nabaz-e-punjab.com

ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਪੱਧਰੀ ਵਰਕਸ਼ਾਪ ਕਰਵਾਉਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
ਪੰਜਾਬ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵੈਟਰਨਰੀ ਡਾਕਟਰਾਂ ਦੀ ਅਹਿਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਦੇ ਉਦੇਸ਼ ਨਾਲ ਪੰਜਾਬ ਦੀ ਆਪ ਸਰਕਾਰ ਵੱਲੋਂ ਮੁਹਾਲੀ ਵਿੱਚ ‘ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਭਾਈਵਾਲੀ ਅਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ’ ਸਬੰਧੀ ਸੂਬਾ ਪੱਧਰੀ ਤਕਨੀਕੀ ਵਰਕਸ਼ਾਪ ਕਰਵਾਈ ਜਾਵੇਗੀ। ਇਹ ਜਾਣਕਾਰੀ ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਬੁਲਾਰੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਵਰਕਸ਼ਾਪ ਦੌਰਾਨ ਦੇਸ਼ ਭਰ ਦੇ ਨਾਮਵਰ ਮਾਹਰ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕਰਨਗੇ, ਜਿਸ ਨਾਲ ਇਹ ਵਰਕਸ਼ਾਪ ਵੈਟਰਨਰੀ ਕਮਿਊਨਿਟੀ ਲਈ ਬਹੁਤ ਅਹਿਮ ਬਣ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਇਸ ਵਰਕਸ਼ਾਪ ਦੀ ਪ੍ਰਧਾਨਗੀ ਕਰਨਗੇ, ਜਦਕਿ ਵੈਟਰਨਰੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਡਾ. ਉਮੇਸ਼ ਚੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ 500 ਤੋਂ ਵੱਧ ਵੈਟਰਨਰੀ ਡਾਕਟਰਾਂ ਦੇ ਸ਼ਮੂਲੀਅਤ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਮੁਹਾਲੀ ਵਿੱਚ ਕਰਵਾਈ ਜਾ ਰਹੀ ਇਹ ਆਪਣੀ ਕਿਸਮ ਦੀ ਪਹਿਲੀ ਵਰਕਸ਼ਾਪ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਸੂਬੇ ਦੇ ਸਾਰੇ ਵੈਟਰਨਰੀ ਡਾਕਟਰਾਂ ਨੂੰ ਰਜਿਸਟਰ ਕਰਨ ਵਾਲੀ ਇਕ ਵਿਧਾਨਕ ਸੰਸਥਾ ਹੈ। ਰਜਿਸਟਰ ਹੋਣ ਉਪਰੰਤ ਵੈਟਰਨਰੀ ਡਾਕਟਰ ਵੈਟਰਨਰੀ ਖੇਤਰ ਵਿੱਚ ਪ੍ਰੈਕਟਿਸ ਕਰ ਸਕਦੇ ਹਨ। ਇਸ ਸੰਸਥਾ ਤੋਂ ਰਜਿਸਟਰਡ ਵੈਟਰਨਰੀ ਪ੍ਰੈਕਟੀਸ਼ਨਰਾਂ ਨੂੰ ਵਰਕਸ਼ਾਪ/ਸੈਮੀਨਾਰਾਂ ਰਾਹੀਂ ਸਿਖਲਾਈ ਪ੍ਰਦਾਨ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …