Share on Facebook Share on Twitter Share on Google+ Share on Pinterest Share on Linkedin ਸਾਲਾਨਾ ਪ੍ਰੀਖਿਆਵਾਂ: ਨਕਲ ਰੋਕਣ ਲਈ 278 ਉੱਡਣ ਦਸਤੇ ਰੱਖਣਗੇ ਵਿਦਿਆਰਥੀਆਂ ’ਤੇ ਬਾਜ਼ ਅੱਖ ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਸਰਹੱਦੀ ਇਲਾਕਿਆਂ ਦੇ ਪ੍ਰੀਖਿਆ ਕੇਂਦਰਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਪੰਜਾਬ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਣਾਈ ਰੱਖਣ ਲਈ ਵਚਨਬੱਧ: ਹਰਜੋਤ ਬੈਂਸ ਨਬਜ਼-ਏ-ਪੰਜਾਬ, ਮੁਹਾਲੀ, 23 ਫਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ ਜਦੋਂਕਿ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 10 ਮਾਰਚ ਵਿੱਚ ਸ਼ੁਰੂ ਹੋਵੇਗੀ। ਸਾਲਾਨਾ ਪ੍ਰੀਖਿਆਵਾਂ ਨਕਲ ਰਹਿਣ ਕਰਵਾਉਣ ਸਿੱਖਿਆ ਬੋਰਡ ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ, ਬੋਰਡ ਅਧਿਕਾਰੀ ਅਤੇ ਅਕਾਦਮਿਕ ਕੌਂਸਲ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ। ਉਡਣ ਦਸਤਿਆਂ ਨੂੰ ਸਰਹੱਦੀ ਇਲਾਕਿਆਂ ਦੇ ਪ੍ਰੀਖਿਆ ਕੇਂਦਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ, ਕਿਉਂਕਿ ਪਿਛਲੇ ਸਮਿਆਂ ਦੌਰਾਨ ਨਕਲ ਦੇ ਜ਼ਿਆਦਾਤਰ ਕੇਸ ਸਰਹੱਦੀ ਇਲਾਕਿਆਂ ਦੇ ਸਕੂਲਾਂ ’ਚੋਂ ਸਾਹਮਣੇ ਆਉਂਦੇ ਰਹੇ ਹਨ ਪਰ ਇਸ ਵਾਰ ਨਕਲ ਰੋਕਣ ਲਈ ਸਖ਼ਤੀ ਵਰਤੀ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਲਾਨਾ ਪ੍ਰੀਖਿਆਵਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਕਲ ਰੋਕਣ ਲਈ ਉਡਣ ਦਸਤਿਆਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਪੱਖ ਤੇ ਸਮਾਨਤਾ ਵਾਲਾ ਮਾਹੌਲ ਸਿਰਜਣ ਦੇ ਆਦੇਸ਼ ਦਿੱਤੇ ਅਤੇ ਵਿਦਿਆਰਥੀਆਂ ਨੂੰ ਵੀ ਪ੍ਰੀਖਿਆ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਪ੍ਰੀਖਿਆਵਾਂ ਸਬੰਧੀ ਪੰਜਾਬ ਭਰ ਵਿੱਚ 2579 ਪ੍ਰੀਖਿਆ ਕੇਂਦਰਾਂ ਸਥਾਪਿਤ ਕੀਤੇ ਗਏ। ਸਾਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ (0172-5227136, 137,138) ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੇ ਲਗਪਗ 3,02,189 ਵਿਦਿਆਰਥੀ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 2,72,105 ਵਿਦਿਆਰਥੀ ਅਤੇ ਸੀਨੀਅਰ ਸੈਕੰਡਰੀ ਓਪਨ ਸਕੂਲ ਪ੍ਰੀਖਿਆ ਵਿੱਚ 13,363 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ ਜਦੋਂਕਿ 10 ਮਾਰਚ ਤੋਂ ਸ਼ੁਰੂ ਹੋਣ ਵਾਲੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 2,84,658 ਵਿਦਿਆਰਥੀ ਅਤੇ ਓਪਨ ਸਕੂਲ ਪ੍ਰੀਖਿਆ ਵਿੱਚ 9,877 ਵਿਦਿਆਰਥੀ ਅਪੀਅਰ ਹੋਣਗੇ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸੌਖੇ ਰਾਹ ਲੱਭਣ ਦੀ ਬਜਾਏ ਸਖ਼ਤ ਮਿਹਨਤ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੱਚੀ ਸਫਲਤਾ ਗਲਤ ਤਰੀਕਿਆਂ ਦੀ ਥਾਂ ਸਮਰਪਣ, ਲਗਨ, ਨਿਰੰਤਰ ਮਿਹਨਤ ਤੇ ਅਣਥੱਕ ਯਤਨਾਂ ਨਾਲ ਮਿਲਦੀ ਹੈ। ਪੜ੍ਹਾਈ ਲਈ ਖ਼ੁਦ ਨੂੰ ਸਮਰਪਿਤ ਕਰਕੇ ਅਤੇ ਚੁਣੌਤੀਆਂ ਦਾ ਸਾਹਮਣਾ ਕਰਕੇ ਵਿਦਿਆਰਥੀ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ ਅਤੇ ਗਿਆਨ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਪ੍ਰੀਖਿਆਵਾਂ ਪਾਸ ਕਰਨਾ ਨਹੀਂ ਹੈ ਬਲਕਿ ਇਹ ਵਿਅਕਤੀਗਤ ਵਿਕਾਸ ਅਤੇ ਚਰਿੱਤਰ ਨਿਰਮਾਣ ਦਾ ਸਾਧਨ ਵੀ ਹੈ। ਸਖ਼ਤ ਮਿਹਨਤ ਕਰਕੇ ਵਿਦਿਆਰਥੀ ਨਾ ਸਿਰਫ਼ ਆਪਣੀ ਯੋਗਤਾ ਵਿੱਚ ਵਾਧਾ ਕਰਦੇ ਹਨ, ਸਗੋਂ ਅਨੁਸ਼ਾਸਨ ਅਤੇ ਇਮਾਨਦਾਰੀ ਵਰਗੇ ਗੁਣ ਵੀ ਪੈਦਾ ਕਰਦੇ ਹਨ। ਇਹ ਗੁਣ ਸਿਰਫ਼ ਅਕਾਦਮਿਕ ਖੇਤਰ ਦੇ ਨਾਲ-ਨਾਲ ਜੀਵਨ ਦੇ ਸਾਰੇ ਪਹਿਲੂਆਂ ਲਈ ਲਾਜ਼ਮੀ ਹਨ, ਜੋ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਪਾਰ ਕਰਨ ਵਿੱਚ ਮਦਦ ਕਰਦੇ ਹਨ। ਉਧਰ, ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਨੇ ਦੱਸਿਆ ਕਿ ਪ੍ਰਸ਼ਨ-ਪੱਤਰਾਂ ਨੂੰ ਅਧਿਕਾਰਤ ਬੈਂਕਾਂ ਵਿੱਚ ਰੱਖਣ ਅਤੇ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨਵੀਂ ਪਹਿਲਕਦਮੀ ਤਹਿਤ ਪ੍ਰੀਖਿਆ ਕੇਂਦਰਾਂ ਨੂੰ ਕੰਟਰੋਲਡ ਉੱਤਰ-ਪੱਤਰੀਆਂ ਹੀ ਸਪਲਾਈ ਕੀਤੀਆਂ ਜਾਣਗੀਆਂ। ਹੁਣ ਆਸਾਨੀ ਨਾਲ ਇਹ ਪਤਾ ਲੱਗ ਸਕੇਗਾ ਕਿ ਕਿੰਨੀਆਂ ਉੱਤਰ-ਪੱਤਰੀਆਂ ਕਿਹੜੇ ਸਕੂਲਾਂ\ਪ੍ਰੀਖਿਆ ਕੇਂਦਰਾਂ ਵਿੱਚ ਗਈਆਂ ਹਨ ਅਤੇ ਕਿੰਨੀਆਂ ਵਰਤੋਂ ਵਿੱਚ ਆਈਆਂ ਹਨ। ਇਹ ਪ੍ਰਕਿਰਿਆ ਪੰਜਾਬ ਵਿੱਚ ਨਕਲ ਨੂੰ ਨੱਥ ਪਾਉਣ ਵਿੱਚ ਇੱਕ ਅਹਿਮ ਰੋਲ ਅਦਾ ਕਰੇਗੀ। ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੈਟਾਗਰੀਆਂ ਲਈ ਡੀਏ ਕੋਡ ਵਾਲੇ ਪ੍ਰਸ਼ਨ-ਪੱਤਰ ਵਿਸ਼ੇਸ਼ ਰੂਪ ਵਿੱਚ ਤਿਆਰ ਕਰਵਾਏ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ