
ਨਵੇਂ ਸਾਲ ਦੀ ਆਮਦ ਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਚੌਕਸੀ ਵਧਾਈ
ਮੁਹਾਲੀ ਜ਼ਿਲ੍ਹੇ ਅੰਦਰ ਸਾਰੇ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਨਵੇਂ ਸਾਲ ਦੀ ਆਮਦ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ਹਿਰਾਂ ਤੇ ਪਿੰਡਾਂ ਵਿੱਚ ਚੌਕਸੀ ਵਧਾ ਦਿੱਤੀ ਹੈ। ਅੱਜ ਮੁਹਾਲੀ ਦੇ ਐਸਪੀ (ਸਿਟੀ) ਆਕਾਸ਼ਦੀਪ ਸਿੰਘ ਅੌਲਖ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਐਂਟਰੀ ਪੁਆਇੰਟਾਂ ’ਤੇ ਜ਼ਬਰਦਸਤ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਲਕੇ 31 ਦਸੰਬਰ ਨੂੰ ਵੀ ਦਿਨ ਅਤੇ ਰਾਤ ਵੇਲੇ ਸਮੁੱਚੇ ਜ਼ਿਲ੍ਹੇ ਅੰਦਰ ਸਮੂਹ ਐਂਟਰੀ ਪੁਆਇੰਟਾਂ ਅਤੇ ਗੁਆਂਢੀ ਸੂਬਿਆਂ ਨਾਲ ਹੱਦਾਂ ’ਤੇ ਕਰੀਬ ਦੋ ਦਰਜਨ ਨਾਕੇ ਲਗਾਏ ਜਾਣਗੇ ਅਤੇ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ 1500 ਤੋਂ ਵੱਧ ਪੁਲੀਸ ਕਰਮਚਾਰੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਵੱਖਰੇ ਤੌਰ ’ਤੇ ਪੁਲੀਸ ਪੈਦਲ ਅਤੇ ਪੀਸੀਆਰ ਵਾਹਨਾਂ ਰਾਹੀਂ ਗਸ਼ਤ ਵੀ ਕੀਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਪੀ (ਸਿਟੀ) ਆਕਾਸ਼ਦੀਪ ਸਿੰਘ ਅੌਲਖ ਨੇ ਕਿਹਾ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਜ਼ਿਆਦਾਤਰ ਨੌਜਵਾਨਾਂ ਵੱਲੋਂ ਹੋਟਲਾਂ ਅਤੇ ਨਾਈਟ ਕਲੱਬਾਂ ਵਿੱਚ ਜਸ਼ਨ ਮਨਾਏ ਜਾਂਦੇ ਹਨ ਅਤੇ ਅਕਸਰ ਹੁੱਲੜਬਾਜ਼ੀ ਦੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਚੌਕਸੀ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰੋਟੇਸ਼ਨ ਵਿੱਚ ਨਾਕਾਬੰਦੀ ਕੀਤੀ ਜਾਵੇਗੀ ਅਤੇ ਹਰੇਕ ਘੰਟੇ ਬਾਅਦ ਨਾਕੇਬੰਦੀ ਦੀ ਥਾਂ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਤ ਨੂੰ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

ਇਸ ਤੋਂ ਇਲਾਵਾ ਪਬਲਿਕ ਟਰਾਂਸਪੋਰਟ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਜ਼ਾਬਤੇ ਵਿੱਚ ਰਹਿ ਕੇ ਨਵੇਂ ਸਾਲ ਦੇ ਜਸ਼ਨ ਮਨਾਉਣ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲੀਸ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।