ਅਕਾਲੀ ਵਰਕਰਾਂ ਦੇ ਪੰਜਾਬ ਦੇ ਭਖਦੇ ਮੁੱਦਿਆਂ ’ਤੇ ਡੀਸੀ ਦਫ਼ਤਰ ਬਾਹਰ ਰੋਸ ਵਿਖਾਵਾ

ਆਗੂਆਂ ਨੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਦੇ ਆਗੂਆਂ ਨੇ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਸੋਮਵਾਰ ਨੂੰ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦੇ ਬਾਹਰ ਰੋਸ ਵਿਖਾਵਾ ਕੀਤਾ ਅਤੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਭੇਜਿਆ। ਸਾਬਕਾ ਵਿਧਾਇਕ ਐਨਕੇ ਸ਼ਰਮਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਰਣਜੀਤ ਸਿੰਘ ਗਿੱਲ ਅਤੇ ਕਮਲਜੀਤ ਸਿੰਘ ਰੂਬੀ ਦੀ ਸਾਂਝੀ ਅਗਵਾਈ ਹੇਠ ਸਾਰੇ ਵਿੰਗਾਂ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਇਕਸੁਰ ਵਿੱਚ ਮੰਗ ਕੀਤੀ ਕਿ ਪੰਜਾਬ ਅਤੇ ਦਿੱਲੀ ਦਾ ਨੌਲਜ ਸ਼ੇਅਰਿੰਗ ਸਮਝੌਤਾ ਰੱਦ ਕੀਤਾ ਜਾਵੇ, ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ, ਕਣਕ ਦਾ ਮੁਆਵਜ਼ਾ, ਕਾਨੂੰਨ ਵਿਵਸਥਾ ਅਤੇ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤਾਂ ਘਟਾਈਆਂ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦਾ ਕਾਫ਼ੀ ਬੁਰਾ ਹਾਲ ਹੈ। ਕਿਸਾਨ, ਇੰਡਸਟਰੀ, ਦੁਕਾਨਦਾਰ, ਛੋਟੇ ਵਪਾਰੀ ਅਤੇ ਘਰੇਲੂ ਖਪਤਕਾਰ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਬਿਜਲੀ ’ਤੇ ਨਿਰਭਰ ਕਾਰੋਬਾਰੀਆਂ ਦਾ ਕੰਮ ਠੱਪ ਹੋਣ ਕੰਢੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੰਜਾਬ ਸਰਪਲੱਸ ਬਿਜਲੀ ਸੂਬਾ ਸੀ ਪਰ ਪਹਿਲਾਂ ਪੰਜ ਸਾਲ ਕਾਂਗਰਸ ਸਰਕਾਰ ਦੀਆਂ ਮਾੜੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਨੂੰ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਮੌਜੂਦਾ ਆਪ ਸਰਕਾਰ ਦੇ ਮਹਿਜ਼ ਦੋ ਕੁ ਮਹੀਨਿਆਂ ਦੇ ਸ਼ਾਸਨ ਨੇ ਸੂਬੇ ਦਾ ਬੁਰਾ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਚਾਨਕ ਗਰਮੀ ਵਧਣ ਕਾਰਨ ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪਰਵਿੰਦਰ ਸਿੰਘ ਬੈਦਵਾਨ, ਚਰਨਜੀਤ ਸਿੰਘ ਕਾਲੇਵਾਲ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਜਿਸ ਦਿਨ ਤੋਂ ਆਪ ਸਰਕਾਰ ਬਣੀ ਹੈ, ਉਸ ਦਿਨ ਤੋਂ ਲੈ ਕੇ ਹੁਣ ਤੱਕ ਕਾਨੂੰਨ ਦੀ ਸਥਿਤੀ ਬੇਹੱਦ ਨਿੱਘਰ ਚੁੱਕੀ ਹੈ। ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਅਤੇ ਸਟਰੀਟ ਕਰਾਈਮ ਦੀਆਂ ਵਾਰਦਾਤਾਂ ਅਖ਼ਬਾਰਾਂ ਦੀਆਂ ਸੁਰਖੀਆ ਬਣ ਰਹੀਆਂ ਹਨ ਅਤੇ ਸਿਆਸੀ ਬਦਲਾਖੋਰੀ ਤਹਿਤ ਵਿਰੋਧੀਆਂ ’ਤੇ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੇ ਆਪ ਸਰਕਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ, ਸਰਬਜੀਤ ਸਿੰਘ ਪਾਰਸ, ਅਰਵਿੰਦਰ ਸਿੰਘ ਕੰਗ, ਰਵਿੰਦਰ ਸਿੰਘ ਖੇੜਾ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਸਤਨਾਮ ਸਿੰਘ ਲਾਂਡਰਾਂ, ਜਸਪਾਲ ਸਿੰਘ, ਕਸ਼ਮੀਰ ਕੌਰ, ਹਰਪਾਲ ਸਿੰਘ ਬਰਾੜ ਸਰਕਲ ਪ੍ਰਧਾਨ, ਜਗਦੀਸ਼ ਸਿੰਘ ਸਰਾਓ, ਗੁਰਪ੍ਰੀਤ ਸਿੰਘ ਸਿੱਧੂ, ਨਿਰਮਲ ਸਿੰਘ ਮਾਣਕਮਾਜਰਾ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…