nabaz-e-punjab.com

ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲਾ: ਪੰਜਾਬ ਵਿਜੀਲੈਂਸ ਅਦਾਲਤ ਵਿੱਚ ਆਪਣਾ ਪੱਖ ਰੱਖਣ ’ਚ ਬੁਰੀ ਤਰ੍ਹਾਂ ਫੇਲ੍ਹ

ਵਿਜੀਲੈਂਸ ਨੇ ਰਿਪੋਰਟ ਪੇਸ਼ ਕਰਨ ਦੀ ਥਾਂ 1 ਮਹੀਨੇ ਦੀ ਹੋਰ ਮੋਹਲਤ ਮੰਗੀ, ਅਗਲੀ ਸੁਣਵਾਈ 20 ਜਨਵਰੀ 2018 ਨੂੰ

ਕੈਪਟਨ ਅਮਰਿੰਦਰ ਸਿੰਘ ਅਦਾਲਤ ’ਚ ਪੇਸ਼ ਨਹੀਂ ਹੋਏ, ਕੈਪਟਨ ਨੇ ਸਰਕਾਰੀ ਰੁਝੇਵਿਆਂ ਦੀ ਦੁਹਾਈ ਦੇ ਕੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਅਕਾਲੀ-ਭਾਜਪਾ ਵਜ਼ਾਰਤ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਹੋਰ ਮੁਲਜ਼ਮ ਪੇਸ਼ੀ ਦੌਰਾਨ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਕੈਪਟਨ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਸਰਕਾਰੀ ਰੁਝੇਵਿਆਂ ਦੀ ਦੁਹਾਈ ਦੇ ਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ। ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਲਕੇ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਰੁਝੇ ਹੋਣ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸੇ ਤਰ੍ਹਾਂ ਬਾਕੀ ਮੁਲਜ਼ਮਾਂ ਨੇ ਕੋਈ ਨਾ ਕੋਈ ਬਹਾਨਾ ਲਗਾ ਕੇ ਵੱਖੋ ਵੱਖਰੀਆਂ ਅਰਜ਼ੀਆਂ ਦਾਇਰ ਕਰਕੇ ਨਿੱਜੀ ਪੇਸ਼ੀ ਛੋਟ ਮੰਗੀ ਗਈ।
ਇਸ ਮਾਮਲੇ ਦੀ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਕੈਪਟਨ ਵਿਰੁੱਧ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕਰਨ ਵਾਲੇ ਸ਼ਿਕਾਇਤ ਕਰਤਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵੀ ਵਕੀਲ ਰਾਜੇਸ਼ ਗੁਪਤਾ ਨਾਲ ਅਦਾਲਤ ਵਿੱਚ ਹਾਜ਼ਰ ਸਨ। ਜਦੋਂ ਕਿ ਮੁੱਖ ਮੰਤਰੀ ਦੀ ਥਾਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਮਦੀਪ ਪ੍ਰਤਾਪ ਸਿੰਘ ਅਤੇ ਐਚ.ਐਸ. ਪੰਨੂ ਵੀ ਅਦਾਲਤ ਵਿੱਚ ਪੇਸ਼ ਹੋਏ।
ਉਧਰ, ਅੱਜ ਵੀ ਵਿਜੀਲੈਂਸ ਬਿਊਰੋ ਨੇ ਪੜਤਾਲੀਆਂ ਰਿਪੋਰਟ ਅਦਾਲਤ ਵਿੱਚ ਪੇਸ਼ ਨਹੀਂ ਕੀਤੀ। ਵਿਜੀਲੈਂਸ ਨੇ ਸਰਕਾਰੀ ਵਕੀਲ ਰਾਹੀਂ ਅਦਾਲਤ ਨੂੰ ਗੁਹਾਰ ਲਗਾਈ ਕਿ ਜਾਂਚ ਏਜੰਸੀ ਨੂੰ ਰਿਪੋਰਟ ਪੇਸ਼ ਕਰਨ ਲਈ ਇੱਕ ਮਹੀਨੇ ਦੀ ਹੋਰ ਮੋਹਾਲਤ ਦਿੱਤੀ ਜਾਵੇ। ਅਦਾਲਤ ਨੇ ਵਿਜੀਲੈਂਸ ਦੀ ਫਰਿਆਦ ਮਨਜ਼ੂਰ ਕਰਦਿਆਂ ਕੇਸ ਦੀ ਸੁਣਵਾਈ 20 ਜਨਵਰੀ 2018 ਤੱਕ ਅੱਗੇ ਟਾਲ ਦਿੱਤੀ। ਇੱਥੇ ਇਹ ਦੱਸਣਾ ਬਣਦਾ ਹੈ ਕਿ ਵਧੀਕ ਜ਼ਿਲ੍ਹਾ ਅਦਾਲਤ ਨੇ ਕੈਪਟਨ ਤੇ ਹੋਰਨਾਂ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਦੀ ਅਰਜ਼ੀ ਨੂੰ ਰੱਦ ਕਰਕੇ ਵਿਜੀਲੈਂਸ ਨੂੰ ਨਵੇਂ ਸਿਰਿਓਂ ਜਾਂਚ ਕਰਕੇ ਪੜਤਾਲੀਆਂ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਲਈ ਆਖਿਆ ਸੀ। ਵਿਜੀਲੈਂਸ ਵੱਲੋਂ ਹਰੇਕ ਤਰੀਕ ਨੇ ਰਿਪੋਰਟ ਪੇਸ਼ ਕਰਨ ਦੀ ਬਜਾਏ ਮੋਹਲਤ ਮੰਗ ਕੇ ਕੇਸ ਨੂੰ ਲਮਕਾਇਆ ਜਾ ਰਿਹਾ ਹੈ। ਜਿਸ ਦਾ ਸ਼ਿਕਾਇਤ ਕਰਤਾ ਧਿਰ ਨੇ ਕਾਫੀ ਬੁਰਾ ਮਨਾਇਆ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…