ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਲੋਕਾਂ ਨਾਲ ਹੋਈਆਂ ਕਥਿਤ ਧੱਕੇਸ਼ਾਹੀਆਂ ਦੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨਾਲ ਹੋਈਆਂ ਵਧੀਕੀਆਂ ਦੀਆਂ ਸ਼ਿਕਾਇਤਾਂ ਦੇਣ ਲਈ ਵੀ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਖਾਣੇ ਪੈਂਦੇ ਹਨ ਅਤੇ ਅਧਿਕਾਰੀ ਸੀਟ ’ਤੇ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਅੰਗਹੀਣ ਸੁਰਿੰਦਰ ਸਿੰਘ ਕੰਡਾਲਾ ਕੁੱਝ ਦਿਨ ਪਹਿਲਾਂ ਹੋਏ ਆਪਣੇ ਜਵਾਨ ਪੁੱਤਰ ਦੇ ਕਤਲ ਮਾਮਲੇ ਵਿੱਚ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਇੱਕ ਲਿਖਤੀ ਦਰਖ਼ਾਸਤ ਦੇਣ ਗਏ ਸੀ ਪਰ 11 ਵਜੇ ਤੱਕ ਸਬੰਧਤ ਅਫ਼ਸਰ ਆਪਣੀ ਸੀਟ ’ਤੇ ਨਹੀਂ ਆਏ ਸਨ।
ਇਸੇ ਤਰ੍ਹਾਂ ਪੀੜਤ ਹਰਜਿੰਦਰ ਸਿੰਘ ਮਦਨਹੇੜੀ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਟਰੈਵਲ ਏਜੰਟ ਵੱਲੋਂ 32 ਲੱਖ ਦੀ ਹੋਈ ਠੱਗੀ ਦੇ ਕੇਸ ਵਿੱਚ ਜਦੋਂ ਐਸਐਸਪੀ ਨੂੰ ਮਿਲਣਾ ਚਾਹਿਆ ਤਾਂ ਉਹ ਵੀ ਆਪਣੇ ਦਫ਼ਤਰ ਵਿੱਚ ਨਹੀਂ ਮਿਲੇ ਅਤੇ ਐਸਪੀ ਵੀ ਕਿਧਰੇ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਡੀਸੀ ਦਫ਼ਤਰ ਪਹੁੰਚਣ ’ਤੇ ਕਿਹਾ ਗਿਆ ਕਿ ਜ਼ਰੂਰੀ ਮੀਟਿੰਗ ਚੱਲ ਰਹੀ ਹੈ ਅਤੇ ਇੱਕ ਘੰਟੇ ਬਾਅਦ ਮਿਲਣ ਲਈ ਕਿਹਾ ਗਿਆ। ਸ੍ਰੀ ਕੁੰਭੜਾ ਨੇ ਕਿਹਾ ਕਿ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ-ਖੁਆਰ ਹੁੰਦੇ ਦੇਖਦੇ ਹੋਏ ਵੱਖ-ਵੱਖ ਕੇਸਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ 10 ਅਕਤੂਬਰ ਨੂੰ ਸਵੇਰੇ 11 ਵਜ਼ੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਹਰਜਿੰਦਰ ਸਿੰਘ ਮਦਨਹੇੜੀ, ਹਰਮਨਦੀਪ ਸਿੰਘ, ਜਗਰੂਪ ਸਿੰਘ, ਨਰਿੰਦਰ ਸਿੰਘ ਸਾਬਕਾ ਸਰਪੰਚ ਜੌਲੀ, ਸੁਰਿੰਦਰ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਹਰਨੇਕ ਸਿੰਘ, ਮਨਦੀਪ ਸਿੰਘ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…