
ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਜਥੇਬੰਦਕ ਢਾਂਚੇ ਦਾ ਐਲਾਨ
ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ: ਰੂਬੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਸਰਕਲ ਪ੍ਰਧਾਨ ਸਮੇਤ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਸ਼ਹਿਰ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਅੱਜ ਨਵੇਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਜਿਸ ਵਿੱਚ ਸਰਕਲ 10 ਤੋਂ ਸਰਬਜੀਤ ਸਿੰਘ ਗੋਲਡੀ ਨੂੰ ਪ੍ਰਧਾਨ, 13 ਸੀਨੀਅਰ ਮੀਤ ਪ੍ਰਧਾਨ, 30 ਮੀਤ ਪ੍ਰਧਾਨ, 13 ਜਰਨਲ ਸਕੱਤਰ, 10 ਜਥੇਬੰਦਕ ਸਕੱਤਰ, 3 ਪ੍ਰੈਸ ਸਕੱਤਰ, 47 ਵਰਕਿੰਗ ਕਮੇਟੀ ਮੈਂਬਰ ਅਤੇ 5 ਕਾਨੂੰਨੀ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਾਇ ਨਾਲ ਅਹੁਦੇਦਾਰ ਐਲਾਨੇ ਗਏ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡਟ ਕੇ ਪਹਿਰ ਦਿੱਤਾ ਹੈ। ਆਉਂਦੇ ਕੁਝ ਦਿਨਾਂ ਵਿੱਚ ਦੂਜੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਸ਼ਹਿਰੀ ਖੇਤਰ ਵਿੱਚ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਰਪ੍ਰਸਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਤੇ ਪਰਦੀਪ ਸਿੰਘ ਭਾਰਜ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਵੀ ਹਾਜ਼ਰ ਸਨ।