Nabaz-e-punjab.com

ਮੁਹਾਲੀ ਵਿੱਚ ਹੋ ਰਹੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਲਈ ਸਾਰੇ ਪ੍ਰਬੰਧ ਮੁਕੰਮਲ: ਡੀਸੀ

ਜਾਪਾਨ, ਸੰਯੁਕਤ ਅਰਬ ਅਮੀਰਾਤ, ਇੰਗਲੈਂਡ ਤੇ ਜਰਮਨੀ ਦੇ ਸਨਅਤਕਾਰ ਆਪਣੇ ਤਜਰਬੇ ਸਾਂਝੇ ਕਰਨਗੇ

ਡੀਸੀ ਗਿਰੀਸ਼ ਦਿਆਲਨ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਸਾਰੇ ਸੈਸ਼ਨਾਂ ਦਾ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਹੋਵੇਗਾ ਲਾਈਵ ਪ੍ਰਸਾਰਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਸੈਕਟਰ-81 ਸਥਿਤ ਇੰਟਰਨੈਸ਼ਨਲ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਕਰਵਾਏ ਜਾ ਰਹੇ ਦੋ ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਦੀਆਂ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ ਦਿਆਲਨ ਨੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਮਾਡਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਸੀ ਨੇ ਦੱਸਿਆ ਕਿ ਭਲਕੇ 5 ਤੇ 6 ਦਸੰਬਰ ਨੂੰ ਹੋ ਰਹੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਵਿੱਚ ਜਾਪਾਨ, ਸੰਯੁਕਤ ਅਰਬ ਅਮੀਰਾਤ (ਯੂਏਈ), ਇੰਗਲੈਂਡ ਤੇ ਜਰਮਨੀ ਤੋਂ ਮੋਹਰੀ ਸਨਅਤਕਾਰ ਪੁੱਜ ਰਹੇ ਹਨ। ਵੱਖ-ਵੱਖ ਦੇਸ਼ਾਂ ਦੇ ਸੈਸ਼ਨਾਂ ਦੌਰਾਨ ਭਾਈਵਾਲ ਮੁਲਕਾਂ ਦੇ ਨੁਮਾਇੰਦੇ ਆਪਣੇ ਮੁਲਕਾਂ ਤੇ ਪੰਜਾਬ ਸੂਬੇ ਵਿਚਾਲੇ ਤਾਲਮੇਲ ਦੇ ਮੌਕਿਆਂ ਤੇ ਸੰਭਾਵਨਾਵਾਂ ਨੂੰ ਉਜਾਗਰ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੰਜਾਬ ਵਿੱਚ ਸਨਅਤੀਕਰਨ ਨੂੰ ਹੋਰ ਹੁਲਾਰਾ ਦੇਣ ਲਈ ਜਾਪਾਨ, ਸੰਯੁਕਤ ਅਰਬ ਅਮੀਰਾਤ, ਇੰਗਲੈਂਡ ਤੇ ਜਰਮਨੀ ਵਰਗੇ ਕਈ ਮੁਲਕਾਂ ਨਾਲ ਭਾਈਵਾਲੀ ਕੀਤੀ ਹੈ। ਇਨ੍ਹਾਂ ਮੁਲਕਾਂ ਦੇ ਕੌਮਾਂਤਰੀ ਸਨਅਤਕਾਰਾਂ ਨੇ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਵਧਾਉਣ ਵਿੱਚ ਆਪਣੀ ਰੁਚੀ ਪ੍ਰਗਟਾਈ ਹੈ।
ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਜਗਦੀਪ ਸਹਿਗਲ ਅਤੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ ਨਾਲ ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਸੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮੰਤਵ ਛੋਟੇ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਵਿਕਸਤ ਹੋਣ ਲਈ ਢੁਕਵੇਂ ਮੌਕੇ ਮੁਹੱਈਆ ਕਰਨਾ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਵਿਕਸਤ ਹੋਣ ਦੇ ਸਮਰੱਥ ਹੋਰ ਸਨਅਤਾਂ ਦੀ ਵੀ ਪਛਾਣ ਕੀਤੀ ਗਈ ਹੈ।
ਸੰਮੇਲਨ ਦੌਰਾਨ ਜਿੱਥੇ ਪੰਜਾਬ ਦੇ ਸਨਅਤਕਾਰ ਆਪਣੇ ਤਜਰਬੇ ਸਾਂਝੇ ਕਰਨਗੇ, ਉੱਥੇ ਸਨਅਤੀ ਮੋਹਰੀਆਂ ਨਾਲ ਬਹਿਸ ਮੁਬਾਹਿਸੇ ਦੇ ਸੈਸ਼ਨ ਵੀ ਹੋਣਗੇ ਤਾਂ ਕਿ ਉਨ੍ਹਾਂ ਦੇ ਸਬੰਧਤ ਖੇਤਰ ਦੀਆਂ ਲੋੜਾਂ ਤੇ ਮੰਗਾਂ ਨੂੰ ਸਮਝਿਆ ਜਾ ਸਕੇ। ਇਨ੍ਹਾਂ ਸੈਸ਼ਨਾਂ ਦੌਰਾਨ ਖੇਤੀਬਾੜੀ ਤੇ ਫੂਡ ਪ੍ਰਾਸੈਸਿੰਗ, ਸਿਹਤ ਸੰਭਾਲ, ਕੱਪੜਾ, ਸੈਰ ਸਪਾਟਾ, ਆਈਟੀ, ਸਟਾਰਟਅੱਪਜ਼ ਤੇ ਛੋਟੇ, ਲਘੂ ਤੇ ਦਰਮਿਆਨੇ ਉਦਯੋਗਾਂ ਬਾਰੇ ਚਰਚਾ ਹੋਵੇਗੀ। ਡੀਸੀ ਨੇ ਕਿਹਾ ਕਿ ਸੰਮੇਲਨ ਦੌਰਾਨ ਹੋਣ ਵਾਲੇ ਸਾਰੇ ਸੈਸ਼ਨਾਂ ਦਾ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਸਿੱਧਾ ਪ੍ਰਸਾਰਨ ਹੋਵੇਗਾ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਮੋਹਰੀ ਸਨਅਤਕਾਰਾਂ ਤੋਂ ਇਲਾਵਾ ਉੱਭਰਦੇ ਉੱਦਮੀਆਂ, ਵਿਦੇਸ਼ੀ ਸਫ਼ਾਰਤਖਾਨਿਆਂ ਤੋਂ ਵੀ ਅਧਿਕਾਰੀ ਪੁੱਜਣਗੇ।
ਸੰਮੇਲਨ ਦਾ ਵਿਸ਼ਾ ‘ਕੌਮਾਂਤਰੀ ਉਦਯੋਗ ਲੜੀ ਵਿੱਚ ਛੋਟੇ, ਲਘੂ ਤੇ ਦਰਮਿਆਨੇ ਉਦਯੋਗਾਂ ਦੇ ਚਹੁ-ਪੱਖੀ ਵਿਕਾਸ ਲਈ ਭਾਈਵਾਲੀ ਵਧਾਉਂਦਿਆਂ’ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਥਾਨਕ ਉੱਦਮੀਆਂ ਦੀ ਸਫ਼ਲਤਾ ਦੀਆਂ ਕਹਾਣੀਆਂ ਨੂੰ ਪੇਸ਼ ਕਰਨ ਲਈ ਵੀ ਆਦਰਸ਼ ਪਲੇਟਫਾਰਮ ਦੇ ਰਹੀ ਹੈ। ਇਸ ਤੋਂ ਇਲਾਵਾ ਰਾਜ ਵਿੱਚ ਨਿਵੇਸ਼ ਲਈ ਮੌਜੂਦ ਮੌਕਿਆਂ ਬਾਰੇ ਵੀ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਲੱਗਣ ਵਾਲੀ ਪ੍ਰਦਰਸ਼ਨੀ ਵਿੱਚ ਰਾਜ ਦੇ ਮੋਹਰੀ ਉੱਦਮੀ ਆਪਣੇ ਉਤਪਾਦਾਂ ਦਾ ਵੀ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਦੱਸਿਆ ਕਿ ਸੰਮੇਲਨ ਵਿੱਚ ਸ਼ਾਮਲ ਹੋਣ ਲਈ www.progressivepunjab.com ’ਤੇ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਮੇਲਨ ਲਈ ਜਾਣਕਾਰੀ ਪ੍ਰੋਗਰੈਸਿਵ ਪੰਜਾਬ ਦੇ ਡਿਜੀਟਲ ਐਪ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੰਮੇਲਨ ਲਈ ਸ਼ਹਿਰ ਨੂੰ ਸੁੰਦਰ ਦਿੱਖ ਦਿੱਤੀ ਜਾ ਰਹੀ ਹੈ। ਇਸ ਲਈ ਜਿੱਥੇ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ। ਉੱਥੇ ਸੰਮੇਲਨ ਵਾਲੀ ਥਾਂ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…