nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ

419 ਪੋਲਿੰਗ ਬੂਥਾਂ ’ਤੇ ਸਵੇਰੇ 8 ਤੋਂ ਲੈ ਕੇ ਸ਼ਾਮ ਨੂੰ 4 ਵਜੇ ਤੱਕ ਹੋਵੇਗਾ ਮਤਦਾਨ, ਲੋਕਾਂ ’ਚ ਭਾਰੀ ਉਤਸ਼ਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਲਕੇ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣਾਂ ਨੂੰ ਅਮਨ ਅਮਾਨ, ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਕਰਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਦੇ ਨਾਜ਼ੁਕ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਜਿਲ੍ਹੇ ਦੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈ ਤੋਂ ਕਰਨ ਦੀ ਅਪੀਲ ਵੀ ਕੀਤੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੋਣਾਂ ਲਈ 419 ਬੂਥ ਬਣਾਏ ਗਏ ਹਨ। ਜਿਨ੍ਹਾਂ ਤੇ 2100 ਚੋਣ ਅਮਲੇ ਦੇ ਮੁਲਾਜਮ ਆਪਣੀ ਡਿਊਟੀ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਕਿ ਉਹ ਚੋਣ ਡਿਊਟੀ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤਣ ਸਗੋਂ ਆਪਣੀ ਡਿਊਟੀ ਤਨਦੇਹੀ ਅਤੇ ਨਿਰਪੱਖ ਹੋ ਕੇ ਨਿਭਾਉਣ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਸਮੇਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਤਿੱਖੀ ਨਜ਼ਰ ਹੋਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸ਼ਰਾਰਤੀ ਅਨਸਰਾਂ ਤੇ ਵੀ ਪੈਂਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਅਮਨ ਅਮਾਨ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਪੂਰਾ-ਪੂਰਾ ਸਹਿਯੋਗ ਦੇਣ ਤਾਂ ਜੋ ਚੋਣਾਂ ਦਾ ਕੰਮ ਨਿਰਵਿਘਨ ਤਰੀਕੇ ਨਾਲ ਸਪੰਨ ਹੋ ਸਕੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪਾਈਆਂ ਜਾ ਸਕਣਗੀਆਂ ਅਤੇ ਪ੍ਰਸ਼ਾਸਨ ਵਲੋਂ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਵੋਟਰ ਨੂੰ ਪੋਲਿੰਗ ਬੂਥ ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2 ਲੱਖ 74 ਹਜ਼ਾਰ 894 ਦੇ ਕਰੀਬ ਵੋਟਰ ਹਨ ਜਿਨ੍ਹਾਂ ਵਿਚ 1 ਲੱਖ 49 ਹਜ਼ਾਰ 676 ਮਰਦ ਅਤੇ 1 ਲੱਖ 27 ਹਜ਼ਾਰ 218 ਦੇ ਕਰੀਬ ਅੌਰਤਾਂ ਵੋਟਰ ਸ਼ਾਮਿਲ ਹਨ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨ ਤਿੰਨ ਪੰਚਾਇਤ ਸੰਮਤੀਆਂ ਡੇਰਾਬਸੀ, ਖਰੜ ਅਤੇ ਮਾਜਰੀ ਦੇ ਕੁੱਲ 63 ਜੋਨ ਹਨ ਜਦਕਿ ਖਰੜ ਬਲਾਕ ਸੰਮਤੀ ਤੋਂ ਇਕ ਮੈਂਬਰ ਨਿਰਵਿਰੋਧ ਚੁਣਿਆ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਲਈ 23 ਅਤੇ ਬਲਾਕ ਸੰਮਤੀਆਂ ਲਈ ਹੁਣ 150 ਉਮੀਦਵਾਰ ਚੋਣ ਮੈਦਾਨ ਵਿਚ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…