ਸਾਲਾਨਾ ਪ੍ਰੀਖਿਆਵਾਂ: ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ ਲਿਆ
ਪ੍ਰਸ਼ਨ-ਪੱਤਰ ਬੈਂਕਾਂ ਤੇ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ
ਪ੍ਰੀਖਿਆਵਾਂ ਡਿਊਟੀ ’ਤੇ ਤਾਇਨਾਤ ਅਮਲੇ ਦੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਕੱਤਰ
ਐਸ.ਏ.ਐਸ. ਨਗਰ (ਮੁਹਾਲੀ), 5 ਫਰਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀਮਤੀ ਪਰਲੀਨ ਕੌਰ ਬਰਾੜ ਅਤੇ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਨੇ ਪੰਜਾਬ ਦੇ ਸਮੂਹ ਖੇਤਰੀ ਦਫ਼ਤਰਾਂ ਦੇ ਜ਼ਿਲ੍ਹਾ ਮੈਨੇਜਰਾਂ ਅਤੇ ਬੋਰਡ ਅਧਿਕਾਰੀਆਂ ਨਾਲ ਕੀਤੀ ਅਤੇ ਸਾਲਾਨਾ ਪ੍ਰੀਖਿਆਵਾਂ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਵਿੱਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸ਼ੁਰੂ ਹੋਣ ਜਾ ਰਹੀਆਂ ਪ੍ਰੀਖਿਆਵਾਂ ’ਤੇ ਚਰਚਾ ਕੀਤੀ ਗਈ। ਪ੍ਰਸ਼ਨ-ਪੱਤਰਾਂ ਨੂੰ ਅਧਿਕਾਰਤ ਬੈਂਕਾਂ ਵਿੱਚ ਰੱਖਣ ਅਤੇ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਨਵੀਂ ਪਹਿਲ ਕਰਦਿਆਂ ਪ੍ਰੀਖਿਆ ਕੇਂਦਰਾਂ ਨੂੰ ਕੰਟਰੋਲਡ ਉੱਤਰ-ਪੱਤਰੀਆਂ ਹੀ ਸਪਲਾਈ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਹੁਣ ਅਸਾਨੀ ਨਾਲ ਇਹ ਪਤਾ ਲੱਗ ਸਕੇਗਾ ਕਿ ਕਿੰਨੀਆਂ ਉੱਤਰ-ਪੱਤਰੀਆਂ ਕਿਹੜੇ ਸਕੂਲਾਂ\ਪ੍ਰੀਖਿਆ ਕੇਂਦਰਾਂ ਵਿੱਚ ਗਈਆਂ ਹਨ ਅਤੇ ਕਿੰਨੀਆਂ ਵਰਤੋਂ ਵਿੱਚ ਆਈਆਂ ਹਨ। ਇਹ ਪ੍ਰਕਿਰਿਆ ਪੰਜਾਬ ਵਿੱਚ ਨਕਲ ਨੂੰ ਨੱਥ ਪਾਉਣ ਵਿੱਚ ਇੱਕ ਅਹਿਮ ਰੋਲ ਅਦਾ ਕਰੇਗੀ।
ਕੰਟਰੋਲਰ (ਪ੍ਰੀਖਿਆਵਾਂ) ਨੇ ਪ੍ਰੀਖਿਆਰਥੀਆਂ ਦੀਆਂ ਵੱਖ-ਵੱਖ ਕੈਟਾਗਰੀਆਂ ਲਈ ਵੀ ਅਹਿਮ ਹਦਾਇਤਾਂ ਜਾਰੀ ਕਰਦਿਆਂ ਦੱਸਿਆ ਕਿ ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੈਟਾਗਰੀਆਂ ਲਈ ਡੀਏ ਕੋਡ ਵਾਲੇ ਪ੍ਰਸ਼ਨ-ਪੱਤਰ ਵਿਸ਼ੇਸ਼ ਰੂਪ ਵਿੱਚ ਤਿਆਰ ਕਰਵਾਏ ਗਏ ਹਨ।
ਮੀਟਿੰਗ ਦੌਰਾਨ ਸਕੱਤਰ ਨੇ ਸਾਲਾਨਾ ਪ੍ਰੀਖਿਆਵਾਂ ਲਈ ਪੁਖ਼ਤਾ ਪ੍ਰਬੰਧ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰੀਖਿਆਵਾਂ ਡਿਊਟੀ ’ਤੇ ਤਾਇਨਾਤ ਅਮਲੇ ਦੀ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰੀਖਿਆਵਾਂ ਲਈ ਖੇਤਰੀ ਦਫ਼ਤਰਾਂ ਵੱਲੋਂ ਨਿਭਾਈ ਜਾਣ ਵਾਲੀ ਅਹਿਮ ਭੂਮਿਕਾ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਸੰਯੁਕਤ ਸਕੱਤਰ ਜੇਆਰ ਮਹਿਰੋਕ ਅਤੇ ਉਪ ਸਕੱਤਰ ਗੁਰਤੇਜ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।