
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੂਮੀ ਰੱਖਿਆ ਕੰਪਲੈਕਸ ਵਿੱਚ ਬੂਟੇ ਲਗਾਏ
ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ: ਡਾ. ਹਰਜਿੰਦਰ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਲੜੀ ਤਹਿਤ ਅੱਜ ਇੱਥੋਂ ਦੇ ਫੇਜ਼-6 ਸਥਿਤ ਭੂਮੀ ਰੱਖਿਆ ਕੰਪਲੈਕਸ ਵਿੱਚ ਸਿਖਲਾਈ ਸੰਸਥਾ ਅਧੀਨ 64ਵੇਂ ਬੈਚ ਦੇ ਸਿੱਖਿਆਰਥੀਆਂ ਨੇ ਮੰਡਲ ਭੂਮੀ ਰੱਖਿਆ ਅਫ਼ਸਰ ਡਾ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਭੁਪਿੰਦਰ ਸਿੰਘ ਦੀ ਦੇਖ-ਰੇਖ ਵਿੱਚ ਸਮੁੱਚੇ ਕੰਪਲੈਕਸ ਵਿੱਚ ਵੱਖ-ਵੱਖ ਥਾਵਾਂ ’ਤੇ ਚੱਕਰੇਸੀਆ ਦੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ ਅਤੇ ਭੂਮੀ ਰੱਖਿਆ ਕੰਪਲੈਕਸ ਦੇ ਮੁਲਾਜ਼ਮਾਂ ਨੇ ਭਵਿੱਖ ਵਿੱਚ ਇਨ੍ਹਾਂ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਡਾ. ਹਰਜਿੰਦਰ ਸਿੰਘ ਨੇ ਸਿੱਖਿਆਰਥੀਆਂ ਅਤੇ ਦਫ਼ਤਰੀ ਸਟਾਫ਼ ਨੂੰ ਕਿਹਾ ਕਿ ਗੁਰਬਾਣੀ ਦੇ ਕਥਨ ਅਨੁਸਾਰ ਹਵਾ, ਪਾਣੀ ਅਤੇ ਧਰਤੀ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣਾ ਹੈ ਤਾਂ ਸਾਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਉਪ ਮੰਡਲ ਅਫ਼ਸਰ ਭੁਪਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਹਰੇਕ ਮਨੁੱਖ ਨੂੰ ਨਿੱਜੀ ਦਿਲਚਸਪੀ ਲੈ ਕੇ ਬੂਟੇ ਲਗਾਉਣ ਅਤੇ ਉਨ੍ਹਾਂ ਨੂੰ ਪਾਲਣ ਦੀ ਜ਼ਿੰਮੇਵਾਰੀ ਚੁੱਕਣੀ ਪਵੇਗੀ। ਉਨ੍ਹਾਂ ਕਿਹਾ ਕਿ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਪੈਣਗੇ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਜਨਮ ਦਿਹਾੜੇ ਅਤੇ ਵਿਆਹ ਸ਼ਾਦੀਆਂ ਅਤੇ ਹੋਰ ਖੁਸ਼ੀ ਦੇ ਮੌਕਿਆਂ ’ਤੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਗ੍ਰਿਫ਼ਟ ਵਜੋਂ ਮਹਿਮਾਨਾਂ ਨੂੰ ਪੌਦੇ ਦਿੱਤੇ ਜਾਣ ਅਤੇ ਆਪਣੇ ਆਂਢ ਗੁਆਂਢ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ ਜਾਵੇ।