿਲ੍ਹੇ ’ਚ ਅਕਾਲੀ ਦਲ ਦੀ ਮਜ਼ਬੂਤੀ ਲਈ ਸਿਰਜੋੜ ਕੇ ਬੈਠੇ ਸੀਨੀਅਰ ਆਗੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਅਤੇ ਅਕਾਲੀ ਦਲ ਮੁਹਾਲੀ ਹਲਕੇ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਅਕਾਲੀ ਦਲ (ਵਪਾਰ ਵਿੰਗ) ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਤੇ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁਹਾਲੀ ਹਲਕੇ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਵਧੀਕੀਆਂ ਨਾਲ ਲੋਹਾ ਲੈਣ ਦਾ ਅਹਿਦ ਲਿਆ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਪੰਜਾਬ ਦੀ ਆਪ ਸਰਕਾਰ ’ਤੇ ਚੋਣ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਗਾਉਂਦੇ ਕਿਹਾ ਕਿ ਹੁਕਮਰਾਨ ਲੋਕਾਂ ਨਾਲ ਸਿਰੇ ਦਾ ਧੱਕਾ ਕਰ ਰਹੇ ਹਨ ਪ੍ਰੰਤੂ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਨਾਲ ਖੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਸਰਕਾਰ ’ਤੇ ਦਬਾਅ ਬਣਾਉਣ ਲਈ ਅਕਾਲੀ ਦਲ ਸੜਕਾਂ ’ਤੇ ਉੱਤਰੇਗਾ।
ਵਪਾਰ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਮੁਹਾਲੀ ਵਿੱਚ ਕਿਰਾਏਦਾਰਾਂ ’ਤੇ ਪ੍ਰਾਪਰਟੀ ਟੈਕਸ ਲਾਇਆ ਗਿਆ ਹੈ, ਜਦੋਂਕਿ ਪ੍ਰਾਪਰਟੀ ਟੈਕਸ ਕਿਰਾਏ ਦੀਆਂ ਇਮਾਰਤਾਂ ’ਤੇ ਨਹੀਂ ਲੱਗਣਾ ਚਾਹੀਦਾ, ਕਿਉਂਕਿ ਮਾਲਕ ਪਹਿਲਾਂ ਹੀ ਟੈਕਸ ਅਦਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬੂਥਾਂ ’ਤੇ ਪਹਿਲੀ ਮੰਜ਼ਲ ਦੀ ਉਸਾਰੀ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਲੋਕ ਆਪਣੇ ਕਾਰੋਬਾਰ ਨੂੰ ਹੋਰ ਵਧਾ ਸਕਣ।
ਆਗੂਆਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੀ ਮੁਹਾਲੀ ਦਾ ਵਿਕਾਸ ਹੋਇਆ ਹੈ ਜਦੋਂਕਿ ਪਹਿਲਾਂ ਕਾਂਗਰਸ ਸਰਕਾਰ ਸਮੇਂ ਜਿੱਥੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਸਾਲ ਸੌਂ ਕੇ ਗੁਜ਼ਾਰ ਦਿੱਤੇ, ਉੱਥੇ ਉਨ੍ਹਾਂ ਦੇ ਸਾਥੀ ਮੰਤਰੀ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਵਿੱਚ ਲੱਗੇ ਰਹੇ। ਬੀਬੀ ਲਾਂਡਰਾਂ ਅਤੇ ਬੀਬੀ ਕੰਗ ਨੇ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਵਰਕਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਜਿਨ੍ਹਾਂ ਵਿੱਚ ਅੌਰਤਾਂ ਨੂੰ ਵੀ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ।