
ਅਮਨ ਅਰੋੜਾ ਵੱਲੋਂ ਖ਼ਰੀਦਦਾਰਾਂ ਨੂੰ ਖਰੀਦੀ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼
ਮੰਤਰੀ ਨੇ ਪੁੱਡਾ ਭਵਨ ਵਿੱਚ ਕੀਤੀ ਕਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈੱਲਪਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਚਾਰ-ਚਰਚਾ
ਡਿਵੈੱਲਪਰਾਂ ਨੂੰ ਈਡੀਸੀ ਸਣੇ ਹੋਰ ਬਕਾਇਆਂ ਦੀ ਅਦਾਇਗੀ ਕਰਨ ਲਈ ਕਿਹਾ, ਬਿਲਡਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਰੀਅਲ ਅਸਟੇਟ ਡਿਵੈੱਲਪਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਜਾਇਦਾਦ ਵੇਚਣ ਸਮੇਂ ਕੀਤੇ ਵਾਅਦੇ ਮੁਤਾਬਕ ਖ਼ਰੀਦਦਾਰਾਂ ਨੂੰ ਜਾਇਦਾਦ ਦਾ ਸਮੇਂ ਸਿਰ ਕਬਜ਼ਾ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ‘ਰੇਰਾ’ ਨੂੰ ਕਰੀਬ 3600 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਜਾਇਦਾਦ ਦਾ ਦੇਰੀ ਨਾਲ ਕਬਜ਼ਾ ਮਿਲਣ ਸਬੰਧੀ ਹਨ।
ਅੱਜ ਇੱਥੇ ਪੁੱਡਾ ਭਵਨ ਵਿਖੇ ਕਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈੱਲਪਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਪੰਜਾਬ ਚੈਪਟਰ ਦੇ ਮੈਂਬਰਾਂ ਨਾਲ ਵਿਚਾਰ-ਚਰਚਾ ਕਰਦਿਆਂ ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਤੇ ਯੋਜਨਾਬੱਧ ਰਿਹਾਇਸ਼ੀ ਅਤੇ ਕਮਰਸ਼ੀਅਲ ਵਿਕਾਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਪਾਉਣ ਲਈ ਡਿਵੈੱਲਪਰਾਂ ਨੂੰ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ ਕਿਸੇ ਵੀ ਕੀਮਤ ’ਤੇ ਵਿਕਸਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਡਿਵੈੱਲਪਰਾਂ ਨੂੰ ਐਕਸਟਰਨਲ ਡਿਵੈੱਲਪਮੈਂਟ ਚਾਰਜਿਜ਼ (ਈਡੀਸੀ) ਅਤੇ ਹੋਰ ਬਕਾਇਆਂ ਦਾ ਛੇਤੀ ਭੁਗਤਾਨ ਕਰਨ ਲਈ ਵੀ ਆਖਿਆ। ਡਿਵੈੱਲਪਰਾਂ ਦੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਸੁਣਦਿਆਂ ਪੁੱਡਾ ਮੰਤਰੀ ਨੇ ਸਰਕਾਰ ਤਰਫ਼ੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਕਲੋਨਾਈਜਰਾਂ ਦੀਆਂ ਵਾਜਬ ਅਤੇ ਜਾਇਜ਼ ਮੰਗਾਂ ਛੇਤੀ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਡਿਵੈੱਲਪਰ ਆਪਣੇ ਰਿਹਾਇਸ਼ੀ ਪ੍ਰਾਜੈਕਟਾਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਯਕੀਨੀ ਬਣਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਸੂਬੇ ਵਿੱਚ ਵਪਾਰ ਕਰਨਾ ਸੌਖਾ ਬਣਾਉਣ ਦੇ ਏਜੰਡੇ ਤਹਿਤ ਬਿਲਡਰਾਂ ਨੂੰ ਸੁਚੱਜੇ ਤੇ ਸੌਖੇ ਢੰਗ ਨਾਲ ਵੱਧ ਤੋਂ ਵੱਧ ਪ੍ਰਵਾਨਗੀਆਂ ਮੁਹੱਈਆ ਕਰਵਾਏਗੀ।
ਅਮਨ ਅਰੋੜਾ ਨੇ ਕਿਹਾ ਕਿ ਬਹੁ-ਪੱਖੀ ਵਿਕਾਸ ਦਾ ਟੀਚਾ ਡਿਵੈੱਲਪਰਾਂ ਦੇ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਲਈ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ। ਡਿਵੈੱਲਪਰਾਂ ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਲਾਇਸੈਂਸ ਪ੍ਰਾਪਤ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਸਬੰਧੀ ਚੁੱਕੇ ਮੁੱਦੇ ’ਤੇ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਕੋਲ ਚੁੱਕਣਗੇ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ‘ਆਪ’ ਵਿਧਾਇਕ ਤੇ ਬਿਲਡਰ ਕੁਲਵੰਤ ਸਿੰਘ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏਕੇ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਅਤੇ ਪੁੱਡਾ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।