nabaz-e-punjab.com

ਅੰਮ੍ਰਿਤਸਰ ਦੇ ਬਹੁ ਕਰੋੜੀ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪੀ

ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਵਿੱਚ ਭੇਜੀ ਗਈ ਸੀ ਹੈਰੋਇਨ ਦੀ ਵੱਡੀ ਖੇਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਅੰਮ੍ਰਿਤਸਰ, 27 ਜੁਲਾਈ:
ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਸੁਣਵਾਈ ਹੁਣ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਹੋਵੇਗੀ। ਇਸ ਸਬੰਧੀ ਐਨਆਈਏ ਦੀ ਜਾਂਚ ਟੀਮ ਨੇ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਇਸ ਕੇਸ ਨਾਲ ਸਬੰਧਤ ਲੋੜੀਂਦੀ ਸਾਰੇ ਦਸਤਾਵੇਜ਼ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਤਾਰਿਕ ਅਹਿਮਦ ਦੀ ਸਪੁਰਦਾਰੀ ਐਨਆਈਏ ਨੂੰ ਸੌਂਪਣ ਦੀ ਗੁਹਾਰ ਲਗਾਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਅਨੁਸਾਰ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ।
ਇਹ ਮਾਮਲਾ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਤਾਰਿਕ ਅਹਿਮਦ ਵਾਸੀ ਹੰਦਵਾੜਾ (ਜੰਮੂ ਕਸ਼ਮੀਰ) ਦੇ ਖ਼ਿਲਾਫ਼ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਅਦਾਲਤ ਵਿੱਚ ਵਿਚਾਰ ਅਧੀਨ ਸੀ ਲੇਕਿਨ ਐਤਵਾਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਗੁਰਪਿੰਦਰ ਸਿੰਘ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਜਾਣ ਤੋਂ ਬਾਅਦ ਇਸ ਕੇਸ ਦੀ ਜਾਂਚ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਹੈ। ਐਨਆਈਏ ਨੇ ਵੱਖਰਾ ਕੇਸ ਦਰਜ ਕਰਕੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਬਾਅਦ ਵਿੱਚ ਪੁਲੀਸ ਨੇ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…