
ਤੰਬਾਕੂ ਵਿਰੋਧੀ ਮੁਹਿੰਮ: ਸਿਹਤ ਵਿਭਾਗ ਦੀ ਟੀਮਾਂ ਵੱਲੋਂ 50 ਦੁਕਾਨਾਂ ਦੀ ਚੈਕਿੰਗ, 30 ਚਲਾਨ ਕੱਟੇ
ਕੋਟਪਾ ਕਾਨੂੰਨ ਤਹਿਤ ਹੀ ਵੇਚੇ ਜਾਣ ਤੰਬਾਕੂ ਪਦਾਰਥ: ਸਿਵਲ ਸਰਜਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਰੋਕਥਾਮ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਪਗ 50 ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ 30 ਚਲਾਨ ਕੀਤੇ ਗਏ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ 2003 (ਕੋਟਪਾ) ਤਹਿਤ ਟੀਮ ਨੇ ਇੱਥੋਂ ਦੇ ਫੇਜ਼-5, ਫੇਜ਼-7, ਫੇਜ਼-9 ਅਤੇ ਫੇਜ਼-11 ਵਿੱਚ ਮੁਹਿੰਮ ਚਲਾਈ ਅਤੇ ਕੋਟਪਾ ਕਾਨੂੰਨ ਦੀ ਉਲੰਘਣਾ ਕਰਕੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕਰਕੇ ਮੌਕੇ ’ਤੇ ਹੀ 4000 ਰੁਪਏ ਜੁਰਮਾਨਾ ਵਸੂਲਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਜਾਂਚ ਦੌਰਾਨ ਦੇਖਿਆ ਗਿਆ ਕਿ ਕੁਝ ਥਾਵਾਂ ’ਤੇ ਖਾਣ-ਪੀਣ ਦਾ ਸਮਾਨ ਵੇਚਣ ਦੇ ਨਾਲ-ਨਾਲ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਵਾਂ ’ਤੇ ਚਿਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੱੁਲ੍ਹੀਆਂ ਸਿਗਰਟਾਂ ਵੀ ਵੇਚੀਆਂ ਜਾ ਰਹੀਆਂ ਸਨ।
ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿੱਥੇ ਲਗਾਤਾਰ ਚਲਾਨ ਅਤੇ ਜੁਰਮਾਨੇ ਕਰ ਰਿਹਾ ਹੈ, ਉੱਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ ਬਾਰੇ ਦੱਸਣਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਪੁੱਛਗਿੱਛ ਅਤੇ ਸ਼ਿਕਾਇਤ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।