Nabaz-e-punjab.com

ਮੇਰਾ ਅਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਲੜਨਾ ਪੂਰੀ ਤਰ੍ਹਾਂ ਤੈਅ: ਬੀਰਦਵਿੰਦਰ ਸਿੰਘ

ਪੰਜਾਬ ਦੇ ਵਿਕਾਸ ਤੇ ਚੋਣ ਵਾਅਦਿਆਂ ’ਤੇ ਮੁੱਖ ਮੰਤਰੀ ਸਮੇਤ ਸਮੁੱਚੀ ਪੰਜਾਬ ਕੈਬਨਿਟ ਨੂੰ ਬਹਿਸ ਲਈ ਖੁੱਲ੍ਹੀ ਚੁਨੌਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਲੜਨਾ ਪੂਰੀ ਤਰ੍ਹਾਂ ਤੈਅ ਹੈ। ਉਨ੍ਹਾਂ ਕਿਹਾ ਕਿ ਟਕਸਾਲੀ ਦਲ ਇੱਕ ਨਿਰੋਲ ਪੰਥਕ ਪਾਰਟੀ ਹੈ। ਇਸ ਲਈ ਪੰਥਕ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਹਰ ਹਾਲਤ ਵਿੱਚ ਚੋਣ ਲੜੇਗੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਾਰਟੀ ਨੇ ਇਹ ਹਲਕਾ ਦੂਜੀਆਂ ਪਾਰਟੀਆਂ ਲਈ ਛੱਡ ਦਿੱਤਾ ਤਾਂ ਟਕਸਾਲੀ ਦਲ ਦਾ ਕੀ ਵਜੂਦ ਰਹਿ ਜਾਵੇਗਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਰਦਵਿੰਦਰ ਸਿੰਘ ਨੇ ਕਾਂਗਰਸ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲੜਨ ਦੇ ਦਾਅਵੇਦਾਰਾਂ ਤੋਂ ਇਸ ਤਰ੍ਹਾਂ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ ਜਿਵੇਂ ਕਿਸੇ ਨੂੰ ਨੌਕਰੀਆਂ ਦੇਣੀਆਂ ਹੋਣ। ਜਦੋਂਕਿ ਸਰਕਾਰ ਦੀ ਆਪਣੀ ਘਰ ਘਰ ਰੁਜ਼ਗਾਰ ਯੋਜਨਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਪੰਜਾਬ ਦੇ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਉੱਚ ਸਿੱਖਿਆ ਦੀ ਡਿਗਰੀਆਂ ਲਈ ਵਿਹਲੜ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਤਾਂ ਕੁਝ ਅਜਿਹੇ ਕਾਂਗਰਸੀ ਆਗੂਆਂ ਨੇ ਵੀ ਟਿਕਟ ਲੈਣ ਲਈ ਦਰਖਾਸਤਾਂ ਦਿੱਤੀਆਂ ਹਨ, ਜਿਨ੍ਹਾਂ ਨੂੰ ਇਸ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਰਸਤੇ ਤੱਕ ਨਹੀਂ ਪਤਾ ਹਨ। ਉਨ੍ਹਾਂ ਕੈਪਟਨ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਮੁੱਖ ਮੰਤਰੀ ਸਮੁੱਚੀ ਪੰਜਾਬ ਕੈਬਨਿਟ ਨੂੰ ਚੁਨੌਤੀ ਦਿੱਤੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ ਤੱਕ ਸੜਕ ਰਸਤੇ ਸਫ਼ਰ ਕੀਤਾ ਜਾਵੇ ਤਾਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲ ਤਸਵੀਰ ਖ਼ੁਦ-ਬਖ਼ੁਦ ਸਾਹਮਣੇ ਆ ਜਾਵੇਗੀ। ਇੰਝ ਹੀ ਚੱਪੜਚਿੜੀ ਜੰਗੀ ਯਾਦਗਾਰ ਪਹੁੰਚ ਸੜਕ ਦਾ ਬਹੁਤ ਮਾੜਾ ਹਾਲ ਹੈ।
ਸ੍ਰੀ ਬੀਰਦਵਿੰਦਰ ਸਿੰਘ ਨੂੰ ਚੋਣ ਮੈਨੀਫੈਸਟੋ ਤਿਆਰ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਚੋਣ ਦੌਰਿਆਂ ਦੌਰਾਨ ਸਮੁੱਚੇ ਹਲਕੇ ਦੇ ਲੋਕਾਂ ਨੂੰ ਮਿਲ ਕੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ ਅਤੇ ਜਲਦੀ ਹੀ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਰਾਇ ਨਾਲ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਉਹੀ ਵਾਅਦੇ ਕੀਤੇ ਜਾਣਗੇ ਜੋ ਬਾਅਦ ਵਿੱਚ ਪੂਰੇ ਵੀ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਉਹ 11 ਮਾਰਚ ਤੋਂ ਮੁਹਾਲੀ ਦੇ ਪਿੰਡਾਂ ਵਿੱਚ ਚੋਣ ਮੁਹਿੰਮ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਟਕਸਾਲੀ ਅਕਾਲੀ ਆਗੂ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਸਬੰਧੀ ਇੱਥੋਂ ਦੇ ਫੇਜ਼-5 ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪਾਰਟੀ ਆਗੂ ਜੀਪੀਐਸ ਗਿੱਲ, ਗੁਰਸੇਵ ਸਿੰਘ ਹਰਪਾਲਪੁਰ, ਗਗਨਪ੍ਰੀਤ ਸਿੰਘ ਬੈਂਸ, ਨਿਰੰਜਨ ਸਿੰਘ ਲਹਿਲ, ਹਰਭਜਨ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…