ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਿਰੁੱਧ ਸਿੱਖਿਆ ਬੋਰਡ ਅੱਗੇ ਧਰਨਾ ਦੇਣ ਦਾ ਐਲਾਨ

ਪੰਜਾਬ ਸਰਕਾਰ, ਸਿੱਖਿਆ ਬੋਰਡ ਤੇ ਪੁਲੀਸ ਨੂੰ ਅਨੇਕਾਂ ਸ਼ਿਕਾਇਤਾਂ ਦਿੱਤੀਆਂ ਨਹੀਂ ਹੋਈ ਕਾਰਵਾਈ: ਸਿਰਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਇਕ ਪ੍ਰਾਈਵੇਟ ਲੇਖਕ ਦੀ ਹਿਸਟਰੀ ਦੀ ਵਿਵਾਦਿਤ ਕਿਤਾਬ ਨੂੰ ਪੜਾਉਣ ਦਾ ਮਾਮਲਾ ਭਖ ਗਿਆ ਹੈ। ਜਿਸ ਵਿੱਚ ਗੁਰੂ ਸਾਹਿਬਾਨਾਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਗੱਲ ਕਹੀ ਜਾ ਰਹੀ ਹੈ। ਮੁਹਾਲੀ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਮੀਡੀਆ ਅੱਗੇ ਸਬੂਤ ਵਜੋਂ ਮਾਰਕੀਟ ਵਿੱਚ ਖੁੱਲ੍ਹੇਆਮ ਵਿਕ ਰਹੀਆਂ ਅਜਿਹੀਆਂ ਕਿਤਾਬਾਂ ਪੇਸ਼ ਕਰਦਿਆਂ ਕਿਹਾ ਕਿ ਅੱਜ ਵੀ ਇਹ ਕਿਤਾਬਾਂ ਧੜੱਲੇ ਨਾਲ ਮਾਰਕੀਟ ਵਿੱਚ ਵਿੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਕਿਤਾਬਾਂ ਪ੍ਰਵਾਨਿਤ ਨਹੀਂ ਹਨ ਤਾਂ ਪਬਲਿਸ਼ਰ ਵਿਰੁੱਧ ਅਪਰਾਧਿਕ ਪਰਚਾ ਦਰਜ ਕੀਤਾ ਜਾਵੇ।
ਸ੍ਰੀ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਕਿਤਾਬਾਂ ਵਿੱਚ ਗੁਰੂ ਨਾਨਕ ਦੇਵ ਜੀ ਬਾਰੇ ਲਿਖਿਆ ਹੈ ਕਿ ਉਨ੍ਹਾਂ ਨੇ ਕਿਸੇ ਵੀ ਹਿੰਦੂ ਰੀਤੀ ਰਿਵਾਜ ਦਾ ਵਿਰੋਧ ਨਹੀਂ ਕੀਤਾ, ਨਾ ਹੀ ਕੋਈ ਨਵੀਂ ਸੰਸਥਾ ਚਲਾਈ, ਨਾ ਹੀ ਕਿਸੇ ਵੱਖਰੇ ਧਰਮ ਦੀ ਸਥਾਪਨਾ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਦੇ ਅਤੇ ਹਿੰਦੂ ਮੱਤ ਦੇ ਵਿਚਾਰਾਂ ਵਿੱਚ ਕੋਈ ਅੰਤਰ ਹੈ। ਲੇਖਕ ਵੱਲੋਂ ਸਿੱਟਾ ਕੱਢਿਆ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਹਿੰਦੂ ਧਰਮ ਦੇ ਹੀ ਪ੍ਰਚਾਰਕ ਸਨ।
ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਤਾਬ ਵਿੱਚ ਗੁਰੂ ਤੇਗ਼ ਬਹਾਦਰ ਬਾਰੇ ਪੰਨਾ ਨੰਬਰ 113 ਉੱਤੇ ਲਿਖਿਆ ਹੈ ਕਿ ਹਿੰਦ ਦੀ ਚਾਦਰ ਨੂੰ ਧਾਰਮਿਕ ਕਾਰਨਾਂ ਕਰਕੇ ਸ਼ਹੀਦ ਨਹੀਂ ਸੀ ਕੀਤਾ ਗਿਆ ਸਗੋਂ ਉਹ ਇਕ ਰਾਜਸੀ ਵਿਦਰੋਹੀ ਸਨ। ਇੰਜ ਹੀ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਵੀ ਬਹੁਤ ਘਟੀਆ ਦਰਜੇ ਦੀ ਸ਼ਬਦਾਵਲੀ ਵਰਤੀ ਗਈ ਹੈ। ਬੰਦਾ ਸਿੰਘ ਬਹਾਦਰ ਨੂੰ ਮਜ਼ਲੂਮਾਂ ਦਾ ਖੂਨ ਚੂਸਣ ਵਾਲਾ, ਅੌਰਤਾਂ ਦੀਆਂ ਇੱਜ਼ਤਾਂ ਲੁੱਟਣ ਵਾਲਾ ਇਕ ਰਾਖ਼ਸ਼ਿਸ਼ ਦੱਸਿਆ ਗਿਆ ਹੈ।
ਕਿਸਾਨ ਆਗੂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਹੁਣ ਤੱਕ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ 7 ਫਰਵਰੀ ਨੂੰ ਸਿੱਖਿਆ ਬੋਰਡ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਅਤੇ ਸਿੱਖ ਸਵੇਰੇ 11 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਣਗੇ, ਜਿੱਥੋਂ ਸਕੂਲ ਬੋਰਡ ਤੱਕ ਰੋਸ ਮਾਰਚ ਕੀਤਾ ਜਾਵੇਗਾ ਅਤੇ ਬੋਰਡ ਮੁਖੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਗੁਰਨਾਮ ਸਿੰਘ ਜੱਸੜਾ, ਕੁਲਵਿੰਦਰ ਸਿੰਘ ਪੰਜੋਲਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਉਧਰ, ਦੂਜੇ ਪਾਸੇ ਸੰਪਰਕ ਕਰਨ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਵੱਲੋਂ ਅਜਿਹੀ ਕੋਈ ਵਿਵਾਦਿਤ ਕਿਤਾਬ ਪ੍ਰਵਾਨ ਨਹੀਂ ਕੀਤੀ ਗਈ ਹੈ। ਕਿਸਾਨ ਆਗੂ ਵੱਲੋਂ ਜੋ ਗਲਤੀਆਂ ਅਤੇ ਤਰੁੱਟੀਆਂ ਸਿੱਖਿਆ ਬੋਰਡ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਇਸ ਸਬੰਧੀ ਕਮੇਟੀ ਨੇ ਜੋ ਸਿਫ਼ਾਰਸ਼ਾਂ ਕੀਤੀਆਂ ਹਨ, ਉਹ ਵਿਚਾਰ ਅਧੀਨ ਹਨ। ਜੇਕਰ ਕੋਈ ਲੇਖਕ ਆਪਣੇ ਪੱਧਰ ’ਤੇ ਕਿਤਾਬ ਮਾਰਕੀਟ ਵਿੱਚ ਵੇਚਦਾ ਹੈ, ਤਾਂ ਉਸ ਲਈ ਉਹ ਖ਼ੁਦ ਜ਼ਿੰਮੇਵਾਰ ਹੈ। ਜਿਸ ਕਮੇਟੀ ਵੱਲੋਂ ਕਿਤਾਬ ਲਈ ਸਿਫ਼ਾਰਸ਼ਾਂ ਕੀਤੀਆਂ ਸਨ, ਉਸ ਕਮੇਟੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਕਮੇਟੀ ਦੇ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਭੇਜੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…