ਪੀਡੀਪੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਮੁਹਾਲੀ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦਾ ਦੋਸ਼

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸ਼ਹਿ ’ਤੇ ਨੱਚ ਰਿਹਾ ਹੈ ਮੁਹਾਲੀ ਪ੍ਰਸ਼ਾਸਨ: ਗੁਰਕ੍ਰਿਪਾਲ ਮਾਨ

ਚੋਣ ਕਮਿਸ਼ਨ ਪੰਜਾਬ ਨੂੰ ਨਿੱਜੀ ਦਖ਼ਲ ਦੇ ਕੇ ਨਗਰ ਨਿਗਮ ਚੋਣਾਂ ਵਿੱਚ ਧੱਕੇਸ਼ਾਹੀ ਰੁਕਵਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ-20 ਤੋਂ ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਉਮੀਦਵਾਰ ਹਰਪਾਲ ਸਿੰਘ ਦੇ ਅੱਜ ਨਾਮਜ਼ਦਗੀ ਕਾਗਜ਼ ਰੱਦ ਕੀਤੇ ਜਾਣ ’ਤੇ ਪੀਡੀਪੀ ਦੇ ਰਾਸ਼ਟਰੀ ਪ੍ਰਧਾਨ ਗੁਰਕ੍ਰਿਪਾਲ ਸਿੰਘ ਮਾਨ ਨੇ ਕਿਹਾ ਹੈ ਕਿ ਮੋਹਾਲੀ ਪ੍ਰਸ਼ਾਸਨ ਦੇ ਅਧਿਕਾਰੀ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਉਂਗਲਾਂ ’ਤੇ ਨੱਚ ਰਹੇ ਹਨ ਜੋ ਕਿ ਚੋਣਾਂ ਵਿੱਚ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਪ੍ਰੇਸ਼ਾਨ ਕਰਨ ਲਈ ਸ਼ਰ੍ਹੇਆਮ ਚੋਣ ਕਮਿਸ਼ਨ ਪੰਜਾਬ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ।
ਮੁਹਾਲੀ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਰਕ੍ਰਿਪਾਲ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਵਾਰਡ ਨੰਬਰ-20 ਤੋਂ ਉਮੀਦਵਾਰ ਹਰਪਾਲ ਸਿੰਘ ਦੇ ਕਾਗਜ਼ ਇਸ ਗਰਾਉਂਡ ਉੱਤੇ ਰੱਦ ਕਰ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਕਵਰਿੰਗ ਉਮੀਦਵਾਰ (ਪ੍ਰਪੋਜ਼ਰ) ਕਿਸੇ ਹੋਰ ਵਾਰਡ ਦੇ ਵਸਨੀਕ ਹਨ। ਜਦਕਿ ਨਿਯਮਾਂ ਮੁਤਾਬਕ ਕਵਰਿੰਗ ਉਮੀਦਵਾਰ ਕਿਸੇ ਵੀ ਵਾਰਡ ਨਾਲ ਸਬੰਧਤ ਹੋ ਸਕਦਾ ਹੈ। ਹੈਰਾਨੀ ਦੀ ਗੱਲ ਇਹ ਵੀ ਹੈ ਕਿ ਹਰਪਾਲ ਸਿੰਘ ਨੂੰ ਕਾਗਜ਼ ਰੱਦ ਕੀਤੇ ਜਾਣ ਸਬੰਧੀ ਕੋਈ ਸਰਕਾਰੀ ਕਾਗਜ਼ ਵੀ ਨਹੀਂ ਦਿੱਤਾ ਗਿਆ।
ਸ੍ਰੀ ਮਾਨ ਨੇ ਕਿਹਾ ਕਿ ਉਮੀਦਵਾਰ ਹਰਪਾਲ ਸਿੰਘ ਕਾਂਗਰਸ ਦੇ ਉਮੀਦਵਾਰ ਰਿਸ਼ਭ ਜੈਨ ਦੇ ਮੁਕਾਬਲੇ ਵਿੱਚ ਖੜਾ ਹੋਇਆ ਸੀ ਜਿਸ ਤੋਂ ਕਾਂਗਰਸੀ ਉਮੀਦਵਾਰ ਨੂੰ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਸੀ ਪ੍ਰੰਤੂ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਐਸਡੀਐਮ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਡੀਪੀ ਰਵਾਇਤੀ ਰਾਜਨੀਤਕ ਪਾਰਟੀਆਂ ਦੀ ਕਥਿਤ ਗੁੰਡਾਗਰਦੀ ਖ਼ਤਮ ਕਰਨ ਲਈ ਹੀ ਚੋਣ ਮੈਦਾਨ ਵਿੱਚ ਉਤਰੀ ਹੈ ਕਿਉਂਕਿ ਇਹ ਰਵਾਇਤੀ ਪਾਰਟੀਆਂ ਦੇ ਬਦਲ ਵਜੋਂ ਉਭਰ ਰਹੀ ਹੈ। ਪੀ.ਡੀ.ਪੀ. ਸੱਤਾਧਾਰੀ ਪਾਰਟੀ ਕਾਂਗਰਸ ਅਤੇ ਇਸ ਦੇ ਦਬਾਅ ਹੇਠ ਕੰਮ ਕਰ ਰਹੇ ਅਫ਼ਸਰਾਂ ਦੀਆਂ ਅਜਿਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸ ਪਾਰਟੀ ਅਤੇ ਮੁਹਾਲੀ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਬਾਰੇ ਕੱਲ੍ਹ ਹੀ ਚੋਣ ਕਮਿਸ਼ਨ ਪੰਜਾਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਆਪਣੇ ਉਮੀਦਵਾਰ ਦੇ ਕਾਗਜ਼ ਬਹਾਲ ਕਰਵਾਉਣ ਅਤੇ ਐਸਡੀਐਮ ਖ਼ਿਲਾਫ਼ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਜ਼ਰੂਰਤ ਪੈਣ ’ਤੇ ਅਦਾਲਤ ਦਾ ਸਹਾਰਾ ਵੀ ਲਿਆ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਵਾਲੀਆ, ਗੁਰਬਖ਼ਸ਼ ਸਿੰਘ, ਬਲਵਿੰਦਰ ਸਿੰਘ ਬੱਲੀ, ਡਾ. ਹਰਜਿੰਦਰ ਹੈਰੀ, ਵਿਨੋਦ ਪਾਠਕ, ਮਲਕੀਤ ਸਿੰਘ, ਨਰਿੰਦਰ ਸਿੰਘ ਅਤੇ ਕਵਰਿੰਗ ਉਮੀਦਵਾਰ ਲਖਬੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …