ਅਮਨ ਅਰੋੜਾ ਨੇ ਗਮਾਡਾ ਦੀ ਈ-ਨਿਲਾਮੀ ਦੇ ਸਫਲ ਬੋਲੀਕਾਰਾਂ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਗਮਾਡਾ ਦੀ ਸਮਾਪਤ ਹੋਈ ਈ-ਨਿਲਾਮੀ ਦੇ ਸਫਲ ਬੋਲੀਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਗਮਾਡਾ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਅੱਜ ਦੇਰ ਸ਼ਾਮ ਮੁਹਾਲੀ ਕਲੱਬ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਗਮਾਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਸਬੰਧੀ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਤਾਲਮੇਲ ਕੀਤਾ ਜਾ ਸਕੇ। ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕ ਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ’ਤੇ ਭਰੋਸਾ ਪ੍ਰਗਟਾਉਣ ਅਤੇ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ’ਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ। ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਇਹ ਸਮਾਗਮ ਕਰਵਾਉਣ ਲਈ ਕੈਬਨਿਟ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…