ਅਰਦਾਸ ਦਿਵਸ: ਅਕਾਲੀ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਕੀਤੇ ਜਪੁਜੀ ਸਾਹਿਬ ਦੇ ਪਾਠ

ਸਮੁੱਚੀ ਸੰਗਤ ਅੱਜ ਤੋਂ 27 ਦਸੰਬਰ ਤੱਕ ਗੁਰੂਘਰਾਂ ਜਾਂ ਆਪੋ ਆਪਣੇ ਘਰਾਂ ਵਿੱਚ ਗੁਰਬਾਣੀ ਦਾ ਪਾਠ ਕਰੇ: ਕੈਪਟਨ ਸਿੱਧੂ

ਸਾਹਿਬਜ਼ਾਦਿਆਂ ਵੱਲੋਂ ਨਿੱਕੀਆਂ ਉਮਰਾਂ ਵਿੱਚ ਕੀਤੇ ਗਏ ਵੱਡੇ ਸਾਕੇ ਸਾਡੇ ਲਈ ਪ੍ਰੇਰਨਾ ਸਰੋਤ: ਜਥੇਦਾਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ। ਇਸ ਉਪਰੰਤ ਅਰਦਾਸ ਹੋਈ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਲਈ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਜੀਤ ਸਿੰਘ ਅਤੇ ਜੁਝਾਰ ਸਿੰਘ ਜੀ ਦੀ ਸ਼ਹੀਦੀ ਦੇ ਸਬੰਧ ਵਿਚ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 22 ਦਸੰਬਰ 1704 ਨੂੰ ਦੋਵੇਂ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ ਜੰਗ ਵਿੱਚ ਸਿੱਖ ਕੌਮ ਲਈ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ’ਤੇ ਅੱਜ ਜਪੁਜੀ ਸਾਹਿਬ ਜੀ ਦੇ ਪਾਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ 25 ਤੋਂ 27 ਦਸੰਬਰ ਤੱਕ ਧਾਰਮਿਕ ਅਸਥਾਨਾਂ ਜਾਂ ਆਪੋ ਆਪਣੇ ਘਰਾਂ ਵਿੱਚ ਗੁਰਬਾਣੀ ਪਾਠ ਕੀਤਾ ਜਾਵੇ।
ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁੰਭੜਾ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਕੌਮਾਂ ਖ਼ਤਮ ਹੋ ਜਾਂਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ। ਅੱਜ ਦੇ ਦਿਨ ਚਮਕੌਰ ਸਾਹਿਬ ਦੀ ਜੰਗ ਵਿੱਚ ਨਿੱਕੀਆਂ ਉਮਰਾਂ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹੀਦੀ ਨੂੰ ਸਮੁੱਚੀ ਸਿੱਖ ਕੌਮ ਕੋਟਿ ਕੋਟਿ ਪ੍ਰਣਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ ਹਨ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਬਲਜਿੰਦਰ ਸਿੰਘ ਬੇਦੀ, ਅਮਨਦੀਪ ਸਿੰਘ ਅਬਿਆਣਾ, ਮਨਦੀਪ ਸਿੰਘ ਸੰਧੂ ਅਤੇ ਹੋਰ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …