
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਡੀਸੀ ਦਫ਼ਤਰ ਦੇ ਬਾਹਰ ਮਹਿੰਗਾਈ ਖ਼ਿਲਾਫ਼ ਰੋਸ ਧਰਨਾ
ਨਰਿੰਦਰ ਮੋਦੀ ਤੇ ਕੈਪਟਨ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਵਧੀ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜ਼ਿਲ੍ਹਾ ਮੁਹਾਲੀ ਜਥੇਬੰਦੀ ਨੇ ਅੱਜ ਸੀਨੀਅਰ ਆਗੂ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਲਗਾਤਾਰ ਵਧ ਰਹੀ ਮਹਿੰਗਾਈ ਖ਼ਿਲਾਫ਼ ਡੀਸੀ ਦਫ਼ਤਰ ਬਾਹਰ ਰੋਸ ਧਰਨਾ ਦਿੱਤਾ। ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਪਰੰਤ ਡੀਸੀ ਰਾਹੀਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ।
ਇਸ ਮੌਕੇ ਬੋਲਦਿਆਂ ਜਥੇਦਾਰ ਬਡਾਲੀ ਅਤੇ ਬੱਬੀ ਬਾਦਲ ਨੇ ਕਿਹਾ ਕਿ ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਗਰੀਬ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਹੋ ਗਏ ਅਤੇ ਤੇਲ ਕੀਮਤਾਂ ਨਾਲ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ। ਰਸੋਈ ਗੈਸ ਅਤੇ ਤੇਲ ਦੀਆਂ ਕੀਮਤਾਂ ਵਧਣ ਦਾ ਸਿੱਧਾ ਅਸਰ ਆਮ ਲੋਕਾਂ ਉੱਤੇ ਪਿਆ ਹੈ ਕਿਉਂਕਿ ਇਸ ਨਾਲ ਬੱਸ ਤੇ ਟੈਕਸੀ ਦੇ ਭਾੜੇ ਵਿੱਚ ਵਾਧਾ ਹੋਇਆ ਹੈ ਅਤੇ ਦਿਨ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਕਾਫੀ ਵਧ ਗਈਆਂ ਹਨ। ਦੋਵੇਂ ਪਾਰਟੀ ਸ਼ੁਰੂ ਤੋਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੀ ਆ ਰਹੀਆਂ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਲੋਕਾਂ ਤੋਂ ਵਾਧੂ ਟੈਕਸ ਵਸੂਲੇ ਜਾ ਰਹੇ ਹਨ। ਜਿਸ ਕਾਰਨ ਮਹਿੰਗਾਈ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਦੀ ਅਸਲ ਕੀਮਤ 35.50 ਰੁਪਏ ਹੈ ਪ੍ਰੰਤੂ ਇਸ ’ਤੇ ਪੰਜਾਬ ਸਰਕਾਰ ਵੱਲੋਂ 41.55 ਰੁਪਏ ਅਤੇ 19.50 ਰੁਪਏ ਟੈਕਸ ਲਿਆ ਜਾ ਰਿਹਾ ਹੈ।
ਇਸ ਮੌਕੇ ਬੱਬੀ ਬਾਦਲ ਨੇ ਪ੍ਰਧਾਨ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਇਸ ਤਾਨਾਸ਼ਾਹੀ ਆਗੂ ਨੂੰ ਲੋਕਾਂ ਦੀ ਭਾਵਨਾਵਾਂ ਦੀ ਬਿਲਕੁਲ ਵੀ ਕਦਰ ਨਹੀਂ ਹੈ ਅਤੇ ਦੇਸ਼ ਵਾਸੀਆਂ ’ਤੇ ਜ਼ਬਰਦਸਤੀ ਨਾਲ ਫੈਸਲੇ ਥੋਪੇ ਜਾ ਰਹੇ ਹਨ। ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੁਰਾ ਕਰਨ ਵਾਲਾ ਪੰਜਾਬ ਦਾ ਕਿਸਾਨ ਅੱਜ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਤੇਲ ਕੀਮਤਾਂ ਅਤੇ ਰਸੋਈ ਗੈਸ ਦੀ ਕੀਮਤ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ, ਨਹੀਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਅਰਜਨ ਸਿੰਘ ਸ਼ੇਰਗਿੱਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਝਿੰਗੜਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਡਾ. ਮੇਜਰ ਸਿੰਘ, ਗੁਰਮੇਲ ਸਿੰਘ ਮੱਜੋਵਾਲ, ਅਮਨਿੰਦਰ ਸਿੰਘ, ਗਗਨਪ੍ਰੀਤ ਸਿੰਘ ਬੈਂਸ, ਉੱਜਲ ਸਿੰਘ ਲੌਂਗੀਆਂ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਦੇਵ ਸਿੰਘ, ਇਕਬਾਲ ਸਿੰਘ, ਸੁਰਿੰਦਰ ਸਿੰਘ ਕੰਡਾਲਾ, ਲਖਵੀਰ ਸਿੰਘ, ਕਰਤਾਰ ਸਿੰਘ, ਮੇਜਰ ਸਿੰਘ, ਹਰਜੀਤ ਸਿੰਘ ਜਗੀਰਦਾਰ, ਪਰਮਜੀਤ ਸਿੰਘ, ਰਮਨਦੀਪ ਸਿੰਘ ਪ੍ਰਧਾਨ, ਗੁਰਮੀਤ ਸਿੰਘ ਸਾਟੂ, ਰਣਧੀਰ ਸਿੰਘ ਧੀਰਾ, ਕਮਲਜੀਤ ਸਿੰਘ, ਬਲਬੀਰ ਸਿੰਘ, ਯੂਥ ਆਗੂ ਜਗਤਾਰ ਸਿੰਘ ਘੜੂੰਆਂ, ਰਣਜੀਤ ਸਿੰਘ ਬਰਾੜ, ਮਨਪ੍ਰੀਤ ਸਿੰਘ, ਅਮਰ ਸਿੰਘ ਰੁੜਕਾ, ਸੰਤੋਖ ਸਿੰਘ, ਚਰਨਜੀਤ ਸਰਪੰਚ, ਦਵਿੰਦਰ ਸਿੰਘ, ਬੀਰਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਸੇਠੀ, ਗਿਰਧਾਰੀ ਲਾਲ, ਕੰਵਲਜੀਤ ਸਿੰਘ ਪੱਤੋਂ, ਸਿਮਰਨਜੀਤ ਸਿੰਘ, ਹਰਚੇਤ ਸਿੰਘ, ਜਵਾਲਾ ਸਿੰਘ, ਤਰਲੋਕ ਸਿੰਘ,ਬੀਬੀ ਮਨਜੀਤ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਸਤਿੰਦਰ ਕੌਰ, ਆਦਿ ਹਾਜ਼ਰ ਸਨ।