
ਸੁਖਬੀਰ ਬਾਦਲ ਦੇ ਦੁਬਾਰਾ ਪ੍ਰਧਾਨ ਬਣਨ ’ਤੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ ਤੇ ਭੰਗੜੇ ਪਾਏ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਭਰੋਸਾ ਪ੍ਰਗਟਾਇਆ
ਸੋਸ਼ਲ ਮੀਡੀਆ ’ਤੇ ਸੁਖਬੀਰ ਬਾਦਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਹੜ੍ਹ ਆਇਆ
ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਦੀ ਖ਼ੁਸ਼ੀ ਵਿੱਚ ਪਾਰਟੀ ਵਰਕਰਾਂ ਨੇ ਅੱਜ ਮੁਹਾਲੀ ਵਿੱਚ ਲੱਡੂ ਵੰਡੇ ਅਤੇ ਢੋਲ ਵਜਾ ਕੇ ਭੰਗੜੇ ਪਾਏ। ਇਸ ਤੋਂ ਪਹਿਲਾਂ ਵਰਕਰਾਂ ਨੇ ਪਾਰਟੀ ਦਫ਼ਤਰ ਵਿੱਚ ਬੈਠ ਕੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਟੀਵੀ ਸਕਰੀਨ ’ਤੇ ਦੇਖਿਆ। ਜਿਵੇਂ ਹੀ ਸੁਖਬੀਰ ਨੂੰ ਮੁੜ ਪ੍ਰਧਾਨ ਚੁਣੇ ਜਾਣ ਦਾ ਐਲਾਨ ਹੋਇਆ ਤਾਂ ਵਰਕਰਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।
ਸ਼ਮਸ਼ੇਰ ਪੁਰਖਾਲਵੀ, ਨੰਬਰਦਾਰ ਹਰਵਿੰਦਰ ਸਿੰਘ, ਸਤਨਾਮ ਸਿੰਘ ਗਿੱਲ ਲਾਂਡਰਾਂ ਅਤੇ ਸੁਰਜੀਤ ਸਿੰਘ ਰਾਜਾ ਪ੍ਰਧਾਨ ਚੰਡੀਗੜ੍ਹ ਨੇ ਢੋਲੀ ਨੂੰ ਸੱਦ ਕੇ ਪਾਰਟੀ ਦਫ਼ਤਰ ਦੇ ਬਾਹਰ ਭੰਗੜਾ ਪਾਇਆ ਅਤੇ ਲੱਡੂ ਵੰਡੇ। ਜੈਕਾਰੇ ਛੱਡ ਕੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਭਰੋਸਾ ਪ੍ਰਗਟਾਇਆ। ਉਧਰ, ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅੱਜ ਸੁਖਬੀਰ ਬਾਦਲ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਹੜ੍ਹ ਜਿਹਾ ਆ ਗਿਆ। ਪਾਰਟੀ ਦੇ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੁਖਬੀਰ ਨਾਲ ਆਪਣੀਆਂ ਫੋਟੋਆਂ ਅਪਲੋਡ ਕਰਕੇ ਬਾਦਲ ਪਰਿਵਾਰ ਦੇ ਨਾਲ ਖੜੇ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਆਬਜ਼ਰਵਰ ਕੁਲਦੀਪ ਕੌਰ ਕੰਗ, ਹਰਜੀਤ ਸਿੰਘ ਭੁੱਲਰ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਅਮਨ ਪੂਨੀਆ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਤਰਸੇਮ ਸਿੰਘ ਗੰਦੋਂ ਨੇ ਕਿਹਾ ਕਿ ਪ੍ਰਧਾਨ ਦੀ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡੀ ਸੀ। ਜੇਕਰ ਸੂਬੇ ਦੇ ਲੋਕ ਹੁਣ ਵੀ ਮੌਕਾ ਦੇਣ ਤਾਂ ਪੰਜਾਬ ਦੀ ਨੁਹਾਰ ਬਦਲੀ ਜਾ ਸਕਦੀ ਹੈ। ਸੁਖਬੀਰ ਨੂੰ ਪ੍ਰਧਾਨ ਚੁਣਨ ਲਈ ਉਨ੍ਹਾਂ ਨੇ ਸਮੁੱਚੀ ਲੀਡਰਸ਼ਿਪ ਅਤੇ ਸੂਬਾ ਡੈਲੀਗੇਟਾਂ ਦਾ ਧੰਨਵਾਦ ਕੀਤਾ ਅਤੇ ਸੁਖਬੀਰ ਬਾਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਲਿਆ।
ਇਸੇ ਦੌਰਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਬੀਬਾ ਜਸਬੀਰ ਕੌਰ ਜੱਸੀ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ, ਪਰਮਜੀਤ ਸਿੰਘ ਕਾਹਲੋਂ, ਜਸਵਿੰਦਰ ਸਿੰਘ ਜੱਸੀ ਥੂਹਾ, ਬਲਵਿੰਦਰ ਸਿੰਘ ਲਖਨੌਰ, ਕੈਪਟਨ ਰਮਨਦੀਪ ਸਿੰਘ ਬਾਵਾ ਨੇ ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਜ਼ਿੱਦ ਛੱਡ ਕੇ ਇੱਕ ਝੰਡੇ ਥੱਲੇ ਇਕੱਠਾ ਹੋਣ ਤਾਂ ਜੋ ਪੰਜਾਬ ਅਤੇ ਪੰਥ ਦੇ ਭਲੇ ਲਈ ਸਾਂਝੀ ਲੜਾਈ ਲੜੀ ਜਾ ਸਕੇ।