nabaz-e-punjab.com

ਮੁਹਾਲੀ ਵਿੱਚ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਲਈ ਸਾਰੇ ਪ੍ਰਬੰਧ ਮੁਕੰਮਲ

ਮੁੱਖ ਮੰਤਰੀ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਦੀ ਫੋਟੋ ਤੋਂ ਚੁੱਕਣਗੇ ਪਰਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਸਰਕਾਰੀ ਕਾਲਜ ਵਿੱਚ ਮਨਾਏ ਜਾਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਮਹਿਲਾ ਪੁਲੀਸ, ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਐਨਸੀਸੀ ਕੈਡਿਟ ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਹੋਣਗੀਆਂ। ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨਿਤ ਵੀ ਕੀਤਾ ਜਾਵੇਗਾ।
ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਅਤੇ ਸ਼ਹੀਦ ਮੇਜਰ ਦੇ ਪਿਤਾ ਕੈਪਟਨ ਹਰਪਾਲ ਸਿੰਘ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਝੰਡਾ ਲਹਿਰਾਉਣ ਤੋਂ ਪਹਿਲਾਂ ਪ੍ਰਿੰਸੀਪਲ ਦੇ ਦਫ਼ਤਰ ਦੇ ਨਾਲ ਗੈਲਰੀ ਵਿੱਚ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਫੋਟੋ ਦਾ ਉਦਘਾਟਨ ਕਰਨਗੇ। ਇਸ ਅੱਠ ਫੁੱਟ ਲੰਮੀ ਤੇ ਚਾਰ ਫੁੱਟ ਚੌੜੇ ਸਟੀਲ ਦੀ ਪਲੇਟ ’ਤੇ ਸ਼ਹੀਦ ਮੇਜਰ ਦੀ ਫੋਟੋ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਬਹਾਦਰੀ ਪੁਰਸਕਾਰਾਂ ਬਾਰੇ ਦੱਸਿਆ ਗਿਆ ਹੈ। ਚੇਤੇ ਰਹੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੇਵਾਮੁਕਤ ਆਈਪੀਐਸ ਅਧਿਕਾਰੀ ਰੂਪਨ ਦਿਉਲ ਬਜਾਜ ਦੇ ਉਪਰਾਲਿਆਂ ਸਦਕਾ ਸਰਕਾਰੀ ਕਾਲਜ ਫੇਜ਼-6 ਦਾ ਨਾਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਰੱਖਿਆ ਗਿਆ ਹੈ।
ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ 700 ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜਦੋਂਕਿ ਪੁਲੀਸ ਦੀ ਇਕ ਟੁਕੜੀ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਕਾਲਜ ਵਿੱਚ ਮੁੱਖ ਪੰਡਾਲ ਨੇੜੇ ਦਿਨ ਰਾਤ 24 ਘੰਟੇ ਡਿਊਟੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਮੁਹਾਲੀ ਕੌਮਾਂਤਰੀ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਸਮੇਤ ਹੋਰਨਾਂ ਜਨਤਕ ਥਾਵਾਂ ’ਤੇ ਪੁਲੀਸ ਗਸ਼ਤ ਵਧਾਈ ਗਈ ਹੈ ਅਤੇ ਅੱਜ ਪੂਰੀ ਰਾਤ ਅਤੇ ਐਤਵਾਰ ਨੂੰ ਦਿਨ ਵਿੱਚ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੁਲੀਸ ਨਾਕੇ ਲਗਾਏ ਜਾਣਗੇ ਅਤੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਹੋਟਲਾਂ, ਢਾਬਿਆਂ ਅਤੇ ਪੀਜੀ ਕੇਂਦਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਥਾਣਾ ਫੇਜ਼-1 ਦੇ ਐਸਐਚਓ ਮਨਫੂਲ ਸਿੰਘ ਨੇ ਅੱਜ ਮੁੱਖ ਸਮਾਗਮ ਵਾਲੀ ਸਟੇਜ ਅਤੇ ਕਾਲਜ ਗਰਾਊਂਡ ਸਮੇਤ ਹੋਰ ਜਨਤਕਾਂ ਥਾਵਾਂ ’ਤੇ ਸਰਚ ਅਭਿਆਨ ਚਲਾਇਆ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…