ਲਿੰਕ ਸੜਕਾਂ ਬਣਾਉਣ ਲਈ ਸਰਕਾਰ ਨੂੰ 15 ਕਰੋੜ ਦਾ ਐਸਟੀਮੇਟ ਬਣਾ ਕੇ ਭੇਜਿਆ: ਕੁਲਵੰਤ ਸਿੰਘ
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸ਼ਹਿਰ ਤੇ ਪਿੰਡਾਂ ਦੇ ਲੋਕਾਂ ਨੇ ਵਿਧਾਇਕ ਅੱਗੇ ਖੋਲ੍ਹਿਆ ਸਮੱਸਿਆਵਾਂ ਪਟਾਰਾ
ਨਬਜ਼-ਏ-ਪੰਜਾਬ, ਮੁਹਾਲੀ, 4 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ਹਿਰੀ ਅਤੇ ਪਿੰਡਾਂ ਦੇ ਲੋਕਾਂ ਨੇ ‘ਆਪ’ ਵਿਧਾਇਕ ਅੱਗੇ ਸਮੱਸਿਆਵਾਂ ਦਾ ਪਟਾਰਾ ਖੋਲ੍ਹ ਕੇ ਰੱਖ ਦਿੱਤਾ। ਜ਼ਿਆਦਾਤਰ ਸਮੱਸਿਆਵਾਂ ਬਿਜਲੀ-ਪਾਣੀ, ਜ਼ਮੀਨ ਜਾਇਦਾਦਾਂ ਦੇ ਇੰਤਕਾਲ, ਕੱਚੇ ਮਕਾਨ, ਲੜਾਈ-ਝਗੜੇ, ਬਦਲੀਆਂ, ਘਰੇਲੂ ਹਿੰਸਾ ਅਤੇ ਸ਼ਹਿਰ ਤੇ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਅਤੇ ਪੁਲੀਸ ਨਾਲ ਸਬੰਧਤ ਸ਼ਿਕਾਇਤਾਂ ਸਨ। ਉਨ੍ਹਾਂ ਵੱਲੋਂ ਕਈ ਮਸਲੇ ਮੌਕੇ ’ਤੇ ਹੀ ਹੱਲ ਕੀਤੇ ਗਏ ਜਦੋਂਕਿ ਬਾਕੀ ਸਮੱਸਿਆਵਾਂ ਜਲਦੀ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੜਾਈ ਝਗੜਿਆਂ ਵਿੱਚ ਪੈਣ ਦੀ ਥਾਂ ਆਪਸੀ ਭਾਈਚਾਰਾ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੜਾਈਆਂ ਬਰਬਾਦੀ ਦਾ ਘਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਬਣਾਉਣ ਲਈ 15 ਕਰੋੜ ਰੁਪਏ ਦੇ ਐਸਟੀਮੇਟ ਬਣਾ ਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜੇ ਗਏ ਹਨ ਅਤੇ ਮੁੱਖ ਮੰਤਰੀ ਦੀ ਹਰੀ ਝੰਡੀ ਮਿਲਦੇ ਹੀ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਬਿਊਰੋ ਰਾਹੀਂ ਪਲੇਸਮੈਂਟ ਕੈਂਪ ਲਗਾ ਕੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ‘ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਭੀਮ ਸੈਨ ਅਤੇ ਹੋਰ ਪਤਵੰਤੇ ਹਾਜ਼ਰ ਸਨ।