
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅੱਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3ਬੀ2 (ਨੇੜੇ ਹਨੂਮਾਨ ਮੰਦਰ) ਵਿਖੇ ਅੱਜ ਮਿਤੀ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਸ਼ਾਮ ਸਾਢੇ 5 ਵਜੇ ਸ਼ੁਰੂ ਹੋਵੇਗਾ ਅਤੇ ਦੇਰ ਰਾਤ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਪ੍ਰੀਤਨਮਨ ਸਿੰਘ ਗੁਰਦੁਆਰਾ ਸਾਚਾ ਧੰਨ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਕਥਾ ਕਰਨਗੇ। ਭਾਈ ਓਂਕਾਰ ਸਿੰਘ ਊਨਾ ਵਾਲੇ ਰਾਤ 8.15 ਤੋਂ 9.15 ਵਜੇ ਤੱਕ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਸ੍ਰੀ ਬੇਦੀ ਨੇ ਦੱਸਿਆ ਕਿ ਸੁਖਮਨੀ ਸੰਗਤ ਫੇਜ਼-3ਬੀ2, ਲਛਮੀ ਨਰਾਇਣ (ਹਨੂਮਾਨ ਮੰਦਰ ਕਮੇਟੀ), ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਮਾਡਰਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸਮੇਤ ਫੇਜ਼-3ਬੀ2 ਦੀ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਇਹ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।