Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਐਨਡੀਪੀਐਸ ਤੇ ਅਸਲਾ ਐਕਟ ਦਾ ਇੱਕ ਹੋਰ ਪਰਚਾ ਦਰਜ ਹੁਣ ਖਰੜ ਪੁਲੀਸ ਨੇ ਪੁਲੀਸ ਰਿਮਾਂਡ ’ਤੇ ਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਪੁਲੀਸ ਨੇ ਕਾਨੂੰਨ ਦਾ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਵੱਲੋਂ ਲਾਰੈਂਸ ਬਿਸ਼ਨੋਈ ਖ਼ਿਲਾਫ਼ ਮੁਹਾਲੀ ਵਿੱਚ ਵੱਖ-ਵੱਖ ਧਰਾਵਾਂ ਤਹਿਤ ਦਰਜ ਅਪਰਾਧਿਕ ਪਰਚੇ ਵਿੱਚ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਉਸ ਨੂੰ ਅੱਜ ਦੁਬਾਰਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਉਸ ’ਤੇ ਆਪਣੇ ਦੋ ਭਰਾਵਾਂ ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁੱਝ ਦਿਨ ਪਹਿਲਾਂ ਹੀ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦਾ ਦੋਸ਼ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋਵੇਂ ਭਰਾਵਾਂ ਅਤੇ ਉਨ੍ਹਾਂ ਨੂੰ ਜਾਅਲੀ ਪਾਸਪੋਰਟ ਰਾਹੀਂ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਧਰ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਖਰੜ ਸਦਰ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਇੱਕ ਹੋਰ ਨਵਾਂ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ। ਮੁਹਾਲੀ ਅਦਾਲਤ ਵਿੱਚ ਲਾਰੈਂਸ ਦੀ ਪੇਸ਼ੀ ਦੌਰਾਨ ਖਰੜ ਪੁਲੀਸ ਨੇ ਇੱਕ ਅਰਜ਼ੀ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਖਰੜ ਵਿੱਚ ਦਰਜ ਐਫ਼ਆਈਆਰ ਸਬੰਧੀ ਪੁੱਛਗਿੱਛ ਕਰਨੀ ਹੈ। ਇਸ ਤਰ੍ਹਾਂ ਰਾਹਦਾਰੀ ਵਰੰਟ ’ਤੇ ਲਾਰੈਂਸ ਬਿਸ਼ਨੋਈ ਨੂੰ ਖਰੜ ਪੁਲੀਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 10 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਵਿੱਚ ਲਿਆਂਦਾ ਗਿਆ। ਜਿੱਥੇ ਸੀਨੀਅਰ ਅਧਿਕਾਰੀਆਂ ਨੇ ਉਸ ਤੋਂ ਪੁੱਛਗਿੱਛ ਕੀਤੀ। ਉਧਰ, ਗੈਂਗਸਟਰ ਬੰਬੀਹਾ ਗਰੁੱਪ ਦੀਆਂ ਧਮਕੀਆਂ ਦੇ ਚੱਲਦਿਆਂ ਪੰਜਾਬ ਪੁਲੀਸ ਨੇ ਸੀਆਈਏ ਸਟਾਫ਼ ਦੇ ਕੈਂਪਸ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਸਟੇਟ ਕਰਾਈਮ ਵਿੰਗ ਵੱਲੋਂ ਪਿਛਲੇ ਦਿਨੀਂ ਜਾਅਲੀ ਪਾਸਪੋਰਟ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਮਜ਼ਦ ਕਰਕੇ ਉਸ ਦੀ ਗ੍ਰਿਫ਼ਤਾਰੀ ਪਾਈ ਗਈ ਹੈ। ਉਸ ’ਤੇ ਕਾਰੋਬਾਰੀਆਂ ਨੂੰ ਡਰਾ ਧਮਕਾ ਦੇ ਕੇ ਫਿਰੌਤੀਆਂ ਮੰਗਣ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਪਾਸਪੋਰਟ ਬਣਾਉਣ ਦਾ ਦੋਸ਼ ਹੈ। ਉਹ ਅੱਠ ਦਿਨ ਦੇ ਪੁਲੀਸ ਰਿਮਾਂਡ ’ਤੇ ਚੱਲ ਰਿਹਾ ਹੈ। ਜੱਗੂ ਭਗਵਾਨਪੁਰੀਆਂ ਨੂੰ ਵੀ ਸੀਆਈਏ ਸਟਾਫ਼ ਦੇ ਕੈਂਪਸ ਵਿੱਚ ਰੱਖਿਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ