
ਅੰਮ੍ਰਿਤ ਛਕੋ-ਸਿੰਘ ਸਜੋ ਲਹਿਰ: ਗੁਰਦੁਆਰਾ ਅੰਬ ਸਾਹਿਬ ਵਿੱਚ 64 ਪ੍ਰਾਣੀ ਗੁਰੂ ਵਾਲੇ ਬਣੇ
ਵੱਧ ਤੋਂ ਵੱਧ ਸੰਗਤ ਤੇ ਨੌਜਵਾਨ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣ: ਪਰਵਿੰਦਰ ਬੈਦਵਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਅੰਮ੍ਰਿਤ ਛਕੋ-ਸਿੰਘ ਸਜੋ ਲਹਿਰ ਦੇ ਤਹਿਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਅੰਮ੍ਰਿਤਪਾਨ ਕਰਵਾਇਆ ਗਿਆ। ਜਿੱਥੇ ਇਲਾਕੇ ਦੇ 64 ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਹਾਜ਼ਰੀ ਭਰੀ ਅਤੇ ਸਮੂਹ ਸਾਧ ਸੰਗਤ ਖਾਸ ਕਰਕੇ ਨੌਜਵਾਨਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਅੰਮ੍ਰਿਤ ਛਕੋ ਤੇ ਸਿੰਘ ਸਜੋ ਲਹਿਰ ਤਹਿਤ ਵੱਧ ਤ
ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਉਹ ਅੰਮ੍ਰਿਤ ਛੱਕ ਕੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਅੱਗੇ ਆਉਣ। ਇਸ ਨਾਲ ਜਿੱਥੇ ਖਾਲਸਾ ਪੰਥ ਪਰਿਵਾਰ ਵਿੱਚ ਵਾਧਾ ਹੋਵੇਗਾ, ਉੱਥੇ ਸਮਾਜਿਕ ਚੇਤਨਾ ਵੀ ਪੈਦਾ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਨੌਜਵਾਨ ਪੀੜੀ ਅਤੇ ਸਕੂਲੀ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਕੰਠ ਮੁਕਾਬਲੇ ਅਤੇ ਗੁਰਮਤਿ ਪ੍ਰਚਾਰ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਪ੍ਰਚਾਰਕ ਜਤਿੰਦਰ ਸਿੰਘ, ਯੂਥ ਅਕਾਲੀ ਆਗੂ ਰਮਨਦੀਪ ਸਿੰਘ ਬਾਵਾ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਅਮਨ ਪੂਨੀਆ ਤੇ ਹੋਰ ਪਤਵੰਤੇ ਹਾਜ਼ਰ ਸਨ।