ਸਰਕਾਰ ਨੂੰ 700 ਕਰੋੜ ਦਾ ਚੂਨਾ ਲਗਾਉਣ ਵਾਲਾ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫ਼ਤਾਰ

ਮੁਹਾਲੀ ਅਦਾਲਤ ਨੇ ਮੁਲਜ਼ਮ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਮੁਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਤ ਤੌਰ ’ਤੇ ਕੀਤਾ ਸੀ ਡੀ-ਰਜਿਸਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬਾ ਸਰਕਾਰ ਨੂੰ 700 ਕਰੋੜ ਰੁਪਏ ਦਾ ਚੂਨਾ ਲਗਾਉਣ ਵਾਲਾ ਸੰਯੁਕਤ ਡਾਇਰੈਕਟਰ (ਫੈਕਟਰੀਜ਼) ਨਰਿੰਦਰ ਸਿੰਘ ਵਾਸੀ ਸੈਕਟਰ-68, ਮੁਹਾਲੀ ਨੂੰ ਮੁੱਢਲੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਬੀਤੀ 5 ਜਨਵਰੀ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦਰਜ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 201, 120-ਬੀ ਤਹਿਤ ਦਰਜ ਮਾਮਲੇ ਵਿੱਚ ਮੁਲਜ਼ਮ ਅਧਿਕਾਰੀ ਨੂੰ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 9 ਮੁਲਜ਼ਮ ਅਧਿਕਾਰੀ/ਕਰਮਚਾਰੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ।
ਸੰਯੁਕਤ ਡਾਇਰੈਕਟਰ ਨੇ ਕੁੱਝ ਸਮਾਂ ਪਹਿਲਾਂ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਤ ਤੌਰ ’ਤੇ ਡੀ-ਰਜਿਸਟਰ ਕਰ ਦਿੱਤਾ ਸੀ। ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਹੋਇਆ ਅਤੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਸਾਹਮਣਾ ਕਰਨਾ ਪਿਆ। ਮੁਲਜ਼ਮ ਅਧਿਕਾਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਵਿਜੀਲੈਂਸ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ 28 ਦਸੰਬਰ 2018 ਨੂੰ ਸੰਯੁਕਤ ਡਾਇਰੈਕਟਰ ਅਤੇ ਫਿਲਿਪਸ ਕੰਪਨੀ ਵੱਲੋਂ ਕਿਰਤ ਕਮਿਸ਼ਨਰ ਨੂੰ ਮੁਖ਼ਾਤਬ ਇੱਕ ਦਰਖਾਸਤ ਡਾਕ ਰਾਹੀਂ ਪ੍ਰਾਪਤ ਹੋਈ ਸੀ ਪ੍ਰੰਤੂ ਨਰਿੰਦਰ ਸਿੰਘ ਨੇ ਇਹ ਦਰਖ਼ਾਸਤ ਕਿਰਤ ਕਮਿਸ਼ਨਰ ਪੰਜਾਬ ਨੂੰ ਭੇਜੇ ਬਿਨਾਂ ਆਪ ਖ਼ੁਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਅਧਿਕਾਰੀ ਨੇ 10 ਜਨਵਰੀ 2019 ਨੂੰ ਆਪਣੇ ਪੱਤਰ ਰਾਹੀਂ ਬਗੈਰ ਕੋਈ ਪੜਤਾਲ ਕੀਤੇ ਜਾਂ ਫਿਲਿਪਸ ਕੰਪਨੀ ਦੇ ਕਿਸੇ ਵਰਕਰ ਦੇ ਬਿਆਨ ਲਏ ਬਿਨਾਂ ਅਤੇ ਕਿਰਤ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਉਕਤ ਫੈਕਟਰੀ ਡੀ-ਰਜਿਸਟਰ ਕਰ ਦਿੱਤੀ।
ਇਸ ਮਗਰੋਂ 27 ਫਰਵਰੀ 2019 ਨੂੰ ਕਿਰਤ ਇੰਸਪੈਕਟਰ ਮੁਹਾਲੀ ਵੱਲੋਂ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੰਜਾਬ ਸਰਕਾਰ ਤਰਫ਼ੋਂ ਉਦਯੋਗਿਕ ਵਿਵਾਦ ਕਾਨੂੰਨ 1947 ਦੀ ਧਾਰਾ 25 ਦਾ ਚਲਾਨ ਪੇਸ਼ ਕਰ ਦਿੱਤਾ। ਇੱਥੇ ਇਹ ਦੱਸਣਯੋਗ ਹੈ ਕਿ ਜੇਕਰ ਉਕਤ ਨਰਿੰਦਰ ਸਿੰਘ ਇਸ ਫੈਕਟਰੀ ਨੂੰ ਡੀ-ਰਜਿਸਟਰ ਨਾ ਕਰਦਾ ਤਾਂ ਇਹ ਫੈਕਟਰੀ ਬੰਦ ਨਹੀਂ ਸੀ ਹੋਣੀ ਅਤੇ ਉਦਯੋਗਿਕ ਵਿਵਾਦ ਕਾਨੂੰਨ ਦੀ ਧਾਰਾ 25 ਹੇਠ ਚਲਾਨ ਦੇਣਾ ਨਹੀਂ ਬਣਦਾ ਸੀ ਕਿਉਂਕਿ ਅਜਿਹਾ ਕਰਨ ਤੋਂ ਪਹਿਲਾਂ ਅਧਿਕਾਰੀ ਨੂੰ ਬਾਕਾਇਦਾ ਜਾਂਚ ਕਰਨੀ ਬਣਦੀ ਸੀ ਜੋ ਉਸਨੇ ਨਹੀਂ ਕੀਤੀ। ਵਿਜੀਲੈਂਸ ਦੀ ਜਾਂਚ ਟੀਮ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਅਧਿਕਾਰੀ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਦੀ ਤਫ਼ਤੀਸ਼ ਜਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…