
ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ
ਪੰਜਾਬ ਵਿੱਚ 10 ਮਾਰਚ ਨੂੰ ਬਣੇਗੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪਾਰਟੀ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਜ਼ੱਦੀ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ ਅਤੇ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਆ ਰਹੇ ਨਤੀਜਿਆ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਪੂਰੀ ਤਰ੍ਹਾਂ ਆਸਵੰਦ ਹਨ ਕਿ ਚੋਣ ਨਤੀਜੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਆਉਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਹੀ ਬਣੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 6ਵੀਂ ਵਾਰ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਿਹਾ ਹੈ। ਪੀਰ ਮੁਹੰਮਦ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਦੂ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਇਹ ਬਿਆਨ ਪੰਜਾਬ ਵਿੱਚ ਸਦੀਆਂ ਤੋਂ ਇਕੱਠੇ ਰਹਿ ਰਹੇ ਹਿੰਦੂ ਸਿੱਖ ਭਾਈਚਾਰਕ ਸਾਂਝ ਵਿੱਚ ਵੰਡੀਆਂ ਪਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਦੇ ਬਣਦੇ ਸਾਰ ਰਾਜ ਦੇ ਲੋਕਾਂ ਦੇ ਹਿੱਤ ਵਿੱਚ ਇਨਕਲਾਬੀ ਫੈਸਲੇ ਲਏ ਜਾਣਗੇ। ਉਨ੍ਹਾਂ ਨਾਲ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਦੋਹਤੇ ਭਾਈ ਗੁਰਜੀਤ ਸਿੰਘ ਤਲਵੰਡੀ ਵੀ ਹਾਜ਼ਰ ਸਨ।