Nabaz-e-punjab.com

ਬਡਾਲਾ ਸਕੂਲ ਵਿਵਾਦ: ਯੂਨਾਈਟਿਡ ਸਿੱਖ ਪਾਰਟੀ ਵੱਲੋਂ ਐਸਜੀਪੀਸੀ ਦੀ ਸਿੱਟ ਦਾ ਬਾਈਕਾਟ ਕਰਨ ਦਾ ਐਲਾਨ

ਐਸਜੀਪੀਸੀ ’ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟ ਬੈਂਕ ਲਈ ਸਿੱਖਾਂ ਦੇ ਮਾਮਲੇ ਵਿੱਚ ਸਿਆਸੀ ਰੋਟੀਆਂ ਸੇਕਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ-ਬਡਾਲਾ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਐਸਜੀਪੀਸੀ ਦੇ ਦੋ ਮੈਂਬਰਾਂ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ ਅਤੇ ਐਸਜੀਪੀਸੀ ਦੇ ਸਕੱਤਰ ’ਤੇ ਆਧਾਰਿਤ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਟੀਮ ਵੱਲੋਂ ਭਲਕੇ ਸੋਮਵਾਰ ਨੂੰ ਸਕੂਲ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਸ਼ਿਕਾਇਤ ਕਰਤਾ ਸਿੱਖ ਜਥੇਬੰਦੀ ਅਤੇ ਪੀੜਤ ਸਿੱਖ ਬੱਚਿਆਂ ਦੇ ਬਿਆਨ ਦਰਜ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਉਧਰ, ਦੂਜੇ ਪਾਸੇ ਯੂਨਾਈਟਿਡ ਸਿੱਖ ਪਾਰਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਤੇ ਹੋਰਨਾਂ ਆਗੂਆਂ ਨੇ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟ ਬੈਂਕ ਵਧਾਉਣ ਲਈ ਇਸ ਮਾਮਲੇ ਵਿੱਚ ਹੁਣ ਐਸਜੀਪੀਸੀ ਸਿਆਸੀ ਰੋਟੀਆਂ ਸੇਕ ਰਹੀ ਹੈ ਜਦੋਂਕਿ ਧਾਰਮਿਕ ਭਾਵਨਾਵਾਂ ਤੋਂ ਪੀੜਤ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਰੀਬ ਮਹੀਨਾ ਪਹਿਲਾਂ ਹਲਫ਼ਨਾਮਾ ਦੇ ਕੇ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਐਸਜੀਪੀਸੀ ਨੇ ਪੀੜਤ ਬੱਚਿਆਂ ਦੀ ਸ਼ਿਕਾਇਤ ਨੂੰ ਆਧਾਰ ਬਣਾ ਸਕੂਲ ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਇਹੀ ਨਹੀਂ ਐਸਜੀਪੀਸੀ ਨੇ ਮਾਮਲੇ ਦੀ ਪੜਤਾਲ ਕਰਵਾਉਣ ਦੀ ਲੋੜ ਨਹੀਂ ਸਮਝੀ ਲੇਕਿਨ ਹੁਣ ਜਦੋਂ ਇਹ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਸਿੱਖ ਜਥੇਬੰਦੀ ਸੰਘਰਸ਼ ਦੇ ਰਾਹ ਪੈ ਗਈ ਹੈ ਤਾਂ ਹੁਣ ਐਸਜੀਪੀਸੀ ਨੇ ਸਿਆਹੀ ਲਾਹਾ ਲੈਣ ਲਈ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨਾਈਟਿਡ ਸਿੱਖ ਪਾਰਟੀ ਐਸਪੀਪੀਸੀ ਦੀ ਜਾਂਚ ਕਮੇਟੀ ਦਾ ਪੂਰੀ ਤਰ੍ਹਾਂ ਬਾਈਕਾਟ ਕਰਦੀ ਹੈ। ਉਨ੍ਹਾਂ ਦੱਸਿਆ ਕਿ ਐਸਐਸਪੀ ਦੇ ਹੁਕਮਾਂ ’ਤੇ ਪਹਿਲਾਂ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਖਰੜ ਦੇ ਐਸਡੀਐਮ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੀ ਆਪਣੇ ਪੱਧਰ ’ਤੇ ਜਾਂਚ ਕਰ ਰਹੇ ਹਨ। ਲਿਹਾਜ਼ਾ ਹੁਣ ਸਿਆਸੀ ਤੌਰ ’ਤੇ ਇਸ ਮਾਮਲੇ ਦੀ ਜਾਂਚ ਦੀ ਲੋੜ ਨਹੀਂ ਹੈ।
ਇਸ ਮੌਕੇ ਜ਼ਿਲ੍ਹਾ ਆਗੂ ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਸਾਧੂ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਕਰਮ ਸਿੰਘ ਖੂਨੀਮਾਜਰਾ, ਜਸਬੀਰ ਸਿੰਘ, ਆਤਮਾ ਸਿੰਘ ਅਤੇ ਭਾਈ ਗੁਰਦੇਵ ਸਿੰਘ ਵੀ ਹਾਜ਼ਰ ਸਨ।
(ਬਾਕਸ ਆਈਟਮ)
ਸ਼੍ਰੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਕਤ ਮਾਮਲੇ ਸਬੰਧੀ ਐਸਜੀਪੀਸੀ ਦੇ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ ਅਤੇ ਮੀਤ ਸਕੱਤਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਤਿੰਨ ਮੈਂਬਰ ਸਬ ਕਮੇਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਪੜਤਾਲੀਆਂ ਟੀਮ ਨੂੰ ਜਲਦੀ ਆਪਣੀ ਰਿਪੋਰਟ ਭੇਜਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
(ਬਾਕਸ ਆਈਟਮ)
ਉਧਰ, ਪ੍ਰਿੰਸੀਪਲ ਮਲਕੀਤ ਸਿੰਘ ਪਹਿਲਾਂ ਹੀ ਸਿੱਖ ਜਥੇਬੰਦੀ ਅਤੇ ਪੀੜਤ ਬੱਚਿਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਵਿੱਚ ਕਿਸੇ ਵੀ ਸਿੱਖ ਬੱਚੇ ਨੂੰ ਕਰਾਰਾਂ ਤੋਂ ਨਹੀਂ ਰੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਸਿਰ ਤੋਂ ਮੋਨੇ ਨੌਜਵਾਨਾਂ ਨੂੰ ਮੋਟਾ ਕੜਾ ਪਾਉਣ ਦੀ ਥਾਂ ਆਮ ਸਾਧਾਰਨ ਕੜਾ ਪਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਵਰਗਲਾ ਕੇ ਸਕੂਲ ਖ਼ਿਲਾਫ਼ ਭੜਕਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…