nabaz-e-punjab.com

ਬਰਗਾੜੀ ਕਾਂਡ ਬਾਅਦ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਪੜਤਾਲ ਲਈ ਗਠਿਤ ‘ਸਿੱਟ’ ਵੱਲੋਂ ਬਾਦਲ ਪਿਓ-ਪੁੱਤਰ ਅਤੇ ਅਕਸ਼ੈ ਕੁਮਾਰ ਤਲਬ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਨਵੰਬਰ:
ਬਰਗਾੜੀ ਬੇਅਦਬੀ ਮਾਮਲੇ ਬਾਅਦ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਪੁੱਛ ਪੜਤਾਲ ਲਈ ਬਾਦਲ ਪਿਓ-ਪੁੱਤਰ ਅਤੇ ਅਦਾਕਾਰ ਅਕਸ਼ੈ ਕੁਮਾਰ ਨੂੰ ਅਗਲੇ ਹਫ਼ਤੇ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਗਏ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 19 ਨਵੰਬਰ ਅਤੇ ਅਕਸ਼ੈ ਕੁਮਾਰ ਨੂੰ 21 ਨਵੰਬਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਪੀ. (ਓ.ਸੀ.ਸੀ.ਯੂ.) ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਨ੍ਹਾਂ ਤਿੰਨਾਂ ਨੂੰ ਵੱਖਰੇ ਤੌਰ ‘ਤੇ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੰਮਨ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਹਨ, ਜਿਸ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਸ਼ਹਿਰੀ ਥਾਣੇ ਵਿੱਚ ਮਿਤੀ 07.08.2018 ਨੂੰ ਆਈਪੀਸੀ ਦੀ ਧਾਰਾ 307, 323, 341, 148, 149 ਅਤੇ ਆਰਮਜ਼ ਐਕਟ ਦੀ ਧਾਰਾ 27 ਤਹਿਤ ਐਫ.ਆਈ.ਆਰ. ਨੰਬਰ. 129 ਦਰਜ ਹੈ। ਇਹ ਸੰਮਨ ਸੀ.ਆਰ.ਪੀ.ਸੀ. ਦੀ ਧਾਰਾ 160 ਤਹਿਤ ਜਾਰੀ ਕੀਤੇ ਗਏ ਹਨ ਅਤੇ ਇਹ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਵਿੱਚ ਹਾਜ਼ਰੀ ਨਾਲ ਸਬੰਧਤ ਹਨ। ਇਨ੍ਹਾਂ ਸੰਮਨਾਂ ਮੁਤਾਬਕ ” ਉੱਪਰ ਦੱਸੇ ਗਏ ਅਪਰਾਧ ਦੀ ਜਾਂਚ ਵਿੱਚ ਇਨ੍ਹਾਂ ਵਿਅਕਤੀਆਂ ਦੀ ਮੌਜੂਦਗੀ ਜ਼ਰੂਰੀ ਹੈ” ਅਤੇ ਤਲਬ ਕੀਤੇ ਇਨ੍ਹਾਂ ਵਿਅਕਤੀਆਂ ਨੂੰ ‘ਇਸ ਕਥਿਤ ਅਪਰਾਧ ਸਬੰਧੀ ਜਾਣਕਾਰੀ, ਜੋ ਉਨ੍ਹਾਂ ਕੋਲ ਹੋ ਸਕਦੀ ਹੈ, ਦੇਣ ਦੀ ਲੋੜ ਹੈ’। ਇਸ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਜਤਿੰਦਰ ਜੈਨ (ਬਠਿੰਡਾ ਦੇ ਤਤਕਾਲੀ ਆਈ.ਜੀ.), ਆਈ.ਜੀ.ਪੀ. ਪਰਮਰਾਜ ਸਿੰਘ ਉਮਰਾਨੰਗਲ (ਲੁਧਿਆਣਾ ਦੇ ਤਤਕਾਲੀ ਕਮਿਸ਼ਨਰ), ਆਈ.ਜੀ.ਪੀ. ਅਮਰ ਸਿੰਘ ਚਾਹਲ (ਤਤਕਾਲੀ ਡੀ.ਆਈ.ਜੀ. ਫਿਰੋਜ਼ਪੁਰ ਰੇਂਜ), ਐਮ.ਐਸ.ਜੱਗੀ (ਤਤਕਾਲੀ ਡਿਪਟੀ ਕਮਿਸ਼ਨਰ ਫਰੀਦਕੋਟ), ਐਸ.ਐਸ. ਮਾਨ (ਫਰੀਦਕੋਟ ਦੇ ਤਤਕਾਲੀ ਐਸ.ਐਸ.ਪੀ.), ਵੀ.ਕੇ. ਸਿਆਲ (ਫਰੀਦਕੋਟ ਦੇ ਤਤਕਾਲੀ ਐਸਡੀਐਮ) ਅਤੇ ਕੋਟਕਪੂਰਾ ਦੇ ਤਤਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਪੁੱਛ ਪੜਤਾਲ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 50 ਹੋਰ ਵਿਅਕਤੀਆਂ ਅਤੇ 30 ਤੋਂ ਵੱਧ ਜੂਨੀਅਰ ਰੈਂਕ ਦੇ ਪੁਲੀਸ ਅਧਿਕਾਰੀਆਂ ਤੋਂ ਵੀ ਪੁੱਛ ਪੜਤਾਲ ਕੀਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਬਾਰੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਸਾਲ ਸਤੰਬਰ ਵਿੱਚ ਇਹ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਸੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…