
ਟਕਸਾਲੀ ਦਲ ਅਤੇ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਵੱਲੋਂ ਦਿੱਲੀ ਘਿਰਾਓ ਪੂਰਨ ਹਮਾਇਤ ਦਾ ਐਲਾਨ
ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈਣੀ ਤੁਰੰਤ ਬੰਦ ਕਰੇ: ਪੀਰਮੁਹੰਮਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਹੋਂਦ ਚਿੱਲੜ ਸਿੱਖ ਇਨਸਾਫ਼ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ ਵਿਆਪੀ ਅੰਦੋਲਨ ਤਹਿਤ 26 ਨੂੰ ਦਿੱਲੀ ਦੇ ਕੀਤੇ ਜਾ ਰਹੇ ਪੰਜ ਪਾਸਿਓਂ ਘਿਰਾਓ ਦੀ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਅਤੇ ਹੋਂਦ ਚਿੱਲੜ ਸਿੱਖ ਇਨਸਾਫ਼ ਜਥੇਬੰਦੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਸਾਨ ਜਥੇਬੰਦੀਆਂ ਦੇ ਸਮੂਹ ਵੱਲੋਂ ਪੁਰਅਮਨ ਢੰਗ ਨਾਲ ਲਏ ਅੱਜ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਦੇਸ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਉਣ ਲਈ ਜੋ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਹਨ ਜਦ ਤੱਕ ਇਨ੍ਹਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਟਕਸਾਲੀ ਦਲ ਦੇਸ਼ ਵਿਆਪੀ ਕਿਸਾਨ ਅੰਦੋਲਨ ਦੀ ਹਮਾਇਤ ਕਰਦਾ ਰਹੇਗਾ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ ਪ੍ਰੰਤੂ ਕਿਸਾਨ ਜਥੇਬੰਦੀਆਂ ਬਹੁਤ ਹੀ ਸਿਆਣਪ ਅਤੇ ਸੁਚੱਜੇ ਢੰਗ ਨਾਲ ਆਪਣਾ ਅੰਦੋਲਨ ਨੂੰ ਪੁਰਅਮਨ ਢੰਗ ਨਾਲ ਚਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ ਦੇ ਹਰੇਕ ਵਰਗ ਕਿਸਾਨ ਅੰਦੋਲਨ ਨਾਲ ਜੁੜ ਚੁੱਕਿਆ ਹੈ ਅਤੇ ਹੁਣ ਇਹ ਅੰਦੋਲਨ ਫੈਸਲਾਕੁਨ ਸਥਿਤੀ ਵਿੱਚ ਪਹੁੰਚ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰੇ ਅਤੇ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੇ ਭਵਿੱਖ ਲਈ ਠੋਸ ਨੀਤੀ ਦੀ ਘੋਸ਼ਣਾ ਕਰੇ।