ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ ’ਤੇ ਜਾਰੀ: ਸਿੱਧੂ

ਸਿਹਤ ਮੰਤਰੀ ਸਿੱਧੂ ਵੱਲੋਂ ਸਰਕਾਰੀ ਸਕੂਲ ਗੀਗੇਮਾਜਰਾ ਦੇ ਨਵੇਂ ਬਣੇ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ

ਪਿੰਡ ਦੇ ਸ਼ਮਸ਼ਾਨਘਾਟ ਦੇ ਸ਼ੈੱਡ ਅਤੇ ਚਾਰ ਦੀਵਾਰੀ ਦਾ ਕੰਮ ਵੀ ਕਰਵਾਇਆ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੀਗੇਮਾਜਰਾ ਦੇ ਕਰੀਬ 30 ਲੱਖ ਰੁਪਏ ਦੀ ਕੀਮਤ ਨਾਲ ਤਿਆਰ ਹੋਏ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸ਼ਮਸ਼ਾਨ ਘਾਟ ਦੇ ਸ਼ੈੱਡ ਅਤੇ ਚਾਰ ਦੀਵਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ ਅਤੇ ਅੱਜ ਆਲਮ ਇਹ ਹੈ ਕਿ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਪੂਰੇ ਹੋਣ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ, ਜਿਸ ਦਾ ਕੇਵਲ ਪਿੰਡ ਨੂੰ ਹੀ ਨਹੀਂ ਪੂਰੇ ਇਲਾਕੇ ਨੂੰ ਲਾਭ ਹੋਵੇਗਾ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਬਿੰਦਗੜ੍ਹ ਦੇ ਕਮਰਿਆਂ ਦੀ ਉਸਾਰੀ ਦੇ ਨਾਲ ਨਾਲ ਹੋਰ ਵੱਖ ਵੱਖ ਪਿੰਡਾਂ ਦੇ ਸਕੂਲਾਂ ਦਾ ਵਿਕਾਸ ਵੀ ਜੰਗੀ ਪੱਧਰ ਉੱਤੇ ਜਾਰੀ ਹੈ।
ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਹੈ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਤਹਿਤ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਮਾਜ ਵਿੱਚ ਬਹੁਤ ਅਹਿਮ ਰੋਲ ਹੈ ਅਤੇ ਸਭ ਤੋਂ ਵਧੀਆ ਸਟਾਫ਼ ਸਰਕਾਰੀ ਸਕੂਲਾਂ ਵਿੱਚ ਹੀ ਹੈ ਪਰ ਕੁਝ ਲੋਕ ਵੱਧ ਫੀਸਾਂ ਦੇ ਕੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜਦੇ ਹਨ, ਜਿੱਥੇ ਕਿ ਸਰਕਾਰੀ ਸਕੂਲਾਂ ਦੇ ਮੁਕਾਬਲੇ ਘੱਟ ਯੋਗਤਾ ਵਾਲਾ ਸਟਾਫ ਹੁੰਦਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਬਕਾਇਆ ਵਿਕਾਸ ਕਾਰਜ ਛੇਤੀ ਮੁਕੰਮਲ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪ੍ਰਿੰਸੀਪਲ ਹਰਿੰਦਰ ਕੌਰ, ਗੁਰਚਰਨ ਸਿੰਘ ਗੀਗੇਮਾਜਰਾ, ਤਰਸੇਮ ਸਿੰਘ ਸਰਪੰਚ, ਮਹਿੰਦਰ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਕਾਲਾ ਪੰਚ, ਕੁਲਵੰਤ ਸਿੰਘ ਪੰਚ, ਕੁਲਵੰਤ ਸਿੰਘ ਸੀ ਜੀ ਓ, ਭਗਵੰਤ ਸਿੰਘ, ਸੁਖਵਿੰਦਰ ਸਿੰਘ ਸਰਪੰਚ ਮਿੱਢੇ ਮਾਜਰਾ, ਗੁਰਦੀਪ ਸਿੰਘ ਸਰਪੰਚ ਦੈੜੀ, ਹਰਜਿੰਦਰ ਸਿੰਘ ਸਰਪੰਚ ਢੇਰਪੁਰ, ਰਣਧੀਰ ਸਿੰਘ, ਧਰਮ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਬਖਸ਼ੀਸ਼ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …