nabaz-e-punjab.com

ਟਕਸਾਲੀ ਦਲ ਵੱਲੋਂ ਬੀਬੀ ਖਾਲੜਾ ਨੂੰ ਹਮਾਇਤ ਦੇਣ ਦੇ ਐਲਾਨ ਮਗਰੋਂ ਪੰਜਾਬ ਵਿੱਚ ਤੀਜਾ ਫਰੰਟ ਬਣਨ ਦੇ ਆਸਾਰ ਬਣੇ

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀਡੀਓ ਜਾਰੀ ਕਰਕੇ ਸਾਰੀ ਹਮਖ਼ਿਆਲ ਧਿਰਾਂ ਨੂੰ ਇੱਕਜੱੁਟ ਹੋਣ ਦਾ ਸੱਦਾ

ਕਾਂਗਰਸ ਅਤੇ ਅਕਾਲੀਭਾਜਪਾ ਨੂੰ ਹਰਾਉਣ ਲਈ ਸਾਰੀਆਂ ਸੀਟਾਂ ’ਤੇ ਸਿਰਫ਼ ਇੱਕ ਉਮੀਦਵਾਰ ਨੂੰ ਹਮਾਇਤ ਦੇਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਲੋਕ ਸਭਾ ਚੋਣਾਂ ਦੇ ਐਨ ਮੌਕੇ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਦੀ ਹਮਾਇਤ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਸਿਆਸੀ ਸਮੀਕਰਨ ਪੈਦਾ ਹੋ ਗਏ ਹਨ। ਟਕਸਾਲੀਆਂ ਦੇ ਇਸ ਫੈਸਲੇ ਤੋਂ ਪੰਜਾਬ ਵਿੱਚ ਨਵੇਂ ਸਿਰਿਓਂ ਤੀਜਾ ਫਰੰਟ ਬਣਨ ਦੇ ਆਸਾਰ ਪੈਦਾ ਹੋ ਗਏ ਹਨ। ਇਸ ਸਬੰਧੀ ਹੁਣ ਬਸ ਹਮਖਿਆਲੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਮੁੜ ਤੋਂ ਸਿਰ ਜੋੜ ਕੇ ਬੈਠਣ ਦੀ ਲੋੜ ਹੈ। ਕਈ ਆਗੂਆਂ ਮੁੜ ਤੋਂ ਅਜਿਹਾ ਮੰਚ ਉਸਾਰਨ ਲਈ ਭੱਜ ਦੌੜ ਸ਼ੁਰੂ ਕਰ ਦਿੱਤੀ ਹੈ ਅਤੇ ਟੇਲੀਫੋਨ ਅਤੇ ਸੋਸ਼ਲ ਮੀਡੀਆ ’ਤੇ ਅਪੀਲਾਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਜਥੇਦਾਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਖਡੂਰ ਸਾਹਿਬ ਵਿੱਚ ਬੀਬੀ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਨੂੰ ਹਰਾਉਣ ਲਈ ਪੰਜਾਬ ਵਿੱਚ ਸਾਰੀਆਂ ਸੀਟਾਂ ’ਤੇ ਸਿਰਫ਼ ਇੱਕ ਹੀ ਉਮੀਦਵਾਰ ਦੀ ਹਮਾਇਤ ਕਰਨ ਦਾ ਨਿਰਣਾ ਲਿਆ ਜਾਵੇ। ਸ੍ਰੀ ਖਹਿਰਾ ਨੇ ਅੱਜ ਸੋਸ਼ਲ ਮੀਡੀਆ ’ਤੇ ਆਪਣੀ ਇੱਕ ਵੀਡੀਓ ਅਪਲੋਡ ਕਰਕੇ ਕਿਹਾ ਕਿ ਟਕਸਾਲੀਆਂ ਨੇ ਬੀਬੀ ਖਾਲੜਾ ਨੂੰ ਹਮਾਇਤ ਦੇ ਕੇ ਫਿਰਾਕਦਿਲੀ ਦਿਖਾਈ ਹੈ। ਇਸ ਲਈ ਉਹ ਟਕਸਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਵਿੱਚ ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਕਰਵਾ ਕੇ ਅਕਾਲੀ ਦਲ ਦੇ ਸਾਰੇ ਭੁਲੇਖੇ ਦੂਰ ਕੀਤੇ ਜਾਣਗੇ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਖਡੂਰ ਸਾਹਿਬ ’ਚੋਂ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ਤੋਂ ਹਟਾ ਕੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣ ਲਈ ਜਥੇਦਾਰ ਬ੍ਰਹਮਪੁਰਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸੁਖਪਾਲ ਖਹਿਰਾ ਨੂੰ ਵੀ ਅਪੀਲ ਕੀਤੀ ਕਿ ਹੁਣ ਉਹ ਵੀ ਫਿਰਾਕਦਿਲੀ ਦਿਖਾਉਂਦੇ ਹੋਏ ਪੰਜਾਬ ਭਰ ਵਿੱਚ ਟਕਸਾਲੀ ਦਲ ਦੇ ਮੁਕਾਬਲੇ ਆਪਣਾ ਕੋਈ ਉਮੀਦਵਾਰ ਖੜਾ ਨਾ ਕਰਨ। ਉਨ੍ਹਾਂ ਕਿਹਾ ਕਿ ਟਕਸਾਲੀ ਦਲ, ਪੰਜਾਬ ਏਕਤਾ ਪਾਰਟੀ ਸਮੇਤ ਸਾਰੀਆਂ ਹਮਖ਼ਿਆਲੀ ਪਾਰਟੀਆਂ ਨੂੰ ਪੰਜਾਬ ਵਿੱਚ ਤੀਜਾ ਫਰੰਟ ਬਣਾਉਣ ਲਈ ਨਵੇਂ ਸਿਰਿਓਂ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਸਬੰਧੀ ਪੰਜਾਬ ਏਕਤਾ ਪਾਰਟੀ ਦੇ ਆਗੂ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਪੰਜਾਬੀਆਂ ਨੂੰ ਤੀਜਾ ਬਦਲ ਦੇਣ ਲਈ ਸਾਰੀਆਂ ਨਵੀਆਂ ਪਾਰਟੀਆਂ ਨੂੰ ਇੱਕ ਸਾਂਝੇ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਸਮਰਥਕ ਅਤੇ ਪੰਜਾਬ ਅਗੇਂਸਟ ਭ੍ਰਿਸ਼ਟਾਚਾਰ ਦੇ ਪ੍ਰਧਾਨ ਸਿੰਘ ਦਾਊਂ ਨੇ ਵੀ ਆਪਣੀ ਟਿੱਪਣੀ ਵਿੱਚ ਸਾਰੀਆਂ ਹਮਖ਼ਿਆਲ ਪਾਰਟੀਆਂ ਨੂੰ ਪੰਜਾਬ ਦੇ ਭਲੇ ਲਈ ਏਕਾ ਕਰਨ ਦੀ ਅਪੀਲ ਕੀਤੀ।
ਉਧਰ, ਆਪ ਦੇ ਬਾਗੀ ਵਿਧਾਇਕ ਕੰਵਰ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੀ ਤਰੱਕੀ ਲਈ ਵਧੀਆਂ ਗੱਲ ਹੈ। ਪ੍ਰੰਤੂ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਕਾਫੀ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ ਲੇਕਿਨ ਫਿਰ ਵੀ ਉਹ ਸੂਬੇ ਦੀ ਬਿਹਤਰੀ ਲਈ ਆਪਣੇ ਸਾਥੀਆਂ ਨਾਲ ਜ਼ਰੂਰ ਗੱਲ ਕਰਨਗੇ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…