nabaz-e-punjab.com

ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਵੱਲ ਕੂਚ ਕਰਨ ਦਾ ਯਤਨ, ਪੁਲੀਸ ਨੇ ਰਾਹ ਰੋਕਿਆ

ਬੁੱਧਵਾਰ ਨੂੰ ਵਾਪਰੀ ਘਟਨਾ ਸਬੰਧੀ ਮੁਹਾਲੀ ਤੇ ਚੰਡੀਗੜ੍ਹ ਦੇ ਥਾਣਿਆਂ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪਰਚੇ ਦਰਜ

ਮੁਹਾਲੀ ਅਤੇ ਚੰਡੀਗੜ੍ਹ ਦੀਆਂ ਸਾਂਝੀਆਂ ਹੱਦਾਂ ਸੀਲ ਕਰਨ ਨਾਲ ਰਾਹਗੀਰ ਅੌਖੇ, ਆਵਾਜਾਈ ਪ੍ਰਭਾਵਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਵੀਰਵਾਰ ਨੂੰ ਦੁਪਹਿਰ ਡੇਢ ਵਜੇ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਨੇ ਫਿਰ ਤੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਮੁਹਾਲੀ ਦੇ ਐਸਐਸਪੀ ਦੀ ਸਰਕਾਰੀ ਕੋਠੀ ਨੇੜਲੇ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਪੁਲੀਸ ਨੇ ਜ਼ਬਰਦਸਤ ਬੇਰੀਕੇਟਿੰਗ ਕਰਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਜਿਸ ਕਾਰਨ ਉਹ ਉੱਥੇ ਸੜਕ ਉੱਤੇ ਧਰਨਾ ਲਗਾ ਕੇ ਬੈਠ ਗਏ ਅਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ। ਕਰੀਬ ਦੋ ਘੰਟੇ ਬਾਅਦ ਸਾਰੇ ਪ੍ਰਦਰਸ਼ਨਕਾਰੀ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਪਹੁੰਚ ਗਏ ਅਤੇ ਪੁਲੀਸ ਨੇ ਸੁੱਖ ਦਾ ਸਾਹ ਲਿਆ।
ਬੀਤੇ ਕੱਲ੍ਹ ਦੀ ਹਿੰਸਕ ਘਟਨਾ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਸਾਰੇ ਐਂਟਰੀ ਪੁਆਇੰਟਾਂ ’ਤੇ ਬੈਰੀਕੇਟਿੰਗ ਕਰਕੇ ਸੀਲ ਕੀਤੇ ਗਏ ਸਨ। ਜਿਸ ਕਾਰਨ ਸ਼ਹਿਰ ਵਾਸੀਆਂ ਸਮੇਤ ਹੋਰ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵਾਈਪੀਐਸ ਚੌਂਕ ਤੋਂ ਚੰਡੀਗੜ੍ਹ ਜਾਣ ਵਾਲੀ ਮੁੱਖ ਸੜਕ ’ਤੇ ਬੀਤੀ 7 ਜਨਵਰੀ ਤੋਂ ਆਵਾਜਾਈ ਮੁਕੰਮਲ ਬੰਦ ਪਈ ਹੈ। ਸੜਕ ਦੇ ਦੋਵੇਂ ਪਾਸੇ ਇਨਸਾਫ਼ ਪਸੰਦ ਲੋਕ ਅਤੇ ਕਿਸਾਨ ਆਪਣੇ ਟੈਂਟ ਲਗਾ ਕੇ ਬੈਠੇ ਹਨ ਜਦੋਂਕਿ ਹੁਣ ਨਿਹੰਗ ਸਿੰਘਾਂ ਨੇ ਇੱਥੇ ਆਪਣੀ ਛਾਉਣੀ ਬਣਾ ਲਈ ਹੈ। ਜਿਨ੍ਹਾਂ ਵਿੱਚ ਘੋੜਸਵਾਰ ਨਿਹੰਗ ਸਿੰਘ ਵੀ ਸ਼ਾਮਲ ਹਨ। ਜਿਸ ਕਾਰਨ ਰਾਹਗੀਰਾਂ ਨੂੰ ਰੋਜ਼ਾਨਾ ਆਉਣ ਜਾਣ ਲਈ ਲੰਮਾ ਪੈਂਡਾ ਤੈਅ ਕਰਨਾ ਪੈ ਰਿਹਾ ਹੈ।
ਉਧਰ, ਰੋਸ ਪ੍ਰਦਰਸ਼ਨ ਦੌਰਾਨ ਬੁੱਧਵਾਰ ਨੂੰ ਪੁਲੀਸ ਅਤੇ ਸਿੱਖਾਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਅਣਪਛਾਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ। ਜਦੋਂਕਿ ਸੈਕਟਰ-36 ਦੇ ਥਾਣੇ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮ ਦੇ ਪਿਤਾ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ ਹੋਰਨਾਂ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਇਹ ਕਾਰਵਾਈ ਥਾਣਾ ਮੁਖੀ ਦਵਿੰਦਰ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ। ਕਰੀਬ 15 ਪੰਨਿਆਂ ਦੀ ਐਫ਼ਆਈਆਰ ਵਿੱਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਇਰਾਦਾ-ਏ-ਕਤਲ ਦੀ ਧਾਰਾ 307 ਸਮੇਤ 17 ਧਾਰਾਵਾਂ ਜੋੜੀਆਂ ਗਈਆਂ ਹਨ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖ਼ਾਲਿਸਤਾਨ ਪੱਖੀ ਕਰਾਰ ਦਿੱਤਾ ਹੈ। ਪੰਜਾਬ ਅਤੇ ਯੂਟੀ ਪੁਲੀਸ ਵੱਲੋਂ ਬੀਤੇ ਕੱਲ੍ਹ ਦੀ ਘਟਨਾ ਸਬੰਧੀ ਇੱਕ ਦੂਜੇ ’ਤੇ ਜ਼ਿੰਮੇਵਾਰੀ ਸੁੱਟੀ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਾਰੀ ਘਟਨਾ ਮੁਹਾਲੀ ਦੇ ਹਿੱਸੇ ਵਿੱਚ ਵਾਪਰੀ ਹੈ ਜਦੋਂਕਿ ਮੁਹਾਲੀ ਪੁਲੀਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ ਸੀ।
ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੰਗੀਆਂ ਤਲਵਾਰਾਂ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਪ੍ਰਦਰਸ਼ਨਕਾਰੀ ਕਿਵੇਂ ਹੰਗਾਮਾ ਕਰ ਸਕਦੇ ਹਨ ਜਦੋਂਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਨੂੰ ਇਹ ਭਰੋਸਾ ਦਿੱਤਾ ਗਿਆ ਸੀ ਕਿ ਰੋਸ ਪ੍ਰਦਰਸ਼ਨ ਦੌਰਾਨ ਉਹ ਕਿਸੇ ਕਿਸਮ ਦੀ ਧੱਕੇਸ਼ਾਹੀ, ਹੁੱਲੜਬਾਜ਼ੀ ਅਤੇ ਹੰਗਾਮਾ ਨਹੀਂ ਕਰਨਗੇ। ਉਧਰ, ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਦਾ ਕਹਿਣਾ ਹੈ ਕਿ ਜਦੋਂ ਇਨਸਾਫ਼ ਪਸੰਦ ਲੋਕ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਦਾ ਜਾਪ ਕਰਦੇ ਹੋਏ ਆਪਣਾ ਰੋਸ ਪ੍ਰਗਟਾ ਰਹੇ ਸਨ ਤਾਂ ਫਿਰ ਪਥਰਾਅ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਹੁਕਮਰਾਨਾਂ ਦੀ ਚਾਲ ਹੈ, ਤਾਂ ਜੋ ਸਿੱਖਾਂ ਦੇ ਸੰਘਰਸ਼ ਨੂੰ ਤਾਰਪੀਡੋ ਕੀਤਾ ਜਾ ਸਕੇ। ਬਲਵਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ ਸਿੱਖਾਂ ਵੱਲੋਂ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…