nabaz-e-punjab.com

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ 7939 ਸ਼ਿਕਾਇਤਾਂ ਮਿਲੀਆਂ, ਸਬੂਤ ਵਜੋਂ ਆਡੀਓ/ਵੀਡੀਓ ਰਿਕਾਰਡਿੰਗ ਭੇਜੀਆਂ

ਅਪਰੈਲ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 359 ਮੁਲਜ਼ਮਾਂ ਕੀਤਾ ਗ੍ਰਿਫ਼ਤਾਰ, ਕਈ ਮਾਮਲੇ ਮੁਹਾਲੀ ਅਦਾਲਤ ’ਚ ਵਿਚਾਰ ਅਧੀਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਵਿਜੀਲੈਂਸ ਬਿਊਰੋ ਵਿੱਢੀ ਵਿਸ਼ੇਸ਼ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪਿਛਲੇ ਸਾਲ 23 ਮਾਰਚ 2022 ਤੋਂ ਹੁਣ ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ 7939 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਲੋਕਾਂ ਵੱਲੋਂ ਸ਼ਿਕਾਇਤਾਂ ਦੇ ਨਾਲ ਸਬੂਤ ਵਜੋਂ ਆਡੀਓ/ਵੀਡੀਓ ਰਿਕਾਰਡਿੰਗ ਵੀ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਵਿਜੀਲੈਂਸ ਨੂੰ ਵੀ ਸਿੱਧੇ ਤੌਰ ’ਤੇ ਕਈ ਸ਼ਿਕਾਇਤਾਂ ਮਿਲੀਆਂ ਹਨ। ਜੋ ਕਿ ਪੰਜਾਬ ਦੀ ਆਪ ਸਰਕਾਰ ਦੀ ਪਾਰਦਰਸ਼ਤਾ ਅਤੇ ਜਨਤਕ ਪ੍ਰਸ਼ਾਸਨ ਵਿੱਚ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਢਲੀ ਜਾਂਚ ਤੋਂ ਬਾਅਦ ਕਈ ਪਰਚੇ ਵਿਜੀਲੈਂਸ ਦੇ ਮੁਹਾਲੀ ਥਾਣੇ ਵਿੱਚ ਦਰਜ ਕੀਤੇ ਗਏ ਹਨ ਅਤੇ ਕਈ ਕੇਸ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਹਨ।
ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਪ੍ਰਤੀ ਆਪਣੇ ਮਿਸ਼ਨ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਲਈ ਉਕਤ ਐਕਸ਼ਨ ਲਾਈਨ ਨੰਬਰ 9501-200-200 ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਦੀ ਰਹਿੰਦੀ ਹੈ। ਇਸ ਨਾਗਰਿਕ ਪੱਖੀ ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਪਲੇਟਫ਼ਾਰਮ ’ਤੇ ਕੋਈ ਵੀ ਵਿਅਕਤੀ ਰਿਸ਼ਵਤਖ਼ੋਰੀ ਬਾਰੇ ਆਡੀਓ ਅਤੇ ਵੀਡੀਓ ਰਿਕਾਰਡਿੰਗ ਭੇਜ ਸਕਦਾ ਹੈ। ਇਹ ਪੋਰਟਲ 24 ਘੰਟੇ ਖੁੱਲ੍ਹਾ ਮਿਲੇਗਾ।
ਇੱਕ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ, ਫਜ਼ੂਲ ਐਂਟਰੀਆਂ, ਸਪੈਮ, ਜੰਕ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਗੈਰ-ਸਬੰਧਤ ਐਂਟਰੀਆਂ ਦੀ ਪੁਣਛਾਣ ਲਈ ਇਸ ਵੈੱਬ ਪੋਰਟਲ ’ਤੇ ਇੱਕ ‘ਆਟੋਮੈਟਿਕ ਬੋਟ’ ਸਥਾਪਤ ਕੀਤਾ ਹੈ। ਨਤੀਜੇ ਵਜੋਂ ਕੁੱਲ 4,02,133 ਇੰਦਰਾਜ਼ਾਂ ’ਚੋਂ 3,90,050 ਐਂਟਰੀਆਂ ਦੀ ਪਛਾਣ ਅਪ੍ਰਸੰਗਿਕ ਜਾਂ ਕਬਾੜ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਾ ਹੋਣ ਬਾਰੇ ਵਰਗੀਕ੍ਰਿਤ ਵੰਡ ਕਰਦਿਆਂ ਉਨ੍ਹਾਂ ਨੂੰ ਮੁੱਢੋਂ ਰੱਦ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਲੋੜੀਂਦੇ ਸਰੋਤਾਂ ਅਤੇ ਸਿਰਫ਼ ਕਾਰਵਾਈਯੋਗ ਸ਼ਿਕਾਇਤਾਂ ’ਤੇ ਧਿਆਨ ਕੇਂਦਰਿਤ ਕਰਨਾ ਹੈ ਜੋ ਭ੍ਰਿਸ਼ਟਾਚਾਰ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਯੋਗਦਾਨ ਪਾਉਂਦੀਆਂ ਹਨ।
ਬਾਕੀ 12,083 ਸ਼ਿਕਾਇਤਾਂ/ਇੰਦਰਾਜ਼ਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਤੋਂ ਪਤਾ ਲੱਗਿਆ ਕਿ 4144 ਸ਼ਿਕਾਇਤਾਂ ਦਾ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਹੀਂ ਸੀ। ਕਾਰਵਾਈਯੋਗ ਸ਼ਿਕਾਇਤਾਂ ’ਚੋਂ ਵਿਜੀਲੈਂਸ ਨੇ ਸ਼ਿਕਾਇਤਕਰਤਾਵਾਂ ਵੱਲੋਂ ਕੀਤੇ ਦਾਅਵਿਆਂ ਦੀ ਪੁਸ਼ਟੀ ਲਈ ਆਡੀਓ/ਵੀਡੀਓ ਰਿਕਾਰਡਿੰਗਾਂ ਨਾਲ ਬਾਕੀ ਬਚੀਆਂ ਕੁੱਲ 7939 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਨ੍ਹਾਂ ਸ਼ਿਕਾਇਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ’ਚੋਂ 3401 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ ਜੋ ਕਿ ਸਬੰਧਤ ਵਿਭਾਗਾਂ ਨੂੰ ਵਿਚਾਰਨ ਅਤੇ ਬਣਦੀ ਕਾਰਵਾਈ ਲਈ ਭੇਜੀਆਂ ਗਈਆਂ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਾਕੀ ਬਚੀਆਂ 394 ਸ਼ਿਕਾਇਤਾਂ ਜੋ ਆਡੀਓ/ਵੀਡੀਓ ਰਿਕਾਰਡਿੰਗ ਸਬੂਤਾਂ ਨਾਲ ਸਨ ਅਤੇ ਸਿੱਧੇ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹਨ। ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਲਈ ਮੁਹਾਲੀ ਸਮੇਤ ਵਿਜੀਲੈਂਸ ਵੱਖ-ਵੱਖ ਰੇਂਜਾਂ ਵਿੱਚ ਐਸਐਸਪੀਜ਼ ਨੂੰ ਭੇਜੀਆਂ ਗਈਆਂ ਹਨ। ਪੜਤਾਲਾਂ ਉਪਰੰਤ ਹੁਣ ਤੱਕ 88 ਕੇਸ ਦਰਜ ਕਰਕੇ ਇੱਕ ਸ਼ਲਾਘਾਯੋਗ ਮੀਲ ਪੱਥਰ ਹਾਸਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੜਤਾਲ ਦੇ ਨਤੀਜੇ ਵਜੋਂ 40 ਪੁਲੀਸ ਮੁਲਾਜ਼ਮਾਂ ਸਮੇਤ ਰਿਸ਼ਵਤ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ 132 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਭਰ ਵਿੱਚ ਭ੍ਰਿਸ਼ਟਾਚਾਰ ਦੇ ਕੁੱਲ 298 ਵੱਖ-ਵੱਖ ਮਾਮਲਿਆਂ ਵਿੱਚ 359 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਆਪਕ ਜਾਂਚ ਲਈ 152 ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ ਜਦੋਂਕਿ 99 ਕੇਸਾਂ ’ਚ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …