
ਵਪਾਰ ਮੰਡਲ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਪੰਜਾਬੀ ’ਚ ਬੋਰਡ ਲਿਖਵਾਉਣ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਪੰਜਾਬ ਸਰਕਾਰ ਵੱਲੋਂ 21 ਫਰਵਰੀ ਤਕ ਸਮੂਹ ਨਿੱਜੀ ਅਤੇ ਸਰਕਾਰੀ ਅਦਾਰਿਆਂ ਦੇ ਬੋਰਡ ਪੰਜਾਬੀ ਵਿੱਚ ਲਿਖਵਾਏ ਜਾਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਸਬੰਧੀ ਵਪਾਰ ਮੰਡਲ ਮੁਹਾਲੀ ਵਲੋੱ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬੋਰਡਾਂ ਵਿੱਚ ਸਭਤੋੱ ਉੱਪਰ ਪੰਜਾਬੀ ਵਿੱਚ ਦੁਕਾਨ ਦਾ ਨਾਮ ਲਿਖਵਾਉਣ। ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਵਿੱਚ ਹੋਈ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਕੀਤਾ ਗਿਆ ਅਤੇ ਇਸ ਸਬੰਧੀ ਮੁਹਾਲੀ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਲਿਖਵਾਉਣ ਦੀ ਅਪੀਲ ਕੀਤੀ ਗਈ।
ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੋੰਘ ਪਾਰਸ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜਿਰ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੁਕਾਨਾਂ/ਅਦਾਰਿਆਂ ਦੇ ਨਾਮ ਵਾਲੇ ਬੋਰਡ ਪੰਜਾਬੀ ਵਿੱਚ ਲਿਖਵਾਉਣ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਸਭ ਤੋਂ ਉਪਰ ਪੰਜਾਬੀ ਵਿੱਚ ਲਿਖਿਆ ਜਾਣਾ ਜਰੂਰੀ ਹੈ ਉਸ ਤੋਂ ਬਾਅਦ ਹੋਰ ਕਿਸੇ ਵੀ ਭਾਸ਼ਾ ਵਿੱਚ ਲਿਖਿਆ ਜਾ ਸਕਦਾ ਹੈ। ਮੀਟਿੰਗ ਵਿੱਚ ਕਿਹਾ ਗਿਆ ਕਿ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਵੀ ਪੰਜਾਬੀ ਮਾਂ ਬੋਲੀ ਸਬੰਧੀ ਆਪਣਾ ਫਰਜ ਸਮਝਣਾ ਚਾਹੀਦਾ ਹੈ ਅਤੇ ਆਪਣੀਆਂ ਦੁਕਾਨਾਂ ਅਤੇ ਅਦਾਰਿਆਂ ਦੇ ਨਾਮ ਪੰਜਾਬੀ ਵਿੱਚ ਲਿਖਵਾਉਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਗੱਲ ਆਖੀ ਗਈ ਹੈ ਕਿ 21 ਫਰਵਰੀ ਤੋਂ ਬਾਅਦ ਆਪਣੇ ਅਦਾਰਿਆਂ, ਦੁਕਾਨਾਂ ਆਦਿ ਦੇ ਬੋਰਡ ਪੰਜਾਬੀ ਵਿੱਚ ਨਾ ਲਿਖਵਾਉਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਇਸ ਲਈ ਅਜਿਹੀ ਕਿਸੇ ਕਾਰਵਾਈ ਤੋਂ ਬਚਣ ਲਈ ਦੁਕਾਨਦਾਰਾਂ ਨੂੰ ਉਸ ਤੋਂ ਪਹਿਲਾਂ ਆਪਣੇ ਬੋਰਡ ਪੰਜਾਬੀ ਵਿੱਚ ਲਿਖਵਾਏ ਜਾਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਵਪਾਰ ਮੰਡਲ ਮੁਹਾਲੀ ਦੇ ਚੇਅਰਮੈਨ ਸ਼ੀਤਲ ਸਿੰਘ, ਮੀਤ ਪ੍ਰਧਾਨ ਅਕਬਿੰਦਰ ਸਿੰਘ ਗੋਸਲ ਅਤੇ ਕੈਸ਼ੀਅਰ ਫੌਜਾ ਸਿੰਘ ਵੀ ਹਾਜ਼ਰ ਸਨ।