ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਮੁਜ਼ਾਹਰਾ

ਸੁਖਬੀਰ ਬਾਦਲ ਨੇ ਆਂਗਨਵਾੜੀ ਵਰਕਰਾਂ ਦੇ ਧਰਨੇ ਵਾਲੀ ਥਾਂ ਪੁੱਜ ਕੇ ਇੱਕਜੱੁਟਤਾ ਪ੍ਰਗਟਾਈ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਂਗਨਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ:
ਦੀ ਆਲ ਪੰਜਾਬ ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੋਂ ਦੇ ਫੇਜ਼-8 ਵਿਖੇ ਸੂਬਾ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਤਕਰੇਬਾਜ਼ੀ ਦਾ ਸ਼ਿਕਾਰ ਹਨ ਅਤੇ ਸਰਕਾਰ ਅਤੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ। ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਸੀ ਅਤੇ ਹੁਣ ਮੌਜੂਦਾ ਸਰਕਾਰ ਵੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਕੁਝ ਨਹੀਂ ਕਰ ਰਹੀ।
ਉਧਰ, ਇਸ ਦੌਰਾਨ ਆਂਗਨਵਾੜੀ ਵਰਕਰਾਂ ਦੇ ਸੰਘਰਸ਼ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਆਂਗਣਵਾੜੀ ਵਰਕਰਾਂ ਨਾਲ ਇੱਕਜੱੁਟਤਾ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਂਗਨਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਨਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਲਈ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ, ਜਦੋਂਕਿ ਕੈਪਟਨ ਨੇ ਇਸ ਦੇ ਉਲਟ ਆਪਣੇ ਬੂਹੇ ਭੇੜ ਕੇ ਜੰਗਲਾਂ ਵਿੱਚ ਆਰਾਮ ਫਰਮਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਨਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਅਤੇ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਗਏ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਅਕਾਲੀ ਵਿਧਾਇਕ ਐਨਕੇ ਸ਼ਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…