Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਤਨਖ਼ਾਹ ’ਚ ਕਟੌਤੀ ਅਤੇ ਦੂਜੇ ਜ਼ਿਲ੍ਹਿਆਂ ਵਿੱਚ ਲੱਗੀਆਂ ਆਰਜ਼ੀ ਡਿਊਟੀਆਂ ਤੋਂ ਨਿਰਾਸ਼ ਨੇ ਦਫ਼ਤਰੀ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਤੇ ਗੱਲਬਾਤ ਕਰਨ ਤੋਂ ਭੱਜ ਰਹੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ: ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਇਨਸਾਫ਼ ਮਿਲਣ ਆਸ ਲਾਈ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਨੂੰ ਪੱਕੇ ਹੋਣ ਅਤੇ ਹੋਰ ਜਾਇਜ਼ ਮੰਗਾਂ ਲਈ ਉਡੀਕ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਜਿਸ ਕਾਰਨ ਕੱਚੇ ਮੁਲਾਜ਼ਮ ਕਾਫ਼ੀ ਅੌਖੇ ਹਨ। ਇਹੀ ਨਹੀਂ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ ਇਨ੍ਹਾਂ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਹੁਣ ਇਨ੍ਹਾਂ ਕਾਮਿਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਆਪ ਸਰਕਾਰ ਨੇ ਕੱਚੇ ਦਫ਼ਤਰੀ ਕਾਮਿਆ ਨੂੰ ਪੱਕਾ ਕਰਨ ਦੀ ਥਾਂ 5000 ਤੋਂ 6000 ਰੁਪਏ ਦੀ ਤਨਖ਼ਾਹ ਕਟੌਤੀ ਕਰ ਦਿੱਤੀ ਹੈ। ਪਿਛਲੇ 10-15 ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਵਿਰੁੱਧ ਸੰਘਰਸ਼ ਕਰਦੇ ਆ ਰਹੇ ਕੱਚੇ ਕਾਮਿਆਂ ਨੂੰ ਆਮ ਆਦਮੀ ਪਾਰਟੀ ਤੋਂ ਆਸ ਦੀ ਕਿਰਨ ਜਾਗੀ ਸੀ ਕਿਉਂਕਿ ਇਸ ਤੋਂ ਪਹਿਲਾਂ 10 ਸਾਲ ਅਕਾਲੀ ਸਰਕਾਰ ਨੇ ਝੂਠੇ ਲਾਰਿਆਂ ਵਿੱਚ ਰੱਖਿਆ। ਫਿਰ 5 ਸਾਲ ਕੈਪਟਨ ਤੇ ਅਖੀਰਲੇ ਵਰ੍ਹੇ ਚੰਨੀ ਸਰਕਾਰ ਨੇ ਸਿਰਫ਼ ਐਲਾਨ ’ਤੇ ਐਲਾਨ ਕਰਕੇ ਬੁੱਤਾ ਸਾਰ ਦਿੱਤਾ। ਉਧਰ, ਰਵਾਇਤੀ ਪਾਰਟੀਆਂ ਤੋਂ ਅੱਕੇ ਕੱਚੇ ਮੁਲਾਜ਼ਮਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਨੇ ਸਤਾ ਵਿੱਚ ਆਉਣ ਤੋਂ ਬਾਅਦ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੂਰੀਆਂ ਤਨਖ਼ਾਹਾਂ ਦੇਣ ਦਾ ਭਰੋਸਾ ਦਿੱਤਾ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਡੇਢ ਦਹਾਕੇ ਤੋਂ ਕੰਮ ਕਰ ਰਹੇ ਦਫ਼ਤਰੀ ਸਟਾਫ਼ ਨਾਲ ਉਦੋਂ ਤਾਂ ਜੱਗੋਂ ਤੇਰ੍ਹਵੀਂ ਹੋ ਗਈ ਜਦੋਂ ਭਗਵੰਤ ਮਾਨ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਉਲਟਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਤੇ ਕੁਹਾੜਾ ਚਲਾ ਦਿੱਤਾ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਫ਼ਤਰੀ ਕਰਮਚਾਰੀਆਂ ਦੂਰ-ਦੁਰਾਡੇ ਡਿਊਟੀਆਂ ਲਾਈਆ ਗਈਆ ਸਨ। ਤਨਖ਼ਾਹ ਕਟੌਤੀ, ਆਰਜ਼ੀ ਡਿਊਟੀਆਂ ਰੱਦ ਕਰਨ, ਰੈਗੂਲਰ ਕਰਨ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੱਕ ਪਹੁੰਚ ਕਰ ਚੁੱਕੇ ਹਨ ਪਰ ਇਹ ਦੋਵੇਂ ਆਗੂ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਜਿਸ ਕਰਕੇ ਮੁਲਾਜ਼ਮਾਂ ਕੋਲ ਹੁਣ ਸੰਘਰਸ਼ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ ਹੈ। ਮੁਲਾਜ਼ਮਾਂ ਨੇ 14 ਜੂਨ ਨੂੰ ਸਿੱਖਿਆ ਮੰਤਰੀ ਦੀ ਬਰਨਾਲਾ ਸਥਿਤ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰਨ ਤੋਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਜਗਜੀਤ ਸਿੰਘ, ਭੁਪਿੰਦਰ ਕੁਮਾਰ, ਜਗਸੀਰ ਸਿੰਘ, ਜਸਵੀਰ ਸਿੰਘ, ਅਸ਼ੋਕ ਕੁਮਾਰ ਅਤੇ ਮੀਨਾਕਸ਼ੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ