ਸਿਹਤ ਮੰਤਰੀ ਬਲਬੀਰ ਸਿੱਧੂ ਨੇ 38 ਕੱਚੇ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਸਬੰਧਤ ਸ਼ਾਖਾ ਦੇ ਅਧਿਕਾਰੀ ਦੀ ਮਿਹਰਬਾਨੀ ’ਤੇ ਨਿਰਭਰ ਹੋਵੇਗੀ ਕੱਚੇ ਕਰਮਚਾਰੀਆਂ ਦੀ ਨੌਕਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਨਗਰ ਨਿਗਮ ਵਿੱਚ ਆਊਟ ਸੋਰਸਿਸ ਰਾਹੀਂ ਭਰਤੀ ਕੀਤੇ ਨਵੇਂ ਕੱਚੇ 38 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਨਵੇਂ ਕਰਮਚਾਰੀਆਂ ਵਿੱਚ 11 ਕਲਰਕ, 1 ਲਾਇਬਰੇਰੀਅਨ, 15 ਫਾਇਰਮੈਨ, 7 ਸੇਵਾਦਾਰ ਅਤੇ 4 ਬੇਲਦਾਰ ਸ਼ਾਮਲ ਹਨ। ਇਕ ਸੀਨੀਅਰ ਅਧਿਕਾਰੀ ਦੇ ਦੱਸਣ ਅਨੁਸਾਰ ਇਨ੍ਹਾਂ ਕਰਮਚਾਰੀਆਂ ਦੀ ਨੌਕਰੀ ਸਬੰਧਤ ਸ਼ਾਖਾ ਦੇ ਅਧਿਕਾਰੀ ਦੀ ਮਿਹਰਬਾਨੀ ’ਤੇ ਨਿਰਭਰ ਹੋਵੇਗੀ, ਜੇਕਰ ਸੀਨੀਅਰ ਅਧਿਕਾਰੀ ਇਨ੍ਹਾਂ ਦੇ ਕੰਮ ਤੋਂ ਸੰਤੁਸ਼ਟ ਨਹੀਂ ਹੋਵੇਗਾ ਤਾਂ ਉਨ੍ਹਾਂ ਨੂੰ ਕੰਮ ਤੋਂ ਹਟਾਇਆ ਵੀ ਜਾ ਸਕਦਾ ਹੈ।
ਸ੍ਰੀ ਸਿੱਧੂ ਨੇ ਇਨ੍ਹਾਂ ਸਮੂਹ ਨਵੇਂ ਭਰਤੀ ਕੀਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਉਨ੍ਹਾਂ ਦੇ ਕੰਮ ਪ੍ਰਤੀ ਕੋਈ ਉਲਾਂਭਾ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੁਜ਼ਗਾਰ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਹਰ ਪੱਖੋਂ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਨਗਰ ਨਿਗਮ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਲੋੜ ਮੁਤਾਬਕ ਹੋਰ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਗਰ ਨਿਗਮ ਵਿੱਚ ਕਰਮਚਾਰੀਆਂ ਦੀ ਘਾਟ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਸੀ ਅਤੇ ਹੁਣ ਇਨ੍ਹਾਂ ਨਿਯੁਕਤੀਆਂ ਨਾਲ ਨਿਗਮ ਦੇ ਕੰਮ ਵਿੱਚ ਤੇਜ਼ੀ ਆਵੇਗੀ। ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਫਾਇਰਮੈਨਾਂ ਦੀ ਭਰਤੀ ਨਾਲ ਫਾਇਰ ਬ੍ਰਿਗੇਡ ਨੂੰ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਵਿੱਚ ਵਾਪਰਦੀਆਂ ਅੱਗ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕਲਰਕਾਂ ਦੀ ਭਰਤੀ ਨਾਲ ਨਗਰ ਨਿਗਮ ਵਿੱਚ ਕਰਮਚਾਰੀਆਂ ਦੀ ਘਾਟ ਕਾਰਨ ਕੰਮਾਂ ਵਿੱਚ ਆਉਂਦੀ ਖੜੋਤ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਨਰਪਿੰਦਰ ਸਿੰਘ ਰੰਗੀ ਤੇ ਰੁਪਿੰਦਰ ਕੌਰ ਰੀਨਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …