ਮੁਹਾਲੀ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ: ਡੀਸੀ ਆਸ਼ਿਕਾ ਜੈਨ

ਮੰਡੀਆਂ ਵਿੱਚ ਕਿਸਾਨਾਂ ਦੀ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ’ਤੇ ਜ਼ੋਰ

ਮੰਡੀਆਂ ਵਿੱਚ ਫ਼ਸਲ ਦੀ ਗੈਰ-ਕਾਨੂੰਨੀ ਆਵਾਜਾਈ ਰੋਕਣ ਲਈ ਪੰਜ ਮੋਬਾਈਲ ਫਲਾਇੰਗ ਸਕੂਐਡ ਸਥਾਪਿਤ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਮੁਹਾਲੀ ਪ੍ਰਸ਼ਾਸਨ ਵੱਲੋਂ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ 17 ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਖ਼ਰੀਦ ਏਜੰਸੀਆਂ, ਆੜ੍ਹਤੀਆਂ ਅਤੇ ਟਰਾਂਸਪੋਰਟੇਸ਼ਨ ਠੇਕੇਦਾਰਾਂ ਨਾਲ ਵੱਖ-ਵੱਖ ਮੀਟਿੰਗਾਂ ਵਿੱਚ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਅਤੇ ਭੁਗਤਾਨ ਕਰਨ ’ਤੇ ਜ਼ੋਰ ਦਿੱਤਾ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਸਾਰੀਆਂ ਏਜੰਸੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੀਜ਼ਨ ਦੌਰਾਨ 1.70 ਲੱਖ ਮੀਟਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਿਹਾ ਕਿ ਉਹ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਸ਼ਹਿਰੀਕਰਨ ਕਾਰਨ ਪੁਰਾਣੀਆਂ ਮੰਡੀਆਂ ਵਿੱਚ ਥਾਂ ਦੀ ਘਾਟ, ਟਰੈਫ਼ਿਕ ਸਮੱਸਿਆ ਅਤੇ ਹੋਰ ਸਮੱਸਿਆਵਾਂ ਦਾ ਧਿਆਨ ਰੱਖਣ। ਡੀਸੀ ਨੇ ਐਸਪੀ (ਟਰੈਫ਼ਿਕ) ਐਚਐਸ ਮਾਨ ਨੂੰ ਡੇਰਾਬੱਸੀ ਅਤੇ ਬਨੂੜ ਮੰਡੀਆਂ ਵਿੱਚ ਆਵਾਜਾਈ ਸਮੱਸਿਆਵਾਂ ਦਾ ਜਾਇਜ਼ਾ ਲੈਣ ਦੇ ਆਦੇਸ਼ ਦਿੱਤੇ।
ਐਸਡੀਐਮ ਡੇਵੀ ਗੋਇਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਖਰੜ ਅਤੇ ਕੁਰਾਲੀ ਦੇ ਆੜ੍ਹਤੀਆਂ ਨਾਲ ਮੀਟਿੰਗਾਂ ਕਰਨ ਦੀ ਜ਼ਿੰਮੇਵਾਰੀ ਸੌਂਪੀ ਤਾਂ ਜੋ ਇਨ੍ਹਾਂ ਮੰਡੀਆਂ ਵਿੱਚ ਥਾਂ ਦੀ ਕਮੀ ਨੂੰ ਹੱਲ ਕੀਤਾ ਜਾ ਸਕੇ। ਡੀਐਫ਼ਐਸਸੀ ਡਾ. ਨਵਰੀਤ ਨੇ ਬਾਰਦਾਨੇ ਦੇ ਢੁਕਵੇਂ ਸਟਾਕ ਬਾਰੇ ਡੀਸੀ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਏਜੰਸੀਆਂ ਕੋਲ ਬਾਰਦਾਨੇ ਦਾ 93 ਫੀਸਦੀ ਤੋਂ ਵੱਧ ਸਟਾਕ ਮੌਜੂਦ ਹੈ।
ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅੰਤਰਰਾਜੀ ਗੈਰ-ਕਾਨੂੰਨੀ ਢੋਆ-ਢੁਆਈ ’ਤੇ ਸਖ਼ਤ ਨਜ਼ਰ ਰੱਖਣ। ਇਸ ਸਬੰਧੀ ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਪੰਜ ਮੋਬਾਈਲ ਫਲਾਇੰਗ ਸਕੂਐਡ ਬਣਾਏ ਗਏ ਹਨ। ਇਸ ਤੋਂ ਇਲਾਵਾ ਹੋਰ ਮੋਬਾਈਲ ਫਲਾਇੰਗ ਸਕੂਐਡ ਬਣਾਉਣ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀ ਬੋਰਡ ਵੱਲੋਂ ਪਾਇਲਟ ਆਧਾਰ ’ਤੇ ਮੰਡੀਆਂ ਵਿੱਚ ਕਿਸਾਨਾਂ ਦੀ ਬਾਇਓ ਮੀਟਰਿਕ ਪ੍ਰਮਾਣਿਕਤਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਮੰਡੀਆਂ ਵਿੱਚ ਥਾਂ ਦੀ ਘਾਟ ਤੋਂ ਬਚਣ ਲਈ ਮੰਡੀਆਂ ਵਿੱਚ ਸੁੱਕੀ ਅਤੇ ਪੂਰੀ ਤਰ੍ਹਾਂ ਪੱਕ ਚੁੱਕੀ ਫ਼ਸਲ ਦੀ ਆਮਦ ਕਰਵਾਉਣ ’ਤੇ ਜ਼ੋਰ ਦਿੱਤਾ।
ਡੀਸੀ ਨੇ ਆੜ੍ਹਤੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਨਿਰਵਿਘਨ ਝੋਨੇ ਦੀ ਖ਼ਰੀਦ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਢੋਆ-ਢੁਆਈ ਦੇ ਠੇਕੇਦਾਰਾਂ ਨੂੰ ਨਾਲੋ-ਨਾਲ ਝੋਨਾ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਲਿਫ਼ਟਿੰਗ ਦੀ ਕੋਈ ਦਿੱਕਤ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…