Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਐਕਟ ਵਿੱਚ ਸੋਧ ਕਰਨਾ ਪੰਜਾਬ ਵਿਧਾਨ ਸਭਾ ਦੇ ਅਧਿਕਾਰ ਖੇਤਰ ’ਚ ਨਹੀਂ: ਸਿੱਧੂ ਸ਼੍ਰੋਮਣੀ ਕਮੇਟੀ ਨਾਲ ਬੇਲੋੜੇ ਟਕਰਾਅ ਵਿੱਚ ਪੈਣ ਤੋਂ ਗੁਰੇਜ਼ ਕਰਨ ਮੁੱਖ ਮੰਤਰੀ ਭਗਵੰਤ ਮਾਨ: ਸਿੱਧੂ ਸਿੱਖ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੇ ਗੰਭੀਰ ਸਿੱਟੇ ਨਿਕਲਣ ਦਾ ਖ਼ਦਸ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬੇਲੋੜੇ ਟਕਰਾਅ ਵਿੱਚ ਪੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਆਗੂ ਬਲਬੀਰ ਸਿੱਧੂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਦੀ ਸ਼ਰਧਾ ਅਤੇ ਆਸਥਾ ਦੇ ਕੇਂਦਰ ਹਨ ਅਤੇ ਸਿੱਖ ਜਗਤ ਨੇ ਇਨ੍ਹਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਭਾਵੇਂ ਪੂਰਾ ਸਿੱਖ ਜਗਤ ਇਸ ਗੱਲ ਦਾ ਹਾਮੀ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਬਾਰੇ ਕਿਸੇ ਇੱਕ ਅਦਾਰੇ ਦੀ ਇਜਾਰੇਦਾਰੀ ਨਹੀਂ ਹੋਣੀ ਚਾਹੀਦੀ ਪਰ ਜਿਹੜਾ ਰਾਹ ਮਾਨ ਸਰਕਾਰ ਅਪਣਾ ਰਹੀ ਹੈ, ਉਹ ਗ਼ੈਰ-ਸੰਵਿਧਾਨਕ ਹੈ। ਅਜਿਹੀ ਕਾਰਵਾਈ ਨਾਲ ਗੰਭੀਰ ਸਿੱਟੇ ਨਿਕਲਣ ਦਾ ਖ਼ਦਸ਼ਾ ਹੈ। ਸਾਬਕਾ ਮੰਤਰੀ ਨੇ ਕਿਹਾ ਕਿ 1966 ਦੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 72 ਅਨੁਸਾਰ ਐਸਜੀਪੀਸੀ ਇੱਕ ਅੰਤਰਰਾਜੀ ਕਾਰਪੋਰੇਟ ਸੰਸਥਾ ਬਣ ਗਈ ਹੈ। ਇਸ ਨੂੰ ਅਮਲ ਵਿੱਚ ਲਿਆਉਣ ਵਾਲਾ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿੱਚ ਕੋਈ ਵੀ ਸੋਧ ਕੇਂਦਰ ਸਰਕਾਰ ਹੀ ਕਰ ਸਕਦੀ ਹੈ ਅਤੇ ਗੁਰਦੁਆਰਾ ਐਕਟ ਵਿੱਚ ਸੋਧ ਕਰਨਾ ਪੰਜਾਬ ਵਿਧਾਨ ਸਭਾ ਦੇ ਅਧਿਕਾਰ ਖੇਤਰ ਵਿੱਚ ਹੀ ਨਹੀਂ ਹੈ। ਇਸ ਸਬੰਧੀ ਵਿਧਾਨ ਸਭਾ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਜ਼ਰੂਰੀ ਸੋਧ ਲਈ ਮਹਿਜ਼ ਸਿਫ਼ਾਰਸ਼ ਹੀ ਕਰ ਸਕਦੀ ਹੈ ਅਤੇ ਅਜਿਹੇ ਮਤੇ ਦੀ ਕੋਈ ਕਾਨੂੰਨੀ ਹੈਸੀਅਤ ਨਹੀਂ ਹੈ। ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਕਥਨ ‘ਗੁਰਦੁਆਰਾ ਐਕਟ ਵਿੱਚ ਇਕ ਨਵੀਂ ਧਾਰਾ ਜੋੜ ਰਹੇ ਹਾਂ’ ਜਾਂ ਤਾਂ ਉਨ੍ਹਾਂ ਇਸ ਮਾਮਲੇ ਬਾਰੇ ਬਿਲਕੁਲ ਹੀ ਅਨਜਾਣਤਾ ਦਾ ਪ੍ਰਗਟਾਵਾ ਹੈ ਅਤੇ ਜਾਂ ਫਿਰ ਸੈਸ਼ਨ ਵਿੱਚ ਉੱਠਣ ਵਾਲੇ ਕਈ ਗੰਭੀਰ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਲਈ ਚੱਲੀ ਗਈ ਚਾਲ ਹੈ। ਉਨ੍ਹਾਂ ਕਿਹਾ ਕਿ ਕਾਰਨ ਕੁਝ ਵੀ ਹੋਵੇ ਇਸ ਨਾਲ ਬੇਲੋੜਾ ਟਕਰਾਅ ਪੈਦਾ ਹੋਵੇਗਾ, ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਤੋਂ ਸਬਕ ਸਿੱਖਦਿਆਂ ਮਾਨ ਸਰਕਾਰ ਨੂੰ ਗੁਰਦੁਆਰਾ ਸਿਆਸਤ ਦੇ ਨਾਜ਼ੁਕ ਮਾਮਲੇ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਿੰਨੀ ਵਾਰ ਸਰਕਾਰਾਂ ਨੇ ਗੁਰਦੁਆਰਾ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ, ਉਸ ਦੇ ਸਿੱਟੇ ਮਾੜੇ ਹੀ ਨਿਕਲੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ