ਆਂਗਨਵਾੜੀ ਵਰਕਰਾਂ ਵੱਲੋਂ ਬਲਬੀਰ ਸਿੱਧੂ ਦੇ ਘਰ ਦੇ ਬਾਹਰ ਧਰਨਾ ਤੇ ਭੁੱਖ-ਹੜਤਾਲ

ਮੰਗਾਂ ਨਾ ਮੰਨਣ ’ਤੇ ਲੜੀਵਾਰ ਸੰਘਰਸ਼ ਵਿੱਢਣ ਦੀ ਚਿਤਾਵਨੀ, ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਅੱਜ ਮੁਹਾਲੀ ਜ਼ਿਲ੍ਹੇ ਦੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਘਰ ਦੇ ਬਾਹਰ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਆਂਗਨਵਾੜੀ ਵਰਕਰਾਂ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਸਿੱਧੂ ਦੇ ਘਰ ਦੇ ਬਾਹਰ ਸੜਕ ’ਤੇ ਧਰਨਾ ਲਗਾ ਕੇ ਬੈਠ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਵਿਧਾਇਕ ਸਿੱਧੂ ਨੂੰ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਵੀ ਦਿੱਤਾ।
ਇਸ ਮੌਕੇ ਆਂਗਨਵਾੜੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਧਰਨੇ ਮੁਜ਼ਾਹਰੇ ਅਤੇ ਰੈਲੀਆਂ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਜਿਸ ਕਾਰਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਨਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਨਵਾੜੀ ਵਰਕਰਾਂ ਨੂੰ ਪਹਿਲਾਂ ਵਾਂਗ ਸੈਂਟਰਾਂ ਵਿੱਚ ਰਾਸ਼ਨ ਮੁਹੱਈਆ ਕਰਵਾਇਆ ਜਾਵੇ, ਠੇਕਾ ਪ੍ਰਣਾਲੀ ਤੁਰੰਤ ਬੰਦ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸੂਬਾ ਸਰਕਾਰ ਨੇ ਆਂਗਨਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦਾ ਹੁਕਮਰਾਨ ਪਾਰਟੀ ਨੂੰ ਚੋਣਾਂ ਵਿੱਚ ਖ਼ਮਿਆਜ਼ਾ ਭੁਗਤਨਾ ਪੈ ਸਕਦਾ ਹੈ। ਇਸ ਮੌਕੇ ਜਸਵਿੰਦਰ ਕੌਰ, ਚਰਨਜੀਤ ਕੌਰ, ਮੇਹਰ ਕੌਰ, ਰਜਵੰਤ ਕੌਰ, ਸਨਦੀਪ ਕੌਰ, ਹਰਦੀਪ ਕੌਰ, ਕੁਲਵਿੰਦਰ ਕੌਰ, ਪ੍ਰੀਤਪਾਲ ਕੌਰ, ਮਨਪ੍ਰੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …