
ਇਕ ਘੰਟਾ ਚੁੱਪ ਧਾਰ ਕੇ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਸਨਿੱਚਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕਰੋਨਾ ਦੌਰਾਨ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜ਼ਰ ਭਲਕੇ 27 ਮਾਰਚ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਵੀ ਆਮ ਲੋਕਾਂ ਵੱਲੋਂ ਕਰੋਨਾ ਕਾਲ ਵਿੱਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸਨਿੱਚਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਇਕ ਘੰਟਾ ਮੌਨ ਧਾਰ ਕੇ ਉਨ੍ਹਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖ਼ਿਲਾਫ਼ ਜੰਗ ਦੌਰਾਨ ਇਸ ਫਾਨੀ ਦੁਨੀਆ ਤੋਂ ਚਲੇ ਗਏ ਹਨ। ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ।
ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਇਸ ਵਿੱਚ ਸਮਾਜਿਕ ਸੰਗਠਨ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੀ ਵੱਧ ਚੜ੍ਹ ਕੇ ਸਹਿਯੋਗ ਦੇਣ। ਇਸ ਸਬੰਧੀ ਸਾਰੇ ਜ਼ਿਲ੍ਹੇ ਵਿੱਚ ਸਾਈਰਨ ਵਜਾ ਕੇ ਮੌਨ ਧਾਰਨ ਦੇ ਸਮੇਂ ਦੀ ਸ਼ੁਰੂਆਤ ਅਤੇ ਸਮਾਪਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਰਾਜ ਅਤੇ ਕੌਮੀ ਮਾਰਗਾਂ ਤੇ ਆਵਾਜਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 25 ਹਜ਼ਾਰ 215 ਲੋਕ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਜਿਨ੍ਹਾਂ ’ਚੋਂ 419 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਕਰੋਨਾ ਮਹਾਮਾਰੀ ਦੌਰਾਨ ਫੌਤ ਹੋਏ ਲੋਕਾਂ ਨੂੰ ਆਪੋ ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਕੇ ਸਨਿੱਚਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਸ਼ਰਧਾਂਜਲੀ ਦੇਣ ਅਤੇ ਇਸ ਇੱਕ ਘੰਟੇ ਦੌਰਾਨ ਸੜਕੀ ਆਵਾਜਾਈ ਤੋਂ ਗੁਰੇਜ਼ ਕੀਤਾ ਜਾਵੇ।