ਅਕਾਲੀ ਆਗੂਆਂ ਨੇ ਵੀਰਪਾਲ ਕੌਰ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲੀਸ ਨੂੰ ਦਿੱਤੀ ਸ਼ਿਕਾਇਤ

ਜੇਲ੍ਹ ਵਿੱਚ ਸਜਾ ਭੁਗਤ ਰਹੇ ਡੇਰਾ ਮੁਖੀ ਦੀ ਤੁਲਨਾ ਸਿੱਖ ਆਗੂਆਂ ਨਾਲ ਤੁਲਨਾ ਕਰਨ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨ ਮਾਮਲੇ ਵਿੱਚ ਵਿਵਾਦਗ੍ਰਸਤ ਬਿਆਨ ਦੇਣ ਬਾਅਦ ਚਰਚਾ ਵਿੱਚ ਆਈ ਡੇਰੇ ਇਕ ਮਹਿਲਾ ਪੈਰੋਕਾਰ ਵੀਰਪਾਲ ਕੌਰ ਵੱਲੋਂ ਵੱਖ-ਵੱਖ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਜੇਲ੍ਹ ਵਿੱਚ ਸਜਾ ਭੁਗਤ ਰਹੇ ਡੇਰਾ ਮੁਖੀ ਦੀ ਤੁਲਨਾ ਕਥਿਤ ਤੌਰ ’ਤੇ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵੀਰਪਾਲ ਕੌਰ ਕਾਨੂੰਨੀ ਕਾਰਵਾਈ ਲਈ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਵਾਲੇ ਪਾਰਟੀ ਆਗੂਆਂ ਦੇ ਵਫ਼ਦ ਨੇ ਅੱਜ ਸੋਹਾਣਾ ਥਾਣੇ ਵਿੱਚ ਐਸਐਚਓ ਇੰਸਪੈਕਟਰ ਦਲਜੀਤ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਅਤੇ ਡੇਰਾ ਸਿਰਸਾ ਦੀ ਕਾਰਕੁਨ ਵੀਰਪਾਲ ਕੌਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਕੇਸ ਦਰਜ ਕੀਤਾ ਜਾਵੇ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਵੀਰਪਾਲ ਕੌਰ ਨੇ ਡੇਰਾ ਸਿਰਸਾ ਦੇ ਮੁਖੀ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਨਾਲ ਕੀਤੀ ਗਈ ਹੈ। ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਵੱਖ-ਵੱਖ ਅਖ਼ਬਾਰਾਂ ਅਤੇ ਟੈਲੀਵਿਜ਼ਨ ਵਿੱਚ ਦਿਖਾਈ ਗਈ ਇਸ ਖ਼ਬਰ ਨਾਲ ਸਮੂਹ ਨਾਨਕ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ ਅਤੇ ਉਨ੍ਹਾਂ ਦੇ ਹਿਰਦੇ ਵਲੁੰਧਰੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਵੀਰਪਾਲ ਕੌਰ ਦੇ ਖ਼ਿਲਾਫ਼ ਸਿੱਖ ਗੁਰੂਆਂ ਦਾ ਅਪਮਾਨ ਕਰਨ ਅਤੇ ਸਿੱਖ ਕੌਮ ਅਤੇ ਸਮੂਹ ਨਾਨਕ ਨਾਮ ਲੇਵਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ ਅਤੇ ਡੇਰੇ ਦੀ ਮਹਿਲਾ ਕਾਰਕੁਨ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਸ ਨੂੰ ਹਵਾਲਾਤ ਵਿੱਚ ਬੰਦ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੁਸ਼ਾਕ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਅਤੇ ਸਮੁੱਚੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਮੀਡੀਆ ਵਿੱਚ ਕੂੜ ਪ੍ਰਚਾਰ ਕਰਨ ਸਬੰਧੀ ਸਾਜ਼ਿਸ਼ ਨੂੰ ਬੇਨਕਾਬ ਕਰਕੇ ਸਾਰੇ ਇਸ ਸਮੁੱਚੇ ਘਟਨਾਕ੍ਰਮ ਸਬੰਧੀ ਪਿੱਛੇ ਰਹਿ ਕੇ ਸਾਜ਼ਿਸ਼ ਘੜਨ ਵਾਲਿਆਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਬਲਾਕ ਸਮਿਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕਰਮਜੀਤ ਸਿੰਘ, ਗੁਰਪਾਲ ਸਿੰਘ, ਹਰਮਿੰਦਰ ਸਿੰਘ ਅਤੇ ਹੋਰ ਸਰਗਰਮ ਵਰਕਰ ਹਾਜ਼ਰ ਸਨ। ਉਧਰ, ਥਾਣਾ ਮੁਖੀ ਦਲਜੀਤ ਸਿੰਘ ਗਿੱਲ ਨੇ ਅਕਾਲੀ ਆਗੂਆਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ਦੀ ਡੂੰਘਾਈ ਨਾਲ ਪੜਤਾਲ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…