ਸਮੂਹ ਅਧਿਕਾਰੀਆਂ ਨੂੰ ਸੂਚਨਾ ਦਾ ਅਧਿਕਾਰ ਐਕਟ ਤੋਂ ਜਾਗਰੂਕ ਹੋਣਾ ਜਰੂਰੀ: ਸ੍ਰੀਮਤੀ ਸਪਰਾ

ਮੈਗਸੀਪਾ ਵੱਲੋਂ ਕਰਵਾਏ ਜਾਣ ਵਾਲੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੈਗਸੀਪਾ ਵੱਲੋਂ ਆਰਟੀਆਈ ਤੇ ਕਰਵਾਏ ਜਾਣ ਵਾਲੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਸਮੂਹ ਅਧਿਕਾਰੀਆਂ ਨੂੰ ਸੂਚਨਾ ਦਾ ਅਧਿਕਾਰ ਐਕਟ ਤੋਂ ਜਾਗਰੂਕ ਹੋਣਾ ਜਰੂਰੀ ਹੈ। ਮੈਗਸੀਪਾ ਵੱਲੋਂ ਕਰਵਾਏ ਜਾਣ ਵਾਲੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾਂ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟਰੇਸ਼ਨ ਪੰਜਾਬ (ਮੈਗਸੀਪਾ) ਵੱਲੋਂ ਸੂਚਨਾ ਦਾ ਅਧਿਕਾਰ ਐਕਟ-2005 ਅਧੀਨ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਲੋਕ ਸੂਚਨਾ ਅਫਸਰਾਂ, ਸਹਾਇਕ ਲੋਕ ਸੂਚਨਾ ਅਫਸਰਾਂ ਤੇ ਐਕਟ ਨਾਲ ਸਬੰਧਤ ਕਰਮਚਾਰੀਆਂ ਵਿੱਚ ਐਕਟ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਕੀਤੇ ਦੋ ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਕੀਤਾ।
ਸ੍ਰੀਮਤੀ ਸਪਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਚਨਾ ਦਾ ਅਧਿਕਾਰ ਐਕਟ ਦੇ ਲਾਗੂ ਹੋਣ ਨਾਲ ਜਿਥੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਵਧੀ ਹੈ ਉਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਵਾਬਦੇਹੀ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫਸਰਾਂ ਤੇ ਸਹਾਇਕ ਲੋਕ ਸੂਚਨਾ ਅਫਸਰਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਉਨ੍ਹਾਂ ਲਈ ਕਾਫੀ ਸਹਾਈ ਸਿੱਧ ਹੋਣਗੇ ਅਤੇ ਉਨ੍ਹਾਂ ਨੂੰ ਇਸ ਸਿਖਲਾਈ ਉਪਰੰਤ ਆਰ.ਟੀ.ਆਈ. ਦੇ ਕੇਸਾਂ ਨਾਲ ਨਜਿੱਠਣ ਵਿੱਚ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਐਕਟ ਸਬੰਧੀ ਜੋ ਕੁਝ ਉਨ੍ਹਾਂ ਨੂੰ ਪਤਾ ਨਹੀਂ ਉਸ ਬਾਰੇ ਜਰੂਰ ਜਾਣੂ ਹੋਣ ਅਤੇ ਸੂਚਨਾਂ ਦੇਣ ਸਬੰਧੀ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ ਪ੍ਰਤੀ ਸਮੂਹ ਅਧਿਕਾਰੀਆਂ ਦਾ ਸੂਚਨਾ ਦਾ ਅਧਿਕਾਰ ਐਕਟ ਤੋਂ ਪੂਰੀ ਤਰ੍ਹਾਂ ਜਾਗਰੂਕ ਹੋਣਾ ਅਤਿ ਜਰੂਰੀ ਹੈ, ਇਸ ਲਈ ਇਹ ਸਿਖਲਾਈ ਪ੍ਰੋਗਰਾਮ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਟਰੇਨਿੰਗ ਦੇ ਕੇ ਜਿਥੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰੇਗਾ ਉਥੇ ਉਨ੍ਹਾਂ ਦੀ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਇਹ ਸਿਖਲਾਈ ਪ੍ਰੋਗਰਾਮ ਕਰਵਾਉਣ ਲਈ ਵਿਸ਼ੇਸ ਤੌਰ ’ਤੇ ਮੈਗਸੀਪਾ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪ੍ਰੋਗਰਾਮ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੂਚਨਾ ਦੇ ਅਧਿਕਾਰ ਐਕਟ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਉਨ੍ਹਾਂ ਦੀ ਪ੍ਰਬੰਧਕੀ ਕੰਮਾਂ ਵਿੱਚ ਜਵਾਬਦੇਹੀ ਵਧੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੈਗਸੀਪਾ ਵੱਲੋਂ ਕਰਵਾਏ ਜਾਣ ਵਾਲੇ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਵਧੇਰੇ ਤੇਜੀ ਆਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਪੋ ਆਪਣੇ ਦਫ਼ਤਰਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਤਰਤੀਬ ਅਨੁਸਾਰ ਰੱਖਣ ਤਾਂ ਜੋ ਸੂਚਨਾ ਦਾ ਅਧਿਕਾਰ ਐਕਟ ਸਬੰਧੀ ਮੰਗੀ ਗਈ ਸੂਚਨਾ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਮੈਗਸੀਪਾ ਦੇ ਕੋਰਸ ਡਾਇਰੈਕਟਰ-ਕਮ-ਖੇਤਰੀ ਪ੍ਰੋਜੈਕਟ ਡਾਇਰੈਕਟਰ ਸ੍ਰੀ ਜਰਨੈਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਮੈਗਸੀਪਾ ਵੱਲੋਂ ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਅਜਿਹੇ ਸਿਖਲਾਈ ਪ੍ਰੋਗਰਾਮ ਵੱਖ-ਵੱਖ ਜ਼ਿਲ੍ਹਿਆਂ ਤੇ ਸਬ ਡਵੀਜ਼ਨਾਂ ਪੱਧਰ ’ਤੇ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਸੰਸਥਾਂ ਵੱਲੌਂ 200 ਇੰਨ ਸਰਵਿਸ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਂਦੇ ਹਨ ਜਿਨ੍ਹਾਂ ਰਾਹੀਂ ਐਕਟ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਐਕਟ ਵਿੱਚ ਹੋਈਆਂ ਨਵੀਂਆਂ ਸੋਧਾਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਦੇ ਦੂਜੇ ਦਿਨ ਸਹਾਇਕ ਡਾਇਰੈਕਟਰ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਯਸ ਪਾਓਲ ਮਾਨਵੀ ਅਤੇ ਸਾਬਕਾ ਸੀਨੀਅਰ ਫੈਕਲਟੀ ਮੈਂਬਰ ਮੈਗਾਸੀਪਾ ਸ੍ਰੀ ਡੀ.ਆਰ.ਪਾਓਲ ਆਰ.ਟੀ.ਆਈ.ਐਕਟ ਬਾਰੇ ਜਾਣਕਾਰੀ ਮੁਹੱਈਆ ਕਰਾਉਣਗੇ। ਇਸ ਮੌਕੇ ਸ੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਖੇਤਰੀ ਕੇਂਦਰ ਪਟਿਆਲਾ ਨੇ ਵੀ ਦੋ ਰੋਜਾ ਸਿਖਲਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਆਰ.ਟੀ.ਆਈ ਮਾਹਿਰ ਡਾ: ਪੂਜਾ ਜਸਵਾਲ ਸਹਾਇਕ ਪ੍ਰੋਫੈਸਰ ਆਰ.ਬੀ.ਲਾਅ ਇੰਡਸਟੀਚਿਊਟ ਮੁਹਾਲੀ, ਸ੍ਰੀ ਡੀ.ਸੀ. ਗੁਪਤਾ ਅਤੇ ਕੰਸਲਟੈਂਟ ਲਾਅ, ਮੈਗਾਸੀਪਾ ਚੰਡੀਗੜ੍ਹ ਸ੍ਰੀਮਤੀ ਸਵਿਤਾ ਕੌਸਿਕ, ਨੇ ਆਰ.ਟੀ.ਆਈ. ਐਕਟ ਨੂੰ ਪਬਲਿਕ ਫਰੈਂਡਲੀ ਦੱਸਦਿਆਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਸਰਕਾਰੀ ਕੰਮ ਕਾਰ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮੌਕੇ ਵੱਖ-ਵੱਖ ਮਾਹਰਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਪੀ.ਆਈ.ਓਜ਼ ਤੇ ਏ.ਪੀ.ਆਈ.ਓਜ਼ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …