
ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 63 ਹਜ਼ਾਰ 520 ਮੀਟਰਿਕ ਟਨ ਕਣਕ ਦੀ ਆਮਦ
ਕਿਸਾਨਾਂ ਨੂੰ ਖਰੀਦੀ ਕਣਕ ਦੀ 92 ਕਰੋੜ 26 ਲੱਖ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ: ਡੀਸੀ ਅਮਿਤ ਤਲਵਾੜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਵੱਖ-ਵੱਖ ਮੰਡੀਆਂ ਵਿੱਚ 63 ਹਜ਼ਾਰ 520 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 63 ਹਜ਼ਾਰ 410 ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਅੱਜ ਸ਼ਾਮ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 15818 ਮੀਟਰਿਕ ਟਨ, ਮਾਰਕਫੈੱਡ ਨੇ 13162 ਮੀਟਰਿਕ ਟਨ, ਪਨਸਪ ਨੇ 8867 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 10865 ਮੀਟਰਿਕ ਟਨ ਅਤੇ ਐਫ਼ਸੀਆਈ ਨੇ ਹੁਣ ਤੱਕ 2027 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ 41 ਹਜ਼ਾਰ 083 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਫਸਲ ਵੀ ਜਲਦੀ ਚੁੱਕ ਲਈ ਜਾਵੇਗੀ।
ਡੀਸੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਬਦਲੇ ਹੁਣ ਤੱਕ ਕਿਸਾਨਾਂ ਨੂੰ 92 ਕਰੋੜ 26 ਲੱਖ ਦੀ ਅਦਾਇਗੀ ਕੀਤੀ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸੁਵਿਧਾ ਲਈ ਹਰ ਸਮੇਂ ਮੰਡੀਆਂ ਵਿੱਚ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀਆਂ ਵਿੱਚ ਕਣਕ ਦੀ ਫਸਲ ਨੂੰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮੇਂ ਸਿਰ ਖਰੀਦੀ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਹੀ ਲੋੜੀਂਦੇ ਪ੍ਰਬੰਧਾਂ ਨੂੰ ਨੇਪਰੇ ਚਾੜ ਲਿਆ ਗਿਆ ਸੀ, ਤਾਂ ਜੋ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਡੀਸੀ ਨੇ ਦੱਸਿਆ ਕਿ ਮੰਡੀਆਂ ਵਿੱਚ ਬਰਦਾਨੇ ਸਮੇਤ ਸਫ਼ਾਈ ਅਤੇ ਸਟਰੀਟ ਲਾਈਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਮਾਮਲੇ ਵਿੱਚ ਅਧਿਕਾਰੀਆਂ ਦੀ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ।